ਪੱਤਰ ਪ੍ਰੇਰਕ
ਚੰਡੀਗੜ੍ਹ, 26 ਨਵੰਬਰ
ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐਮ.ਸੀ. ਇੰਪਲਾਈਜ਼ ਐਂਡ ਵਰਕਰਜ਼ ਦੀ ਅਗਵਾਈ ਹੇਠ ਕੇਂਦਰ ਸਰਕਾਰ ਤੇ ਯੂਟੀ ਪ੍ਰਸ਼ਾਸਨ ਦੇ ਕਥਿਤ ਮੁਲਾਜ਼ਮ ਵਿਰੋਧੀ ਰਵੱਈਏ ਖਿਲਾਫ਼ ਕੀਤੇ ਜਾ ਰਹੇ ਸੰਘਰਸ਼ ਨੂੰ ਉਦੋਂ ਹੋਰ ਹੁਲਾਰਾ ਮਿਲਿਆ ਜਦੋਂ ਸੀਟੀਯੂ ਦੀਆਂ ਦੋ ਯੂਨੀਅਨਾਂ ਨੇ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਅੱਜ ਸੈਕਟਰ-43 ਬੱਸ ਅੱਡੇ ’ਤੇ ਸੀਟੀਯੂ ਕੰਡਕਟਰਜ਼ ਯੂਨੀਅਨ ਤੇ ਸੀਟੀਯੂ ਐਸ.ਸੀ./ਬੀ.ਸੀ. ਵੈੱਲਫੇਅਰ ਐਸੋਸੀਏਸ਼ਨ ਨੇ ਇਕੱਠ ਕਰਕੇ ਨਾਅਰੇਬਾਜ਼ੀ ਕੀਤੀ ਤੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ ਤੇ ਪੈਟਰਨ ਸ਼ਾਮ ਲਾਲ ਘਾਵਰੀ ਨੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੂੰ ਮੁਲਾਜ਼ਮਾਂ ਦੇ ਮਸਲੇ ਹੱਲ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਰਕਾਰੀ ਅਦਾਰਿਆਂ ਨੂੰ ਖਤਮ ਕਰਨ ਦੇ ਰਾਹ ਤੁਰ ਪਈ ਹੈ ਤੇ ਕਿਰਤ ਕਾਨੂੰਨਾਂ ਵਿੱਚ ਸੋਧ ਦੇ ਨਾਂ ’ਤੇ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ ਹੋ ਰਿਹਾ ਹੈ। ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਅਧਿਕਾਰੀ ਤਿਆਰ ਨਹੀਂ ਹਨ ਜਿਸ ਕਰਕੇ ਮੁਲਾਜ਼ਮਾਂ ਨੂੰ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ 10 ਦਸੰਬਰ ਨੂੰ ਸੀਟੀਯੂ ਦੇ ਮੁਲਾਜ਼ਮ ਗਵਰਨਰ ਹਾਊਸ ਵੱਲ ਕੀਤੇ ਜਾ ਰਹੇ ਰੋਸ ਮਾਰਚ ਵਿੱਚ ਸ਼ਾਮਲ ਹੋਣਗੇ।