ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 20 ਅਕਤੂਬਰ
ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਨਵੇਂ ਸਿਰਿਓਂ ਵਾਰਡਬੰਦੀ ਲਈ ਸ਼ਹਿਰੀ ਆਬਾਦੀ ਦੇ ਸਰਵੇ ਦਾ ਕੰਮ ਲਗਭਗ ਨੇਪਰੇ ਚੜ੍ਹ ਗਿਆ ਹੈ ਅਤੇ ਚੋਣਾਂ ਤੋਂ ਪਹਿਲਾਂ ਹੀ ਅਕਾਲੀ ਦਲ ਅਤੇ ਭਾਜਪਾ ਦੇ ਸਾਬਕਾ ਕੌਂਸਲਰਾਂ ਨੇ ਹੁਕਮਰਾਨਾਂ ’ਤੇ ਉਨ੍ਹਾਂ ਦੇ ਵਾਰਡਾਂ ਨਾਲ ਕਾਫੀ ਹੱਦ ਤੱਕ ਕਥਿਤ ਛੇੜਛਾੜ ਕਰਨ ਦੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਨਗਰ ਨਿਗਮ ਦੇ ਪ੍ਰਸਤਾਵਿਤ ਵਾਰਡਬੰਦੀ ਖਰੜੇ ’ਤੇ ਝਾਤ ਮਾਰਨ ਲਈ 23 ਅਕਤੂਬਰ ਨੂੰ ਵਾਰਡਬੰਦੀ ਬੋਰਡ ਦੇ ਮੈਂਬਰਾਂ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਵਾਰਡਬੰਦੀ ਦੇ ਖਰੜੇ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਪੂਰੀ ਸੰਭਾਵਨਾ ਹੈ। ਇਸ ਤੋਂ ਬਾਅਦ ਵਾਰਡਬੰਦੀ ਦਾ ਖਰੜਾ ਦਾਅਵੇ ਅਤੇ ਇਤਰਾਜ਼ਾਂ ਲਈ ਨਗਰ ਨਿਗਮ ਦੇ ਦਫ਼ਤਰ ਵਿੱਚ ਲੋਕਾਂ ਦੇ ਦੇਖਣ ਲਈ ਰੱਖਿਆ ਜਾਵੇਗਾ।
ਜਾਣਕਾਰੀ ਅਨੁਸਾਰ ਨਗਰ ਨਿਗਮ ਵੱਲੋਂ ਵਾਰਡਬੰਦੀ ਸਬੰਧੀ ਸ਼ਹਿਰ ਦਾ ਸਰਵੇ ਕਰਨ ਲਈ ਕਰੀਬ 35 ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਵੱਲੋਂ ਘਰ-ਘਰ ਜਾ ਕੇ ਆਬਾਦੀ ਦੇ ਅੰਕੜੇ ਇਕੱਠੇ ਕੀਤੇ ਗਏ ਹਨ। ਸਰਕਾਰ ਦੀਆਂ ਹਦਾਇਤਾਂ ’ਤੇ ਨਵੀਂ ਵਾਰਡਬੰਦੀ ਦਾ ਖਰੜਾ ਤਿਆਰ ਕਰਨ ਦਾ ਕੰਮ ਕਾਫ਼ੀ ਤੇਜ਼ੀ ਨਾਲ ਚਲ ਰਿਹਾ ਹੈ ਅਤੇ ਆਉਂਦੇ ਇੱਕ ਦੋ ਦਿਨਾਂ ਵਿੱਚ ਖਰੜਾ ਤਿਆਰ ਹੋ ਜਾਣ ਦੀ ਸੰਭਾਵਨਾ ਹੈ, ਜਿਸ ਨੂੰ ਵਾਰਡਬੰਦੀ ਬੋਰਡ ਦੀ ਮੀਟਿੰਗ ਵਿੱਚ ਪੇਸ਼ ਕੀਤਾ ਜਾਣਾ ਹੈ।