ਕੁਲਦੀਪ ਸਿੰਘ
ਚੰਡੀਗੜ੍ਹ, 17 ਦਸੰਬਰ
ਸੀ.ਟੀ.ਯੂ. ਵਰਕਰਜ਼ ਯੂਨੀਅਨ (ਸਾਂਝਾ ਮੋਰਚਾ) ਦੀ ਅਗਵਾਈ ਵਿੱਚ ਸੀ.ਟੀ.ਯੂ. ਦੀਆਂ ਸਾਰੀਆਂ ਜਥੇਬੰਦੀਆਂ ਨੇ ਕਿਲੋਮੀਟਰ ਸਕੀਮ ਵਿੱਚ ਲਿਆਂਦੀਆਂ ਜਾ ਰਹੀਆਂ ਪ੍ਰਾਈਵੇਟ ਬੱਸਾਂ ਖ਼ਿਲਾਫ਼ ਅੱਜ ਸੈਕਟਰ 17 ਸਥਿਤ ਲੋਕਲ ਬੱਸ ਸਟੈਂਡ ਵਿੱਚ ਧਰਨਾ ਦਿੱਤਾ। ਧਰਨੇ ਵਿੱਚ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ), ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਪਲਾਈਜ਼ ਯੂ.ਟੀ. ਐਂਡ ਚੰਡੀਗੜ੍ਹ, ਯੂਨਾਈਟਿਡ ਫਰੰਟ ਆਫ਼ ਮਾਸ ਆਰਗੇਨਾਈਜੇਸ਼ਨ ਚੰਡੀਗੜ੍ਹ ਅਤੇ ਸੰਯੁਕਤ ਕਰਮਚਾਰੀ ਮੋਰਚਾ ਸ਼ਾਮਲ ਹੋਇਆ। ਹੱਥਾਂ ਵਿੱਚ ਕਾਲ਼ੀਆਂ ਝੰਡੀਆਂ ਫੜ ਕੇ ਯੂ.ਟੀ. ਪ੍ਰਸ਼ਾਸਨ ਅਤੇ ਚੰਡੀਗੜ੍ਹ ਵਿੱਚ ਸੱਤਾਧਾਰੀ ਧਿਰ ਭਾਰਤੀ ਜਨਤਾ ਪਾਰਟੀ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਦਾ ਵਿਰੋਧ ਕੀਤਾ ਅਤੇ ਹੋਰ ਕਈ ਮੰਗਾਂ ਪੂਰੀਆਂ ਕਰਨ ਦੀ ਮੰਗ ਰੱਖੀ।
ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਯੂਨੀਅਨ ਪ੍ਰਧਾਨ ਧਰਮਿੰਦਰ ਸਿੰਘ ਰਾਹੀ, ਵਾਈਸ ਪ੍ਰਧਾਨ ਚਰਨਜੀਤ ਸਿੰਘ ਢੀਂਡਸਾ, ਜਨਰਲ ਸਕੱਤਰ ਸਤਿੰਦਰ ਸਿੰਘ, ਕੈਸ਼ੀਅਰ ਤੇਜਵੀਰ ਸਿੰਘ, ਰਣਜੀਤ ਸਿੰਘ ਹੰਸ, ਗੁਰਮੇਲ ਸਿੰਘ ਦਾਰਾ, ਨਿਰਮਲ ਸਿੰਘ, ਦਰਸ਼ਨ ਸਿੰਘ, ਹਰਭਜਨ ਸਿੰਘ, ਮਟਕਾ ਚੌਂਕ ਤੋਂ ਬਾਬਾ ਲਾਭ ਸਿੰਘ, ਵਿਦਿਆਰਥੀ ਆਗੂ ਅਮਨਦੀਪ ਕੌਰ, ਜਸਵਿੰਦਰ ਕੌਰ ਬਹਿਲਾਣਾ ਤੇ ਬਲਰਾਜ ਸਿੰਘ ਆਦਿ ਨੇ ਕਿਹਾ ਕਿ ਪ੍ਰਾਈਵੇਟ ਕਿਲੋਮੀਟਰ ਸਕੀਮ ਦੀਆਂ ਬੱਸਾਂ ਨੂੰ ਸੀ.ਟੀ.ਯੂ. ਵਿੱਚ ਪਾਉਣ ਦਾ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਹੈ ਜੋ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ ਵਿੱਚ ਖੇਡਦੀ ਆ ਰਹੀ ਚੰਡੀਗੜ੍ਹ ਦੀ ਅਫ਼ਸਰਸ਼ਾਹੀ ਮੁਨਾਫ਼ੇ ਵਿੱਚ ਚੱਲ ਰਹੇ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਨ ਵਿੱਚ ਜੁਟੀ ਹੋਈ ਹੈ ਜਿਸ ਦਾ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਯੂਨੀਅਨ ਨੇ ਯੂ.ਟੀ. ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਲੋਮੀਟਰ ਸਕੀਮ ਦੀਆਂ ਪ੍ਰਾਈਵੇਟ ਬੱਸਾਂ ਦੇ ਟੈਂਡਰ ਵਿੱਚ ਕੋਈ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸੀ.ਟੀ.ਯੂ. ਵਿੱਚ ਕਿਸੇ ਵੀ ਸਮੇਂ ਹੜਤਾਲ ਹੋ ਸਕਦੀ ਹੈ। ਧਰਨਾਕਾਰੀਆਂ ਦਾ ਪ੍ਰੋਗਰਾਮ ਯੂ.ਟੀ. ਸਕੱਤਰੇਤ ਦੇ ਘਿਰਾਓ ਕਰਨ ਦਾ ਸੀ ਪ੍ਰੰਤੂ ਡਾਇਰੈਕਟਰ ਟਰਾਂਸਪੋਰਟ ਪ੍ਰਦੁੱਮਣ ਸਿੰਘ, ਐਸ.ਡੀ.ਐਮ. ਪਲਕ ਅਰੋੜਾ ਅਤੇ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਮੌਕੇ ਉੱਤੇ ਪਹੁੰਚ ਕੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਅਤੇ ਯੂਨੀਅਨ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਜਿਸ ਉਪਰੰਤ ਧਰਨਾ ਸਮਾਪਤ ਕੀਤਾ ਗਿਆ।