ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 6 ਜੂਨ
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਮੁਹਾਲੀ ਦੇ ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਬੈਂਸ ਤੇ ਠੇਕੇਦਾਰ ਹਰਮਿੰਦਰ ਸਿੰਘ ਦਾ ਚਾਰ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ। ਡੀਐੱਫ਼ਓ ਤੇ ਠੇਕੇਦਾਰ ਵਿਰੁੱਧ ਡਬਲਿਊਡਬਲਿਊਆਈਸੀਐੱਸ ਕੰਪਨੀ ਦੇ ਮਾਲਕ ਦਵਿੰਦਰ ਸਿੰਘ ਸੰਧੂ ਦੀ ਸ਼ਿਕਾਇਤ ’ਤੇ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ’ਤੇ ਦੋ ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ।