ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 13 ਜੁਲਾਈ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਪ੍ਰਕੋਪ ਵਧਦਾ ਜਾ ਰਿਹਾ ਹੈ। ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਕਰੋਨਾਵਾਇਰਸ ਦੇ 31 ਹੋਰ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 423 ਹੋ ਗਈ ਹੈ। ਇਨ੍ਹਾਂ ’ਚ ਸਰਗਰਮ ਕੇਸਾਂ ਦੀ ਗਿਣਤੀ 145 ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਅੱਜ 32 ਹੋਰ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ 14 ਔਰਤਾਂ ਅਤੇ 4 ਸਾਲ ਤੇ 11 ਸਾਲ ਦੇ ਦੋ ਬੱਚੇ ਸ਼ਾਮਲ ਹਨ। ਇਸ ਦੌਰਾਨ ਮੁਹਾਲੀ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ੍ਰੀਮਤੀ ਦੀਪਿਕਾ ਸਿੰਘ ਨੂੰ ਕਰੋਨਾ ਨੇ ਆਪਣੀ ਲਪੇਟ ’ਚ ਲੈ ਲਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ।