ਆਤਿਸ਼ ਗੁਪਤਾ
ਚੰਡੀਗੜ੍ਹ, 29 ਜੁਲਾਈ
ਸਿਟੀ ਬਿਊਟੀਫੁਲ ਵਿੱਚ ਨਿੱਤ ਵੱਧ ਰਹੇ ਕਰੋਨਾਵਾਇਰਸ ਦੇ ਕੇਸਾਂ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਮੁੜ ਮਾਈਕਰੋ ਕੰਟੇਨਮੈਂਟ ਜ਼ੋਨ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਕੋਵਿਡ-19 ਦੇ ਪ੍ਰਬੰਧਾਂ ਦੀ ਸਮੀਖਿਆ ਬੈਠਕ ਦੌਰਾਨ ਕੀਤਾ ਗਿਆ। ਇਸ ਸਬੰਧੀ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਵੱਖ ਵੱਖ ਇਲਾਕਿਆਂ ਵਿੱਚ ਆਉਣ ਵਾਲੇ ਕਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਜਿਨ੍ਹਾਂ ਇਲਾਕਿਆ ਵਿੱਚੋਂ ਕਰੋਨਾ ਦੇ ਵੱਧ ਕੇਸ ਆ ਰਹੇ ਹਨ, ਉਨ੍ਹਾਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ ਜਾਵੇ। ਸ੍ਰੀ ਪਰੀਦਾ ਨੇ ਸਪੱਸ਼ਟ ਕੀਤਾ ਕਿ ਇਸ ਤਰ੍ਹਾਂ ਜਿੱਥੇ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇਗਾ, ਉੱਥੇ ਹੀ ਇਲਾਕੇ ਦੇ ਹੋਰਾਂ ਲੋਕਾਂ ਨੂੰ ਮੁਸ਼ਕਿਲ ਨਹੀਂ ਹੋਵੇਗੀ। ਸ੍ਰੀ ਬਦਨੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਵਿਸ਼ਵ ਸਿਹਤ ਸੰਸਥਾਨ ਦੇ ਅਧਿਕਾਰੀ ਡਾ. ਸ੍ਰੀਨਿਵਾਸਨ ਨੇ ਬਾਪੂ ਧਾਮ ਕਲੋਨੀ ਨੂੰ ਕੰਟੇਨਮੈਂਟ ਜ਼ੋਨ ਐਲਾਨ ਅਤੇ ਉੱਥੇ ਕੀਤੇ ਪ੍ਰਬੰਧਾਂ ਦੀ ਰਿਪੋਰਟ ਪ੍ਰਸ਼ਾਸਕ ਨੂੰ ਦਿੱਤੀ ਗਈ। ਇਸ ਮੌਕੇ ਵਿਸ਼ਵ ਸਿਹਤ ਸੰਸਥਾਨ ਦੇ ਅਧਿਕਾਰੀ ਨੇ ਬਾਪੂ ਧਾਮ ਕਲੋਨੀ ਸਮੇਤ ਹੋਰਨਾਂ ਇਲਾਕਿਆਂ ਵਿੱਚ ਕੀਤੇ ਗਏ ਪ੍ਰਬੰਧਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਰੋਨਾ ਵਿੱਚ ਕੀਤੇ ਕਾਰਜ ਦੀ ਰਿਪੋਰਟ ਹੋਰਨਾਂ ਖੇਤਰਾਂ ਵਿੱਚ ਭੇਜਣਗੇ। ਪ੍ਰਸ਼ਾਸਕ ਨੇ ਮੁੱਖ ਸਕੱਤਰ ਸਿਹਤ ਅਰੁਣ ਕੁਮਾਰ ਗੁਪਤਾ ਨੂੰ ਸ਼ਹਿਰ ਵਿਚਲੇ ਮਾਈਕਰੋ ਕੰਟੇਨਮੈਂਟ ਜ਼ੋਨ ਅਤੇ ਕਰੋਨਾ ਪ੍ਰਭਾਵਿਤ ਖੇਤਰਾਂ ਦੀ ਰਿਪੋਰਟ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਡੀਜੀਪੀ ਚੰਡੀਗੜ੍ਹ ਸੰਜੇ ਬੈਨੀਵਾਲ ਨੂੰ ਸ਼ਹਿਰ ’ਚ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸ਼ਹਿਰ ਆਉਣ ਵਾਲੇ ਵਿਅਕਤੀਆਂ ਦੀ ਸਖ਼ਤੀ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ।