ਆਤਿਸ਼ ਗੁਪਤਾ
ਚੰਡੀਗੜ੍ਹ, 6 ਜਨਵਰੀ
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਲਗਾਤਾਕ ਵੱਧ ਰਹੇ ਕਰੋਨਾ ਮਰੀਜ਼ਾਂ ਦੀ ਗਿਣਤੀ ਨੂੰ ਵੇਖਦਿਆਂ ਪਾਬੰਦੀਆਂ ਦਾ ਘੇਰਾ ਵਧਾ ਦਿੱਤਾ ਗਿਆ ਹੈ। ਸ਼ਹਿਰ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਹੋ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪ੍ਰੋਹਿਤ ਨੇ ਕਰੋਨਾ ਪ੍ਰਬੰਧਾਂ ਦੀ ਸਮੀਖਿਆ ਬੈਠਕ ਦੌਰਾਨ ਲਿਆ। ਇਹ ਹੁਕਮ 7 ਜਨਵਰੀ ਤੋਂ ਲਾਗੂ ਕੀਤੇ ਗਏ ਹਨ। ਪ੍ਰਸ਼ਾਸਨ ਨੇ ਸ਼ਹਿਰ ਵਿੱਚ ਧਾਰਾ 144 ਲਾਗੂ ਕਰਦਿਆਂ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ। ਮੀਟਿੰਗ ਵਿੱਚ ਅੰਤਰਰਾਜੀ ਆਵਾਜਾਈ ਨੂੰ ਛੋਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
ਪ੍ਰਸ਼ਾਸਨ ਨੇ ਸ਼ਹਿਰ ਵਿਚਲੇ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਹੋਰਨਾਂ ਸਿੱਖਿਆ ਅਦਾਰਿਆਂ ਨੂੰ ਵੀ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸਿੱਖਿਆ ਅਦਾਰਿਆਂ ਨੂੰ ਆਨ-ਲਾਈਨ ਪੜ੍ਹਾਈ ਨੂੰ ਤਰਜੀਹ ਦੇਣ ਲਈ ਪ੍ਰੇਰਿਆ ਗਿਆ ਹੈ। ਜਦੋਂ ਕਿ ਮੈਡੀਕਲ, ਨਰਸਿੰਗ ਕਾਲਜਾਂ ਵਿੱਚ ਪੜ੍ਹਾਈ ਪਹਿਲਾਂ ਵਾਂਗ ਜਾਰੀ ਰਹੇਗੀ। ਸ਼ਹਿਰ ਵਿੱਚਲੇ ਸਾਰੇ ਸਰਕਾਰੀ ਅਤੇ ਨਿੱਜੀ ਦਫ਼ਤਰਾਂ ਵਿੱਚ 50 ਫ਼ੀਸਦ ਸਟਾਫ਼ ਨੂੰ ਸੱਦਣ ਦੇ ਆਦੇਸ਼ ਦਿੱਤੇ ਗਏ ਹਨ। ਜਦੋਂ ਕਿ ਰਹਿੰਦੇ 50 ਫ਼ੀਸਦ ਸਟਾਫ਼ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਹੈ ਤਾਂ ਜੋ ਸਮਾਜਿਕ ਦੁੂਰੀ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।
ਸ਼ਹਿਰ ਵਿਚਲੇ ਬਾਰ, ਸਿਨੇਮਾ ਘਰ, ਮਲਟੀਪਲੈਕਸ, ਮਾਲਜ਼, ਰੈਸਟੋਰੈਂਟ, ਸਪਾਅ, ਮਿਊਜ਼ੀਅਮ ਨੂੰ ਵੀ 50 ਫ਼ੀਸਦ ਸਮਰੱਥਾ ਨਾਲ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜਿੰਮ, ਸਵੀਮਿੰਗ ਪੂਲ ਅਤੇ ਸਪੋਰਟਸ ਕੰਪਲੈਕਸਾਂ ਨੂੰ ਵੀ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਅੰਦਰੁਨੀ ਸਮਾਗਮਾਂ ਵਿੱਚ 50 ਅਤੇ ਬਾਹਰੀ ਸਮਾਗਮ ਵਿੱਚ 100 ਜਣਿਆਂ ਦੇ ਇਕੱਠ ਦੀ ਇਜਾਜ਼ਤ ਦਿੱਤੀ ਹੈ। ਯੂਟੀ ਪ੍ਰਸ਼ਾਸਕ ਨੇ ਸ਼ਹਿਰ ਵਿੱਚ ਵੱਧ ਰਹੇ ਕਰੋਨਾਵਾਇਰਸ ਦੇ ਕੇਸਾਂ ’ਤੇ ਚਿੰਤਾ ਜ਼ਾਹਿਰ ਕੀਤੀ।
ਸੈਕਟਰ-26 ਦੀ ਮੰਡੀ ਵਿੱਚ ਆਮ ਲੋਕਾਂ ਦਾ ਦਾਖਲਾ ਬੰਦ
ਯੂਟੀ ਪ੍ਰਸ਼ਾਸਨ ਨੇ ਸੈਕਟਰ-26 ਦੀ ਸਬਜ਼ੀ ਮੰਡੀ ਵਿੱਚ ਲੋਕਾਂ ਦੀ ਭੀੜ ਘਟਾਉਣ ਲਈ ਆਮ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਸਿਰਫ਼ ਰੇਹੜੀ/ਫੜੀ ਵਾਲਾ ਹੀ ਜਾ ਸਕੇ ਸਬਜ਼ੀ ਦੀ ਖਰੀਦ ਕਰ ਸਕੇਗਾ। ਉਸ ਲਈ ਵੀ ਮੁਕੰਮਲ ਟੀਕਾਕਰਨ ਦੀ ਸ਼ਰਤ ਰੱਖੀ ਗਈ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਬਜ਼ੀ ਦਾ ਕਾਰੋਬਾਰ ਕਰਨ ਵਾਲਿਆਂ ਨੂੰ 10 ਜਨਵਰੀ ਤੱਕ ਮੁਕੰਮਲ ਟੀਕਾਕਰਨ ਕਰਵਾਉਣ ਦੇ ਆਦੇਸ਼ ਦਿੱਤੇ ਹਨ ਜਿਸ ਤੋਂ ਬਾਅਦ ਹੀ ਮੰਡੀ ਵਿੱਚ ਦਾਖਲਾ ਮਿਲ ਸਕੇਗਾ।
ਭੀੜ-ਭੜੱਕੇ ਵਾਲੀਆਂ ਮਾਰਕੀਟਾਂ 5 ਵਜੇ ਬੰਦ਼ ਕਰਨ ਦੇ ਹੁਕਮ
ਪ੍ਰਸ਼ਾਸਨ ਨੇ ਸ਼ਹਿਰ ਵਿੱਚ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਨੂੰ 5 ਵਜੇ ਬੰਦ ਕਰਨ ਦੇ ਆਦੇਸ਼ ਦਿੱਤੇ ਹਨ ਜਿਨ੍ਹਾਂ ਵਿੱਚ ਸੈਕਟਰ-19 ’ਚ ਸਥਿਤ ਪਾਲਿਕਾ ਬਾਜ਼ਾਰ, ਸਦਰ ਬਾਜ਼ਾਰ, ਸੈਕਟਰ-15 ਦੀ ਪਟੇਲ ਮਾਰਕੀਟ, ਸੈਕਟਰ-22 ਦੀ ਸ਼ਾਸਤਰੀ ਮਾਰਕੀਟ, ਸੈਕਟਰ-41 ਦੀ ਕ੍ਰਿਸ਼ਨਾ ਮਾਰਕੀਟ ਅਤੇ ਆਪਣੀ ਮੰਡੀਆਂ ਵੀ ਸ਼ਾਮਲ ਹਨ। ਪ੍ਰਸ਼ਾਸਨ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।