ਪੱਤਰ ਪ੍ਰੇਰਕ
ਚੰਡੀਗੜ੍ਹ, 31 ਮਈ
ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਅਤੇ ਪਿੰਡਾਂ ਵਿੱਚ ਕਰੋਨਾਵਾਇਰਸ ਕਾਰਨ ਅੱਜ 8 ਮਰੀਜ਼ਾਂ ਦੀ ਮੌਤ ਹੋ ਗਈ ਜੋ ਕਿ ਸੈਕਟਰ 44, ਰਾਮਦਰਬਾਰ, ਸੈਕਟਰ 16, 32, 41, 45 ਦੇ ਵਸਨੀਕ ਸਨ ਜਦਕਿ 124 ਹੋਰ ਵਿਅਕਤੀਆਂ ਦੇ ਪਾਜ਼ੇਟਿਵ ਹੋਣ ਦੀ ਜਾਣਕਾਰੀ ਮਿਲੀ ਹੈ। ਅੱਜ 483 ਮਰੀਜ਼ਾਂ ਦਾ ਘਰੇਲੂ ਇਕਾਂਤਵਾਸ ਖ਼ਤਮ ਹੋ ਗਿਆ ਹੈ।
ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸੋਮਵਾਰ ਨੂੰ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਮਹਾਮਾਰੀ ਦੇ 88 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 66 ਹਜ਼ਾਰ 494 ’ਤੇ ਪਹੁੰਚ ਗਈ ਹੈ। ਅੱਜ ਇਕੱਠੇ 322 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 9 ਕਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ।
ਪੰਚਕੂਲਾ (ਪੀ ਪੀ ਵਰਮਾ): ਪੰਚਕੂਲਾ ਵਿੱਚ ਅੱਜ 64 ਨਵੇਂ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਜਦਕਿ ਪੰਚਕੂਲਾ ਜ਼ਿਲ੍ਹੇ ਵਿੱਚ ਕਰੋਨਾ ਕਾਰਨ 2 ਮੌਤਾਂ ਹੋ ਗਈਆਂ। ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ।
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਕਰੋਨਾ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 32 ਨਵੇਂ ਮਾਮਲੇ ਸਾਹਮਣੇ ਆਏ ਹਨ।
ਰੂਪਨਗਰ (ਬਹਾਦਰਜੀਤ ਸਿੰਘ): ਜ਼ਿਲ੍ਹੇ ਵਿੱਚ ਅੱਜ 57 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਮਿਲੇ ਹਨ ਜਦੋਂਕਿ ਇੱਕ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋ ਗਈ। ਇਹ ਜਾਣਕਾਰੀ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਢਾਂਡਾ ਨੇ ਦਿੱਤੀ।
ਅੰਬਾਲਾ (ਰਤਨ ਸਿੰਘ ਢਿੱਲੋਂ): ਜ਼ਿਲ੍ਹੇ ਵਿੱਚ ਕਰੋਨਾ ਕਾਰਨ ਅੱਜ ਦੋ ਮਰੀਜ਼ਾਂ ਦੀ ਮੌਤ ਹੋ ਗਈ ਅਤੇ 52 ਨਵੇਂ ਕੇਸ ਸਾਹਮਣੇ ਆਏ ਹਨ ਜਦੋਂਕਿ 69 ਮਰੀਜ਼ ਡਿਸਚਾਰਜ ਹੋ ਗਏ ਹਨ। ਹੁਣ ਜ਼ਿਲ੍ਹੇ ਵਿੱਚ ਕੁੱਲ 667 ਐਕਟਿਵ ਮਰੀਜ਼ ਬਾਕੀ ਰਹਿ ਗਏ ਹਨ।