ਆਤਿਸ਼ ਗੁਪਤਾ
ਚੰਡੀਗੜ੍ਹ, 28 ਅਪਰੈਲ
ਸਿਟੀ ਬਿਊਟੀਫੁੱਲ ਵਿੱਚ ਵਧਦੇ ਜਾ ਰਹੇ ਕਰੋਨਾਵਾਇਰਸ ਦੇ ਕੇਸਾਂ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਨੇ ਪੰਜਾਬ ਤੇ ਹਰਿਆਣਾ ਦੀ ਤਰਜ਼ ’ਤੇ ਚੰਡੀਗੜ੍ਹ ਵਿੱਚ ਵੀ ਰਾਤ ਦੇ ਕਰਫਿਊ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸ਼ਹਿਰ ’ਚ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲੱਗੇਗਾ। ਜਦੋਂਕਿ ਸ਼ਹਿਰ ਦੇ ਬਾਜ਼ਾਰ 5 ਵਜੇ ਬੰਦ ਕਰ ਦਿੱਤੇ ਜਾਣਗੇ। ਸਿਰਫ਼ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਮਿਲੇਗੀ। ਇਹ ਫ਼ੈਸਲਾ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਅਗਵਾਈ ਹੇਠ ਅਧਿਕਾਰੀਆਂ ਨਾਲ ਹੋਈ ਕਰੋਨਾ ਪ੍ਰਬੰਧਾਂ ਦੀ ਸਮੀਖਿਆ ਬੈਠਕ ਵਿੱਚ ਲਿਆ ਗਿਆ।
ਪ੍ਰਸ਼ਾਸਕ ਨੇ ਕਿਹਾ ਕਿ ਜ਼ਰੂਰੀ ਵਸਤੂਆਂ ਦੀ ਹੋਮ ਡਿਲੀਵਰੀ ਨੂੰ ਰਾਤ 9 ਵਜੇ ਤੱਕ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਗੈਰ ਜ਼ਰੂਰੀ ਆਵਾਜਾਈ ਪੁਰੀ ਤਰ੍ਹਾਂ ਬੰਦ ਰਹੇਗੀ। ਇਹ ਫ਼ੈਸਲਾ 29 ਅਪਰੈਲ ਦਿਨ ਵੀਰਵਾਰ ਤੋਂ ਹੀ ਲਾਗੂ ਹੋਵੇਗਾ। ਉਨ੍ਹਾਂ ਰਾਤ ਦੇ ਕਰਫਿਊ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਚੰਡੀਗੜ੍ਹ ਪੁਲੀਸ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਹਿਰ ਵਿੱਚਲੇ ਸਾਰੇ ਸਕੂਲ, ਕਾਲਜ, ਲਾਈਬ੍ਰੇਰੀ ਤੇ ਹੋਰ ਸਿੱਖਿਆ ਅਦਾਰਿਆਂ ਨੂੰ 15 ਮਈ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਸਰਕਾਰੀ ਦਫ਼ਤਰਾਂ ਵਿੱਚ 50 ਫ਼ੀਸਦ ਸਟਾਫ਼ ਹਾਜ਼ਰ ਰਹੇਗਾ।
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਮਾਜਿਕ, ਸੱਭਿਆਚਾਰਕ, ਰਾਜਨੀਤਕ ਤੇ ਧਾਰਮਿਕ ਸਮਾਗਮਾਂ ’ਤੇ ਪਾਬੰਦੀ ਰਹੇਗੀ। ਵਿਆਹ ’ਚ 50 ਤੇ ਸਸਕਾਰ ਵਿੱਚ 20 ਜਣੇ ਸ਼ਾਮਲ ਹੋ ਸਕਣਗੇ। ਬੱਸਾਂ ਵੀ 50 ਫ਼ੀਸਦ ਸਵਾਰੀਆਂ ਨਾਲ ਚੱਲਣਗੀਆਂ। ਪ੍ਰਸ਼ਾਸਨਿਕ ਅਧਿਕਾਰੀ ਨੇ ਕਿਹਾ ਕਿ ਏਅਰਪੋਰਟ ਤੇ ਰੇਲਵੇ ਸਟੇਸ਼ਨ ਰਾਹੀਂ ਬਾਹਰੋਂ ਆਉਣ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਜਾਵੇ।
ੳਨ੍ਹਾਂ ਕਿਹਾ ਕਿ ਭਾਰਤੀ ਫੌਜ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਕੌਮਾਂਤਰੀ ਹੋਸਟਲ ’ਚ 100 ਬੈੱਡਾਂ ਦਾ ਹਸਪਤਾਲ ਬਣਾਇਆ ਜਾ ਰਿਹਾ ਹੈ। ਜਿਸ ਦੀ ਦੇਖ-ਰੇਖ ਲਈ ਉਮਾ ਸ਼ੰਕਰ ਗੁਪਤਾ ਪੀਸੀਐੱਸ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ। ਜੋ ਫੌਜ ਦੇ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਪ੍ਰਸ਼ਾਸਕ ਨੇ ਕਰੋਨਾ ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਵੇਖਦਿਆਂ ਹਸਪਤਾਲ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ ਕਿ ਹੋਰ ਆਈਸੀਯੂ ਬੈੱਡਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਦੇ ਨਾਲ ਹੀ ਕਰੋਨਾ ਦੇ ਮਾਮੂਲੀ ਲੱਛਣਾਂ ਵਾਲੇ ਮਰੀਜ਼ਾਂ ਨੂੰ ਕਰੋਨਾ ਕੇਅਰ ਸੇਂਟਰ ’ਚ ਸ਼ਿਫ਼ਟ ਕਰਨ ਦੇ ਆਦੇਸ਼ ਦਿੱਤੇ।
ਯੂਟੀ ਵਿਚਲੇ ਹਸਪਤਾਲਾਂ ’ਚ ਡਾਕਟਰਾਂ ਤੇ ਸਿਹਤ ਕਾਮਿਆਂ ਨਾਲ ਲੋਕਾਂ ਵੱਲੋਂ ਕੀਤੇ ਜਾ ਰਹੇ ਦੁਰਵਿਵਹਾਰ ਨੂੰ ਵੇਖਦਿਆਂ ਯੂਟੀ ਦੇ ਪ੍ਰਸ਼ਾਸਕ ਨੇ ਪੁਲੀਸ ਨੂੰ ਹਦਾਇਤਾਂ ਦਿੱਤੀਆਂ ਕਿ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਸਪਤਾਲ ਤੇ ਹੋਰ ਕਰੋਨਾ ਪ੍ਰਬੰਧਨ ਵਾਲੀਆਂ ਥਾਵਾਂ ’ਤੇ ਸੁਰੱਖਿਆ ਮੁਲਾਜ਼ਮ ਤਾਇਨਾਤ ਕਰਨ ਦੀ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਇਲਾਵਾ ਸ਼ਹਿਰ ਵਿੱਚ ਰਾਤ ਦੇ ਕਰਫਿਊ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ। ਪ੍ਰਸ਼ਾਸਕ ਨੇ ਸਿਹਤ ਵਿਭਾਗ ਨੂੰ ਆਕਸੀਜਨ ਦੇ ਭੰਡਾਰਨ ਸਬੰਧੀ ਕੰਟਰੋਲ ਰੂਮ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ।
ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਸ਼ਹਿਰ ਵਿੱਚ ਕਰੋਨਾਵਾਇਸ ਦੇ ਵਧਦੇ ਕੇਸਾਂ ਨੂੰ ਵੇਖਦਿਆਂ ਸ਼ਹਿਰ ਵਿਚਲੇ ਜਿਮ, ਸਪਾ ਤੇ ਸਿਨੇਮਾ ਘਰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਦੇ ਪਸਾਰ ਨੂੰ ਰੋਕਣ ਲਈ ਅਜਿਹੀ ਪਾਬੰਦੀਆਂ ਲਗਾਉਣੀਆਂ ਜ਼ਰੂਰੀ ਹਨ।
ਕਰੋਨਾ ਵੈਕਸੀਨ ਲਗਾਉਣ ਵਾਲੇ ਘਰਾਂ ਦੇ ਬਾਹਰ ਸਟਿੱਕਰ ਲਗਾਏ ਜਾਣ: ਪਰੀਦਾ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਸ਼ਹਿਰ ਵਾਸੀਆਂ ਨੂੰ ਕਰੋਨਾ ਵੈਕਸੀਨ ਲਗਵਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਰੈਜੀਡੇਂਟ ਵੈਲਫੇਅਰ ਐਸੋਸੀਏਸ਼ਨ ਨੂੰ ਅਪੀਲ ਕੀਤੀ ਕਿ ਜਿਹੜੇ ਘਰਾਂ ’ਚ ਸਾਰੇ ਜੀਆਂ ਨੇ ਕਰੋਨਾ ਵੈਕਸੀਨ ਦਾ ਟੀਕਾ ਲਗਵਾ ਲਿਆ ਹੈ, ਉਨ੍ਹਾਂ ਦੇ ਘਰ ਦੇ ਬਾਹਰ ਸਟਿੱਕਰ ਲਾ ਕੇ ਸਨਮਾਨਿਤ ਕੀਤਾ ਜਾਵੇ।