ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਦਸੰਬਰ
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕਰੋਨਾ ਮਹਾਮਾਰੀ ਦੇ ਕੇਸਾਂ ਦੀ ਗਿਣਤੀ ਮੁੜ ਵਧਣੀ ਸ਼ੁਰੂ ਹੋ ਗਈ ਹੈ। ਕਰੋਨਾ ਮ੍ਰਿਤਕਾਂ ਦਾ ਅੰਕੜਾ ਵੀ 1076 ’ਤੇ ਹੋ ਚੁੱਕਿਆ ਹੈ। ਸ਼ਹਿਰ ਵਿੱਚ ਕਰੋਨਾ ਦੇ ਪਸਾਰ ਦੇ ਬਾਵਜੂਦ ਨਗਰ ਨਿਗਮ ਚੋਣਾਂ ਵਿੱਚ ਰਾਜਸੀ ਪਾਰਟੀਆਂ ਦੇ ਆਗੂ ਸ਼ਰ੍ਹੇਆਮ ਕਰੋਨਾ ਨਿਯਮਾਂ ਦੀ ਉਲੰਘਣਾ ਕਰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਵੱਲੋਂ ਨਾ ਤਾਂ ਮਾਸਕ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਨਾ ਹੀ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ।
ਨਿਗਮ ਚੋਣਾਂ ਦੇ ਪ੍ਰਚਾਰ ਦੌਰਾਨ ਕਰੋਨਾਵਾਇਰਸ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਲਈ ਚੋਣ ਕਮਿਸ਼ਨ ਨੇ ਸਖਤ ਆਦੇਸ਼ ਜਾਰੀ ਕੀਤੇ ਹਨ। ਜਿਨ੍ਹਾਂ ਨੇ ਘਰ-ਘਰ ਚੋਣ ਪ੍ਰਚਾਰ ਕਰਨ ਲਈ 5, ਨੁਕੜ ਮੀਟਿੰਗਾਂ ਵਿੱਚ 50 ਅਤੇ ਜਨਤਕ ਇਕੱਠਾ ਵਿੱਚ ਅੰਦਰੁਨੀ ਇਕੱਠ ਲਈ 200 ਅਤੇ ਬਾਹਰੀ ਇਕੱਠ ਲਈ 1000 ਜਣਿਆਂ ਨੂੰ ਸ਼ਾਮਲ ਹੋਣ ਦੀ ਪ੍ਰਵਾਨਗੀ ਦਿੱਤੀ ਹੈ। ਰਾਜਸੀ ਨੇਤਾਵਾਂ ਵੱਲੋਂ ਕਰੋਨਾ ਨਿਯਮਾਂ ਦੀ ਕੀਤੀ ਜਾ ਰਹੀ ਉਲੰਘਣਾ ’ਤੇ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਧਰਮਪਾਲ ਨੇ ਚਿੰਤਾ ਜ਼ਾਹਿਰ ਕੀਤੀ ਹੈੈ। ਉਨ੍ਹਾਂ ਕਿਹਾ ਕਿ ਕਰੋਨਾ ਨਿਯਮਾਂ ਦੀ ਉਲੰਘਣਾ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।