ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 31 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਅਕਤੂਬਰ ਵਿੱਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਕਰਵਾਉਣ ਦੇ ਸੰਕੇਤ ਦੇਣ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਮੁਹਾਲੀ ਦੀ ਨਵੇਂ ਸਿਰਿਓਂ ਵਾਰਡਬੰਦੀ ਕਰਨ ਦਾ ਪੱਤਰ ਜਾਰੀ ਕਰਨ ਤੋਂ ਬਾਅਦ ਸ਼ਹਿਰ ਵਿੱਚ ਨਿਗਮ ਚੋਣਾਂ ਸਬੰਧੀ ਸਿਆਸੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਪਿਛਲੀ ਵਾਰ ਭਾਵੇਂ ਸਾਬਕਾ ਮੇਅਰ ਕੁਲਵੰਤ ਸਿੰਘ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਧੜਿਆਂ ਵਿੱਚ ਵਿਕਾਸ ਦੇ ਨਾਂ ’ਤੇ ਗੱਠਜੋੜ ਕੇ ਨਗਰ ਨਿਗਮ ’ਤੇ ਕਬਜ਼ਾ ਕੀਤਾ ਸੀ ਪਰ ਸਤਾ ਪਰਿਵਰਤਨ ਤੋਂ ਬਾਅਦ ਦੋਵੇਂ ਆਗੂਆਂ ਵਿੱਚ ਸਿਆਸੀ ਦੂਰੀਆਂ ਵੱਧ ਗਈਆਂ ਅਤੇ ਇਨ੍ਹਾਂ ਚੋਣਾਂ ਵਿੱਚ ਦੋਵੇਂ ਧੜੇ ਆਹਮੋ-ਸਾਹਮਣੇ ਹੋਣਗੇ। ਅੱਜ ਅਕਾਲੀ-ਭਾਜਪਾ ਦੇ ਸਾਬਕਾ ਕੌਂਸਲਰਾਂ ਨੇ ਸਾਂਝੀ ਮੀਟਿੰਗ ਕੀਤੀ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਚੋਣ ਲੜਨ ਦਾ ਫੈਸਲਾ ਲੈਂਦਿਆਂ ਚੋਣਾਂ ਸਬੰਧੀ ਕੋਈ ਵੀ ਫੈਸਲਾ ਲੈਣ ਦੇ ਅਧਿਕਾਰ ਕੁਲਵੰਤ ਸਿੰਘ ਸੌਂਪੇ ਗਏ। ਇੱਥੋਂ ਦੇ ਸੈਕਟਰ-91 ਵਿੱਚ ਹੋਈ ਇਸ ਮੀਟਿੰਗ ਦੌਰਾਨ ਅਕਾਲੀ ਦਲ ਅਤੇ ਭਾਜਪਾ ਦੇ ਦੋ ਦਰਜਨ ਤੋਂ ਵੱਧ ਸਾਬਕਾ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਨਿਗਮ ਦੀਆਂ ਆਗਾਮੀ ਚੋਣਾਂ ਸਬੰਧੀ ਵਿਚਾਰ-ਚਰਚਾ ਕੀਤਾ ਗਿਆ। ਇਸ ਮੌਕੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਆਪਣੇ ਸਾਥੀ ਕੌਂਸਲਰਾਂ ਨੂੰ ਚੋਣਾਂ ਦੀ ਤਿਆਰੀਆਂ ਸਬੰਧੀ ਡਟਣ ਲਈ ਪ੍ਰੇਰਿਆ।
ਤਿਆਰੀਆਂ ਜ਼ੋਰਾਂ ਨਾਲ ਵਿੱਢਣ ਦੀ ਅਪੀਲ
ਸਾਬਕਾ ਮੇਅਰ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਵਾਰਡਬੰਦੀ ਵਿੱਚ ਕੋਈ ਤਬਦੀਲੀ ਵੀ ਕੀਤੀ ਜਾਂਦੀ ਹੈ ਤਾਂ ਵੀ ਸ਼ਹਿਰ ਦਾ ਖੇਤਰ ਤਾਂ ਉਹੀ ਰਹਿਣਾ ਹੈ। ਇਸ ਲਈ ਸਾਬਕਾ ਕੌਂਸਲਰਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਬਲਕਿ ਆਪਣੀ ਤਿਆਰੀ ਪੂਰੀ ਰੱਖਣੀ ਚਾਹੀਦੀ ਹੈ ਕਿਉਂਕਿ ਪਿਛਲੇ ਪੰਜ ਸਾਲਾਂ ਵਿੱਚ ਸਾਰੇ ਮੈਂਬਰਾਂ ਨੇ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ-ਭਾਵਨਾ ਨਾਲ ਕੰਮ ਕੀਤਾ ਹੈ। ਮੀਟਿੰਗ ਦੌਰਾਨ ਸਾਬਕਾ ਕੌਂਸਲਰਾਂ ਨੇ ਚੋਣਾਂ ਦੌਰਾਨ ਹੁਕਮਰਾਨਾਂ ਵੱਲੋਂ ਕਥਿਤ ਧੱਕੇਸ਼ਾਹੀ ਕਰਨ ਦੇ ਖ਼ਦਸ਼ੇ ਜਾਹਰ ਕਰਨ ’ਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਸਾਰੇ ਮਿਲ ਕੇ ਲੜਾਈ ਲੜਨਗੇ ਅਤੇ ਜੇਕਰ ਵਿਰੋਧੀ ਧਿਰ ਨੇ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ।