ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਘਟਣ ਦੇ ਨਾਲ-ਨਾਲ ਯੂਟੀ ਪ੍ਰਸ਼ਾਸਨ ਨੇ ਆਪਣੀਆਂ ਸਾਰੀਆਂ ਸੇਵਾਵਾਂ ਪਹਿਲਾਂ ਵਾਂਗ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸੇ ਤਰਜ਼ ’ਤੇ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਨੇ ਵੀ ਹਿਮਾਚਲ ਪ੍ਰਦੇਸ਼ ਵਿੱਚ ਵੀਰਵਾਰ ਤੋਂ ਬੱਸ ਸਰਵਿਸ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ ਜਦੋਂਕਿ ਪੰਜਾਬ ਅਤੇ ਹਰਿਆਣਾ ਵਿੱਚ ਚੱਲ ਰਹੀਆਂ ਬੱਸਾਂ ਦੀ ਗਿਣਤੀ ਵਧਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾਵਾਇਰਸ ਦੀ ਦੂਰੀ ਲਹਿਰ ਦੇ ਆਉਣ ਕਰ ਕੇ ਸੀਟੀਯੂ ਨੇ ਅੰਤਰ-ਰਾਜੀ ਬੱਸ ਸਰਵਿਸ ਬੰਦ ਕਰ ਦਿੱਤੀ ਸੀ। ਕਰੋਨਾ ਕੇਸਾਂ ਦੀ ਗਿਣਤੀ ਘਟਣ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਵਿੱਚ ਕੁਝ ਬੱਸਾਂ ਸ਼ੁਰੂ ਕਰ ਦਿੱਤੀਆਂ ਪਰ ਹਿਮਾਚਲ ਪ੍ਰਦੇਸ਼ ਵਿੱਚ ਬੱਸ ਸਰਵਿਸ ਸ਼ੁਰੂ ਨਹੀਂ ਕੀਤੀ ਗਈ ਸੀ। ਸੀਟੀਯੂ ਨੇ ਹੁਣ ਪਹਿਲਾਂ ਵਾਂਗ ਹਿਮਾਚਲ ਪ੍ਰਦੇਸ਼ ਦੇ 11 ਡਿਪੂਆਂ ’ਤੇ ਬੱਸ ਸਰਵਿਸ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਉਤਰਾਖੰਡ ਸਰਕਾਰ ਵੱਲੋਂ ਬੱਸਾਂ ਚਲਾਉਣ ਲਈ ਪ੍ਰਵਾਨਗੀ ਨਾ ਦਿੱਤੇ ਜਾਣ ਕਰ ਕੇ ਹਾਲੇ ਉਤਰਾਖੰਡ ਵਿੱਚ ਸੀਟੀਯੂ ਦੀਆਂ ਬੱਸਾਂ ਨਹੀਂ ਜਾਣਗੀਆਂ।