ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਸਤੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਸਾਨਾਂ ਵਾਂਗ ਗਰੀਬ ਦਲਿਤ ਸਮਾਜ ਵੱਲੋਂ ਸਿਆਸੀ ਲੋਕਾਂ ਕੋਲੋਂ ਸਵਾਲ ਪੁੱਛੇ ਜਾਣ ਦੀ ਮੁਹਿੰਮ ਨੂੰ ਜਾਗਰੂਕਤਾ ਮੁਹਿੰਮ ਕਰਾਰ ਦਿੰਦਿਆਂ ਇਸ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਝੂਠੇ ਵਾਅਦਿਆਂ ਅਤੇ ਫ਼ੋਕੇ ਲਾਰਿਆਂ ਨਾਲ ਸਿਆਸੀ ਪਾਰਟੀਆਂ ਗਰੀਬਾਂ, ਦਲਿਤਾਂ ਅਤੇ ਕਿਸਾਨਾਂ ਸਮੇਤ ਕਿਸੇ ਵੀ ਵਰਗ ਨੂੰ ਗੁੰਮਰਾਹ ਨਹੀਂ ਕਰ ਸਕਣਗੀਆਂ। ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧਰਾਮ, ਰੁਪਿੰਦਰ ਕੌਰ ਰੂਬੀ, ਮਾਸਟਰ ਬਲਦੇਵ ਸਿੰਘ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਅਤੇ ਜਗਤਾਰ ਸਿੰਘ ਹਿੱਸੋਵਾਲ ਨੇ ਸਾਂਝੇ ਬਿਆਨ ’ਚ ਕਿਹਾ ਕਿ ਸੱਤਾਧਾਰੀ ਕਾਂਗਰਸ ਨੇ ਗਰੀਬ ਅਤੇ ਦਲਿਤ ਸਮਾਜ ਨਾਲ ਪਿਛਲੀ ਅਕਾਲੀ ਦਲ-ਭਾਜਪਾ ਸਰਕਾਰ ਵਾਂਗ ਗਿਣਮਿੱਥ ਕੇ ਧੋਖ਼ੇ ਕੀਤੇ ਅਤੇ ਦਲਿਤ ਵਰਗ ਨੂੰ ਵੋਟ ਬੈਂਕ ਵਜੋਂ ਵਰਤ ਕੇ ਸੁੱਟ ਦਿੱਤਾ। ਸ੍ਰੀਮਤੀ ਮਾਣੂੰਕੇ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ 114 ਪਿੰਡਾਂ ਤੋਂ ਸ਼ੁਰੂ ਹੋਈ ਇਹ ਮੁਹਿੰਮ ਸਾਰੇ ਪੰਜਾਬ ’ਚ ਫੈਲਣੀ ਚਾਹੀਦੀ ਹੈ ਤਾਂ ਕਿ 2022 ਦੀਆਂ ਚੋਣਾ ਦੇ ਮੱਦੇਨਜ਼ਰ ਕੋਈ ਵੀ ਸਿਆਸੀ ਪਾਰਟੀ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਨਾ ਕਰ ਸਕਣ। ਉਨ੍ਹਾਂ ਨੇ ਲੋਕਾਂ ਨੂੰ ਧੋਖੇ ਤੋਂ ਬਚਾਉਣ ਲਈ ਭਾਰਤੀ ਚੋਣ ਕਮਿਸ਼ਨ ਕੋਲੋਂ ਸਿਆਸੀ ਪਾਰਟੀਆਂ ਦੇ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਾਇਰੇ ’ਚ ਲਿਆ ਕੇ ਕਾਨੂੰਨੀ ਦਸਤਾਵੇਜ਼ ਦਾ ਦਰਜਾ ਦੇਣ ਦੀ ਮੰਗ ਕੀਤੀ।