ਮੁਕੇਸ਼ ਕੁਮਾਰ
ਚੰਡੀਗੜ੍ਹ, 22 ਅਕਤੂਬਰ
ਚੰਡੀਗੜ੍ਹ ਨਗਰ ਨਿਗਮ ਦੀਆਂ ਅੱਗੇ ਹੋਣ ਵਾਲੀਆਂ ਚੋਣਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਦੇ ਚੋਣ ਵਿਭਾਗ ਵੱਲੋਂ ਰਾਖਵੇਂ ਵਾਰਡਾਂ ਦੇ ਡਰਾਅ ਕੱਢੇ ਜਾਣ ਤੋਂ ਬਾਅਦ ਇਨ੍ਹਾਂ ਚੋਣਾਂ ਨੂੰ ਲੈ ਕੇ ਸ਼ਹਿਰ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਦੇ ਚਾਹਵਾਨ ਪਾਰਟੀ ਵਰਕਰਾਂ ਕੋਲੋਂ ਅਰਜ਼ੀਆਂ ਮੰਗੀਆਂ ਜਾ ਰਹੀਆਂ ਹਨ। ਇਹ ਫ਼ੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਹਰਮੋਹਿੰਦਰ ਸਿੰਘ ਲੱਕੀ ਨੇ ਦੱਸਿਆ ਕਿ ਪਾਰਟੀ ਨੇ ਨਗਰ ਨਿਗਮ ਦੀਆਂ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਚੁਣਨ ਵਿਚ ਪਾਰਦਰਸ਼ਤਾ ਲਿਆਉਣ ਲਈ ਇਸ ਵਾਰ ਇਹ ਚੋਣਾਂ ਲੜਨ ਦੇ ਚਾਹਵਾਨ ਪਾਰਟੀ ਵਰਕਰਾਂ ਕੋਲੋਂ ਅਰਜ਼ੀਆਂ ਮੰਗੀਆਂ ਹਨ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਦੀ ਹੋਈ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਚੰਡੀਗੜ੍ਹ ਪਾਰਟੀ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਚੋਣਾਂ ਲਈ ਉਮੀਦਵਾਰ ਤੈਅ ਕਰਨ ਤੋਂ ਪਹਿਲਾਂ ਬਾਕਾਇਦਾ ਅਰਜ਼ੀਆਂ ਮੰਗਿਆ ਕਰੇਗੀ ਅਤੇ ਉਸ ਤੋਂ ਬਾਅਦ ਹੀ ਉਮੀਦਵਾਰ ਦਾ ਫੈਸਲਾ ਲਿਆ ਜਾਵੇਗਾ। ਲੱਕੀ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਚੋਣਾਂ ਲਈ ਪਾਰਟੀ ਦੀ ਟਿਕਟ ਦਾ ਦਾਅਵਾ ਕਰਨ ਵਾਲੇ ਵਰਕਰ ਸੈਕਟਰ-35 ਸਥਿਤ ਚੰਡੀਗੜ੍ਹ ਕਾਂਗਰਸ ਦੇ ਦਫ਼ਤਰ ਤੋਂ ਅਰਜ਼ੀ ਦਾ ਪ੍ਰੋਫਾਰਮਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰੀ ਲਈ ਅਰਜ਼ੀ ਦੇਣ ਵਾਲੇ ਜਨਰਲ ਕੈਟਾਗਰੀ ਵਾਲਿਆਂ ਨੂੰ 5000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਵਾਲਿਆਂ ਨੂੰ 3000 ਰੁਪਏ ਅਰਜ਼ੀ ਦੇ ਨਾਲ ਜਮ੍ਹਾਂ ਕਰਨੇ ਹੋਣਗੇ। ਇਹ ਅਰਜ਼ੀਆਂ 25 ਅਕਤੂਬਰ ਤੋਂ 10 ਨਵੰਬਰ ਤੱਕ ਪਾਰਟੀ ਦਫ਼ਤਰ ਵੱਲੋਂ ਸਵੀਕਾਰ ਕੀਤੀਆਂ ਜਾਣਗੀਆਂ।
ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ਵਿਚ ਪ੍ਰਚਾਰ ਮੁਹਿੰਮ ਦਾ ਆਗਾਜ਼
ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਚੰਡੀਗੜ੍ਹ ਨਗਰ ਨਿਗਮ ਦੀਆਂ ਦਸੰਬਰ ਮਹੀਨੇ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸ਼ਹਿਰ ਦੀਆਂ ਸਿਆਸੀ ਪਾਰਟੀਆਂ ਨੇ ਕਮਰਕੱਸੇ ਕਰ ਲਏ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (‘ਆਪ’) ਵੱਲੋਂ ਅੱਜ ਤੋਂ ਸ਼ਹਿਰ ਵਿਚ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਤਿੰਨ ਦਿਨ ਤੱਕ ਚੱਲਣ ਵਾਲੀ ਇਸ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਮੌਕੇ ਪਾਰਟੀ ਵਰਕਰਾਂ ਨੇ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੋਸਟਰ ਅਤੇ ਬੈਨਰ ਚੁੱਕ ਕੇ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਚੌਕਾਂ ’ਤੇ ਕੇਜਰੀਵਾਲ ਦੇ ਹੱਕ ਵਿੱਚ ਨਾਅਰੇ ਲਗਾਏ। ਨਾਅਰੇਬਾਜ਼ੀ ਕਰ ਰਹੇ ਪਾਰਟੀ ਵਰਕਰਾਂ ਨੇ ਚੰਡੀਗੜ੍ਹ ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਹਾਕਮ ਧਿਰ ਭਾਜਪਾ ਦਾ ਵਿਰੋਧ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸ਼ਹਿਰ ਵਾਸੀਆਂ ਨੂੰ ਭ੍ਰਿਸ਼ਟਾਚਾਰਮੁਕਤ ਸ਼ਾਸਨ ਲਿਆਉਣ ਲਈ ‘ਆਪ’ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਪਾਰਟੀ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਪ੍ਰੇਮ ਗਰਗ ਅਤੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਨੇ ਸਾਂਝੇ ਤੌਰ ’ਤੇ ਦੋਸ਼ ਲਗਾਇਆ ਕਿ ਭਾਜਪਾ ਅਤੇ ਕਾਂਗਰਸ ਦੋਵੇਂ ਪਾਰਟੀਆਂ ਇੱਕ ਹੀ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਨਗਰ ਨਿਗਮ ਵਿੱਚ ਰਹਿੰਦੇ ਹੋਏ ਪਹਿਲਾਂ ਕਾਂਗਰਸ ਨੇ ਭ੍ਰਿਸ਼ਟਾਚਾਰ ਕੀਤਾ ਅਤੇ ਹੁਣ ਭਾਜਪਾ ਵੀ ਉਸੇ ਰਸਤੇ ’ਤੇ ਚੱਲਦੇ ਹੋਏ ਭਾਰੀ ਟੈਕਸ ਲਗਾ ਕੇ ਜਨਤਾ ਨੂੰ ਲੁੱਟਣ ਦਾ ਕੰਮ ਕਰ ਰਹੀ ਹੈ। ਸ੍ਰੀ ਛਾਬੜਾ ਨੇ ਕਿਹਾ ਕਿ ‘ਆਪ’ ਵੱਲੋਂ ਅੱਜ ਸ਼ੁਰੂ ਕੀਤੀ ਗਈ ਇਸ ਪ੍ਰਚਾਰ ਮੁਹਿੰਮ ਨੂੰ ਸ਼ਹਿਰ ਵਾਸੀਆਂ ਵੱਲੋਂ ਬਹੁਤ ਹੀ ਹੌਂਸਲਾ ਭਰਪੂਰ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ ਵਿੱਚ ਸਾਰੇ ਵਾਰਡਾਂ ਵਿੱਚ ਜਿੱਤ ਹਾਸਲ ਕਰੇਗੀ ਅਤੇ ਸ਼ਹਿਰ ਵਿਚ ਪਾਰਟੀ ਦਾ ਮੇਅਰ ਬਣਾਏਗੀ।