ਸਰਬਜੀਤ ਸਿੰਘ ਭੱਟੀ
ਲਾਲੜੂ, 12 ਅਪਰੈਲ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਐਸ.ਸੀ ਭਾਈਚਾਰੇ ਸਬੰਧੀ ਕੀਤੀ ਇਤਰਾਜ਼ਯੋਗ ਟਿੱਪਣੀ ਦੇ ਚਲਦੇ ਭਾਈਚਾਰੇ ਦੇ ਲੋਕਾਂ ਵਿੱਚ ਸਖਤ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਚਲਦੇ ਅੱਜ ਸਮੂਹ ਦਲਿਤ ਭਾਈਚਾਰੇ ਨੇ ਇਕੱਠੇ ਹੋ ਕੇ ਆਈ.ਟੀ.ਆਈ ਚੋਂਕ ਲਾਲੜੂ ਵਿਖੇ ਜਾਖੜ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਗੁਰਨਾਮ ਸਿੰਘ ਆਟਾਚੱਕੀ, ਪੂਰਨ ਚੰਦ, ਧਰਮਿੰਦਰ ਦੱਪਰ, ਜਗਤਾਰ ਸਿੰਘ ਰਾਠੀ, ਜਸਬੀਰ ਸਿੰਘ, ਗੁਰਸੇਵਕ ਸਿੰਘ ਸਮੇਤ ਨਗਰ ਕੌਂਸਲ ਸਫਾਈ ਕਰਮਚਾਰੀ ਯੂਨੀਅਨ ਦੇ ਚੈਅਰਮੇਨ ਸੁਖਵਿੰਦਰ ਸਿੰਘ, ਪ੍ਰਧਾਨ ਪਰਵੀਨ ਕੁਮਾਰ, ਬਿੱਟੁ, ਰਛਪਾਲ, ਮਹਿੰਦਰਪਾਲ, ਬਲਕਾਰ ਨੇ ਟਿੱਪਣੀ ’ਤੇ ਸਖਤ ਇਤਰਾਜ਼ ਕਰਦੇ ਹੋਏ ਕਿਹਾ ਕਿ ਇਸ ਨਾਲ ਭਾਈਚਾਰੇ ਦੇ ਲੋਕਾਂ ਦੇ ਮਨਾਂ ਨੁੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਕਾਂਗਰਸੀ ਪਾਰਟੀ ਦੀ ਹਾਈਕਮਾਂਡ ਤੋਂ ਮੰਗ ਕੀਤੀ ਕਿ ਸੁਨੀਲ ਜਾਖੜ ਨੂੰ ਤੁਰੰਤ ਪਾਰਟੀ ’ਚੋਂ ਕੱਢਿਆ ਜਾਵੇ ਅਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਜਾਵੇ।