ਕੌਂਸਲ ਮੁਲਾਜ਼ਮਾਂ ਦੀ ਹੜਤਾਲ ਖ਼ਤਮ
ਖਰੜ ਨਗਰ ਕੌਂਸਲ ਦੀ ਪ੍ਰਧਾਨ ਅੰਜੂ ਚੰਦਰ ਵੱਲੋਂ ਕੌਂਸਲ ਮੁਲਾਜ਼ਮਾਂ ਦੀਆਂ ਬਦਲੀਆਂ ਦੇ ਹੁਕਮ ਵਾਪਸ ਲੈ ਲਏ ਗਏ ਅਤੇ ਇਸ ਨਾਲ ਕੌਸਲ ਦੇ ਮੁਲਾਜ਼ਮਾਂ ਨੇ ਆਪਣੀ ਹੜਤਾਲ ਸਮਾਪਤ ਕਰ ਦਿੱਤੀ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੌਂਸਲ ਪ੍ਰਧਾਨ ਨੇ ਕਿਹਾ ਕਿ ਉਨਾਂ ਵੱਲੋਂ ਕੀਤੀਆਂ ਬਦਲੀਆਂ ਨੂੰ ਲੈ ਕੇ ਯੂਨੀਅਨ ਕਰਮਚਾਰੀਆਂ ਦੇ ਵਿੱਚ ਗਲਤ ਫਹਿਮੀਆਂ ਹੋ ਗਈਆਂ ਸਨ। ਉਨਾਂ ਕਿਹਾ ਕਿ ਖਰੜ ਦੇ ਲੋਕ ਟੁੱਟੀਆਂ ਸੜਕਾਂ ਤੇ ਸ਼ਹਿਰ ਦੇ ਰੁਕੇ ਵਿਕਾਸ ਕਾਰਜਾਂ ਨੂੰ ਲੈ ਕੇ ਬਹੁਤ ਪ੍ਰੇਸ਼ਾਨ ਸਨ, ਇਸ ਕਰਕੇ ਉਨਾਂ ਨੇ ਮੁਲਾਜਮਾਂ ਦੀ ਬਦਲੀ ਕੀਤੀ ਸੀ ਤਾਂ ਕਿ ਖਰੜ ਸ਼ਹਿਰ ਦਾ ਵਿਕਾਸ ਹੋ ਸਕੇ ਪਰ ਮੁਲਾਜਮਾਂ ਵਲੋਂ ਇਸ ਗੱਲ ਨੂੰ ਲੈ ਕੇ ਧਰਨਾ ਲਗਾਇਆ ਗਿਆ ਸੀ ਕਿ ਮੁਲਾਜ਼ਮਾਂ ਦੀਆਂ ਬਦਲੀਆਂ ਕਰਨਾ ਨਗਰ ਕੌਂਸਲ ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦਾ ਜਿਸ ਕਰਕੇ ਉਨ੍ਹਾਂ ਨਗਰ ਕੌਂਸਲ ਦੀ ਪ੍ਰਧਾਨ ਖ਼ਿਲਾਫ਼ ਦੋ ਦਿਨਾਂ ਤੋਂ ਧਰਨਾ ਦਿੱਤਾ ਹੋਇਆ ਸੀ।
ਦੂਜੇ ਪਾਸੇ ਨਗਰ ਕੌਂਸਲ ਯੂਨੀਅਨ ਦੇ ਪ੍ਰਧਾਨ ਅਮਿਤ ਕੁਮਾਰ ਜੀ ਐਮ ਸਿੰਘ ਅਤੇ ਹਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਹੈ ਕਿ ਜੇਕਰ ਮੁਲਾਜ਼ਮਾਂ ਵਿੱਚ ਕਿਸੇ ਕਿਸਮ ਦੀ ਕੋਈ ਤਰੁੱਟੀ ਪਾਈ ਜਾਂਦੀ ਹੈ ਜਾਂ ਉਹ ਕੰਮ ਨਹੀਂ ਕਰ ਰਹੇ ਤਾਂ ਉਹ ਇਸ ਸਬੰਧੀ ਮੁਲਾਜ਼ਮਾਂ ਨੂੰ ਕਹਿ ਸਕਦੇ ਹਨ ਪਰ ਮੁਲਾਜ਼ਮਾਂ ਦੀਆਂ ਬਦਲੀਆਂ ਕਰਨੀਆਂ ਠੀਕ ਨਹੀਂ। ਉਨਾਂ ਕਿਹਾ ਕਿ ਸਾਰੇ ਮੁਲਾਜ਼ਮ ਖਰੜ ਸ਼ਹਿਰ ਦੇ ਵਿਕਾਸ ਲਈ ਪ੍ਰਧਾਨ ਦੇ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹਨ।