ਆਤਿਸ਼ ਗੁਪਤਾ
ਚੰਡੀਗੜ੍ਹ, 29 ਨਵੰਬਰ
ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਰਤੇ 39 ਸਾਲਾ ਇਕ ਵਿਅਕਤੀ ਦੀ ਕਰੋਨਾਵਾਇਰਸ ਦੀ ਜਾਂਚ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਉਸ ਦੇ ਇਕ ਪਰਿਵਾਰਕ ਮੈਂਬਰ ਅਤੇ ਨੌਕਰ ਨੂੰ ਵੀ ਕਰੋਨਾ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਯੂਟੀ ਪ੍ਰਸ਼ਾਸਨ ਨੇ ਤਿੰਨਾਂ ਮਰੀਜ਼ਾਂ ਦੇ ਸੈਂਪਲਾਂ ਦਿੱਲੀ ਦੀ ਲੈਬਾਰਟਰੀ ਵਿੱਚ ਭੇਜੇ ਜਾ ਰਹੇ ਹਨ ਤਾਂ ਜੋ ਕਰੋਨਾ ਦੇ ਨਵੇਂ ਸਰੂਪ ਦੀ ਜਾਂਚ ਕੀਤੀ ਜਾ ਸਕੇ। ਉੱਧਰ, ਯੂਟੀ ਪ੍ਰਸ਼ਾਸਨ ਵੱਲੋਂ ਕਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਨਿਯਮਾਂ ਅਨੁਸਾਰ ਇਕਾਂਤਵਾਸ ਕੇਂਦਰ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦਾ ਸੈਕਟਰ 36 ਦਾ 39 ਸਾਲਾ ਵਸਨੀਕ 21 ਨਵੰਬਰ ਨੂੰ ਦੱਖਣੀ ਅਫਰੀਕਾ ਤੋਂ ਪਰਤਿਆ ਸੀ। ਉਸ ਦੀ ਹਵਾਈ ਅੱਡੇ ’ਤੇ ਪਹੁੰਚਣ ਮੌਕੇ ਆਰਟੀ-ਪੀਸੀਆਰ ਟੈਸਟ ਦੀ ਰਿਪੋਰਟ ਨੈਗੇਟਵ ਆਈ ਸੀ। ਯੂਟੀ ਪ੍ਰਸ਼ਾਸਨ ਨੇ ਉਸ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਸੀ। ਉਸ ਦੀ ਇਕ ਹਫ਼ਤੇ ਦੇ ਇਕਾਂਤਵਾਸ ਤੋਂ ਬਾਅਦ 29 ਨਵੰਬਰ ਨੂੰ ਮੁੜ ਆਰਟੀ-ਪੀਸੀਆਰ ਜਾਂਚ ਕੀਤੀ ਗਈ ਤਾਂ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਉਸ ਦੇ ਇਕ ਪਰਿਵਾਰਕ ਮੈਂਬਰ ਅਤੇ ਨੌਕਰ ਦੀ ਰਿਪੋਰਟ ਵੀ ਕਰੋਨਾ ਪਾਜ਼ੇਟਿਵ ਆਈ ਹੈ ਜਦਕਿ ਦੋ ਪਰਿਵਾਰਕ ਮੈਂਬਰਾਂ ਦੀ ਕਰੋਨਾ ਰਿਪੋਰਟ ਨੈਗੇਟਿਵ ਆਈ ਹੈ।
ਉਸ ਦੇ ਇਕ ਪਰਿਵਾਰਕ ਮੈਂਬਰ ਦੀ ਕਰੋਨਾ ਰਿਪੋਰਟ ਆਉਣੀ ਅਜੇ ਬਾਕੀ ਹੈ। ਯੂਟੀ ਦੇ ਪ੍ਰਸ਼ਾਸਨਿਕ ਅਧਿਕਾਰੀ ਨੇ ਦੱਸਿਆ ਕਿ ਪਾਜ਼ੇਟਿਵ ਮਰੀਜ਼ਾਂ ਦੇ ਸੈਂਪਲ ਕਰੋਨਾ ਦੇ ਨਵੇਂ ਸਰੂਪ ਦਾ ਪਤਾ ਲਾਉਣ ਲਈ ਦਿੱਲੀ ਭੇਜੇ ਗਏ ਹਨ।
ਕਰੋਨਾ ਦੇ ਨਵੇਂ ਸਰੂਪ ‘ਓਮੀਕਰੋਨ’ ਬਾਰੇ ਯੂਟੀ ਪ੍ਰਸ਼ਾਸਨ ਚੌਕਸ
ਦੱਖਣੀ ਅਫਰੀਕਾ ਸਣੇ ਇਕ ਦਰਜਨ ਦੇ ਕਰੀਬ ਦੇਸ਼ਾਂ ਵਿੱਚ ਕਰੋਨਾਵਾਇਰਸ ਦੇ ਨਵੇਂ ਸਰੂਪ ‘ਓਮੀਕਰੋਨ’ ਦੇ ਕੇਸ ਸਾਹਮਣੇ ਆਉਣ ਤੋਂ ਬਾਅਦ ਯੂਟੀ ਪ੍ਰਸ਼ਾਸਨ ਵੀ ਚੌਕਸ ਹੋ ਗਿਆ ਹੈ। ਯੂਟੀ ਪ੍ਰਸ਼ਾਸਨ ਨੇ ਸੈਕਟਰ-16, 32, 22, 45 ਅਤੇ ਮਨੀਮਾਜਰਾ ਦੇ ਹਸਪਤਾਲ ਦੀ ਓਪੀਡੀ ਵਿੱਚ ਆਉਣ ਵਾਲੇ ਮਰੀਜ਼ਾਂ ਦੇ ਆਰਟੀ-ਪੀਸੀਆਰ ਟੈਸਟ ਕਰਨ ਦੇ ਆਦੇਸ਼ ਦਿੱਤੇ ਹਨ। ਪੀਜੀਆਈ ਵਿੱਚ ਕਰੋਨਾ ਮਰੀਜ਼ਾਂ ਦੀ ਜਾਣਕਾਰੀ ਪੋਰਟਲ ’ਤੇ ਅਪਲੋਡ ਕਰਨ ਅਤੇ ਸ਼ਹਿਰ ਵਿੱਚ ਵੱਧ ਤੋਂ ਵੱਧ ਲੋਕਾਂ ਦੇ ਕਰੋਨਾ ਵਿਰੋਧੀ ਵੈਕਸੀਨ ਲਗਾਉਣ ਦੀ ਹਦਾਇਤ ਕੀਤੀ ਗਈ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ ਸ਼ਹਿਰ ਦੇ ਹਸਪਤਾਲ ਵਿੱਚ ਬਿਸਤਰਿਆਂ ਅਤੇ ਆਕਸੀਜਨ ਦੀ ਮਾਤਰਾ ਪੂਰੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਕਰੋਨਾ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ। ਅੱਜ ਸ਼ਹਿਰ ਵਿਚ ਕਰੋਨਾਵਾਇਰਸ ਦੇ ਅੱਠ ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਸ਼ਹਿਰ ਵਿਚ ਕਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 65456 ਹੋ ਗਈ ਹੈ ਅਤੇ ਇਸ ਵੇਲੇ ਐਕਟਿਵ ਕੇਸ 58 ਹਨ।