ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 5 ਜੁਲਾਈ
ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਆਨੰਦਿਤਾ ਮਿਤਰਾ ਨੇ ਅੱਜ ਸਥਾਨਕ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨਾਲ ਸੈਕਟਰ-46 ਦੀ ਮਾਰਕੀਟ ਦਾ ਦੌਰਾ ਕੀਤਾ ਅਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਚਲਾਏ ਜਾ ਰਹੇ ਜਾਗਰੂਕਤਾ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦਾ ਸੈਕਟਰ 46 ਦੀ ਮਾਰਕੀਟ ਵਿਖੇ ਪੁੱਜਣ ’ਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ‘ਉੱਤਮ’ ਅਤੇ ਹੋਰ ਅਹੁਦੇਦਾਰਾਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਇੱਥੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਜਾਗਰੂਕਤਾ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੱਤੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ‘ਉੱਤਮ’ ਨੇ ਨਿਗਮ ਕਮਿਸ਼ਨਰ ਨੂੰ ਦੱਸਿਆ ਕਿ ਨਗਰ ਨਿਗਮ ਵੱਲੋਂ ਚੰਡੀਗੜ੍ਹ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਪਹਿਲੇ ਦਿਨ ਤੋਂ ਹੀ ਮਾਰਕੀਟ ਦੇ ਦੁਕਾਨਦਾਰਾਂ ਨੇ ਇਥੇ ਖਰੀਦਦਾਰੀ ਕਰਨ ਲਈ ਆਪਣੇ ਨਾਲ ਝੋਲਾ ਲੈ ਕੇ ਆਉਣ ਵਾਲੇ ਗਾਹਕਾਂ ਨੂੰ ਖਰੀਦਦਾਰੀ ਦੇ ਬਿੱਲ ਦੀ ਰਾਸ਼ੀ ’ਤੇ ਦੋ ਫੀਸਦੀ ਦੀ ਛੋਟ ਦਿੱਤੀ ਜਾ ਰਹੀ ਹੈ। ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਇੱਥੋਂ ਦੇ ਸੈਕਟਰ 46 ਸੀ ਦੇ ਸਰਕਾਰੀ ਸਕੂਲ ਵਿੱਚ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਪੇਂਟਿੰਗ ਮੁਕਾਬਲੇ ਦੇ ਜੇਤੂਆਂ ਨੂੰ ਸਥਾਨਕ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਅਤੇ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਆਨੰਦਿਤਾ ਮਿੱਤਰਾ ਨੇ ਇਨਾਮ ਵੰਡੇ। ਇਸ ਦੌਰਾਨ ਕਮਿਸ਼ਨਰ ਨੇ ਪੇਵਰ ਬਲਾਕ ਦੀ ਤਰਸਯੋਗ ਹਾਲਤ ਅਤੇ ਮਾਰਕੀਟ ਵਿੱਚ ਬਣੇ ਮਹਿਲਾ ਪਖਾਨਿਆਂ ਦੀ ਮਾੜੀ ਹਾਲਤ ਦਾ ਨੋਟਿਸ ਲੈਂਦੇ ਹੋਏ ਇਨ੍ਹਾਂ ਦੀ ਜਲਦੀ ਹੀ ਮੁਰੰਮਤ ਕਰਵਾਉਣ ਦਾ ਭਰੋਸਾ ਦਿੱਤਾ। ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਕਮਿਸ਼ਨਰ ਨਾਲ ਇਲਾਕੇ ਦੀਆਂ ਹੋਰ ਸਮੱਸਿਆਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ, ਜਿਸ ’ਤੇ ਨਿਗਮ ਕਮਿਸ਼ਨਰ ਨੇ ਉਨ੍ਹਾਂ ਨੂੰ ਇਹਨਾਂ ਸਮੱਸਿਆਵਾਂ ਬਾਰੇ ਇਸ ਵਿਸਥਾਰ ਡਿਟੇਲ ਬਣਾ ਕੇ ਭੇਜਣ ਲਈ ਕਿਹਾ। ਉਨ੍ਹਾਂ ਇਲਾਕੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਹੀ ਹੱਲ ਕਰਨ ਦਾ ਭਰੋਸਾ ਦਿੱਤਾ। ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਕਰਵਾਏ ਪੇਂਟਿੰਗ ਮੁਕਾਬਲੇ ’ਚ ਪਹਿਲਾ ਇਨਾਮ ਅਮਨ (ਕਲਾਸ 8 ਏ), ਦੂਜਾ ਇਨਾਮ ਅਹਿਮਦ (ਕਲਾਸ 10 ਏ) ਅਤੇ ਤੀਜਾ ਇਨਾਮ ਤਮੰਨਾ (ਕਲਾਸ 8ਬੀ) ਨੇ ਪ੍ਰਾਪਤ ਕੀਤਾ।