ਮੁਕੇਸ਼ ਕੁਮਾਰ
ਚੰਡੀਗੜ੍ਹ, 28 ਜੂਨ
ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਨਗਰ ਨਿਗਮ ਦੇ ਵਾਰਡ ਨੰਬਰ 10 ਤੋਂ 18 ਦੇ ਕੌਂਸਲਰਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ। ਇਸ ਮੌਕੇ ਕੌਂਸਲਰਾਂ ਨੇ ਉਨ੍ਹਾਂ ਪ੍ਰਾਜੈਕਟਾਂ ਅਤੇ ਵਿਕਾਸ ਦੇ ਮੁੱਦੇ ਰੱਖੇ ਜਿਨ੍ਹਾਂ ਵੱਲ ਪ੍ਰਸ਼ਾਸਨ ਦੇ ਧਿਆਨ ਦੀ ਲੋੜ ਹੈ। ਇਨ੍ਹਾਂ ਵਿੱਚ ਡਿਸਪੈਂਸਰੀਆਂ ਵਰਗੀਆਂ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਅਤੇ ਵੱਖ-ਵੱਖ ਸੈਕਟਰਾਂ ਵਿੱਚ ਸੰਪਰਕ ਕੇਂਦਰਾਂ ਨੂੰ ਵਿਕਸਤ ਕਰਨ ਦੀ ਲੋੜ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ’ਤੇ ਸਲਾਹਕਾਰ ਨੇ ਯੋਗ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਸਲਾਹਕਾਰ ਨੇ ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਅਪਗ੍ਰੇਡ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਇਸ ਸਬੰਧੀ ਸਮੇਂ ਸਿਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਕੌਂਸਲਰਾਂ ਨੇ ਕੁਝ ਸੈਕਟਰਾਂ ਵਿੱਚ ਲਟਕਦੀਆਂ ਬਿਜਲੀ ਅਤੇ ਕੇਬਲ ਤਾਰਾਂ ਦਾ ਮੁੱਦਾ ਵੀ ਉਠਾਇਆ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਲਾਹਕਾਰ ਨੇ ਇੰਜਨੀਅਰਿੰਗ ਵਿਭਾਗ ਨੂੰ ਛੇ ਮਹੀਨਿਆਂ ਵਿੱਚ ਇਸ ਸਮੱਸਿਆ ਦਾ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਸਕੂਲਾਂ ਦੀ ਦੇਖਭਾਲ ਅਤੇ ਰੱਖ-ਰਖਾਅ ਕੌਂਸਲਰਾਂ ਲਈ ਇਕ ਹੋਰ ਚਿੰਤਾ ਸੀ। ਸ੍ਰੀ ਧਰਮਪਾਲ ਨੇ ਦੱਸਿਆ ਕਿ ਉਹ ਨਿੱਜੀ ਤੌਰ ’ਤੇ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਉਨ੍ਹਾਂ ਨੇ ਸਿੱਖਿਆ ਸਕੱਤਰ ਨੂੰ ਗਰਮੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਪਹਿਲਾਂ ਸਕੂਲਾਂ ਦਾ ਨਿਰੀਖਣ ਜਾਰੀ ਰੱਖਣ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਚੀਫ ਆਰਕੀਟੈਕਟ ਅਤੇ ਚੀਫ ਇੰਜਨੀਅਰ ਨੂੰ ਸਾਂਝੇ ਤੌਰ ’ਤੇ ਸਾਈਟਾਂ ਦਾ ਦੌਰਾ ਕਰਨ ਲਈ ਵੀ ਕਿਹਾ। ਇਸੇ ਦੌਰਾਨ ਫੈਸਲਾ ਕੀਤਾ ਗਿਆ ਕਿ ਸੈਕਟਰ 35 ਤੇ 22 ਤੋਂ ਇਲਾਵਾ ਹੁਣ ਸੈਕਟਰ-15 ਵਿੱਚ ਵੀ ਪਾਰਕਿੰਗ ਨੀਤੀ ਦਾ ਅਧਿਐਨ ਕੀਤਾ ਜਾਵੇਗਾ।