ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ ਜ਼ਮੀਨਾਂ ਦੇ ਰਿਕਾਰਡ ਨੂੰ ਡਿਜੀਟਲ ਰੂਪ ’ਚ ਤਿਆਰ ਕਰਨ ਲਈ ਸ਼ੁਰੂ ਕੀਤੇ ਨਕਸ਼ਾ ਪਾਇਲੈਟ ਪ੍ਰਾਜੈਕਟ ਨੂੰ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਨਕਸ਼ਾ ਪ੍ਰਾਜੈਕਟ ਤਹਿਤ ਸ਼ਹਿਰ ਦੇ 15 ਸੈਕਟਰਾਂ ਅਤੇ ਪੰਜ ਪਿੰਡਾਂ ਦਾ ਸਾਰਾ ਜ਼ਮੀਨੀ ਰਿਕਾਰਡ ਡਰੋਨਾਂ ਰਾਹੀਂ ਇਕੱਠਾ ਕਰ ਲਿਆ ਹੈ। ਅੱਜ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਸ਼ਹਿਰ ਦੀਆਂ ਜ਼ਮੀਨਾਂ ਦਾ ਰਿਕਾਰਡ ਡਿਜੀਟਲ ਕਰਨ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੈਂਡ ਰਿਕਾਰਡ ਨੂੰ ਡਿਜੀਟਲ ਕਰਨ ਦੇ ਕੰਮਕਾਜ ਦਾ ਜਾਇਜ਼ਾ ਵੀ ਲਿਆ।
ਡੀ ਸੀ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਸ਼ਹਿਰ ਦੀ ਜ਼ਮੀਨਾਂ ਦਾ ਸਾਰਾ ਰਿਕਾਰਡ ਆਨਲਾਈਨ ਕਰਨ ਦਾ ਕੰਮ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੀਤਾ ਜਾ ਰਿਹਾ ਹੈ। ਇਸੇ ਕਰ ਕੇ ਯੂਟੀ ਪ੍ਰਸ਼ਾਸਨ ਵੱਲੋਂ ਡਰੋਨ ਦੀ ਮਦਦ ਨਾਲ ਸ਼ਹਿਰ ਦੀਆਂ ਸਾਰੀਆਂ ਇਮਾਰਤਾਂ ਅਤੇ ਖਾਲੀ ਪਏ ਪਲਾਟਾਂ ਦਾ ਰਿਕਾਰਡ ਵੀ ਡਿਜੀਟਲ ਢੰਗ ਨਾਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਨਾਗਰਿਕ ਤਸਦੀਕ ’ਤੇ ਕੇਂਦ੍ਰਿਤ ਹੈ, ਜਿਸ ਨਾਲ ਜਾਇਦਾਦ ਮਾਲਕ ਪਾਰਦਰਸ਼ੀ ਡਿਜੀਟਲ ਪਲੈਟਫਾਰਮ ਜ਼ਰੀਏ ਆਪਣੀ ਜਾਣਕਾਰੀ ਦੀ ਪੁਸ਼ਟੀ ਅਤੇ ਅਪਡੇਟ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਨਕਸ਼ਾ ਪ੍ਰਾਜੈਕਟ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਕਸ਼ਾ ਪ੍ਰਾਜੈਕਟ ਦੇ ਲਾਗੂ ਹੋਣ ਤੋਂ ਬਾਅਦ ਇਹ ਪਹਿਲ ਚੰਡੀਗੜ੍ਹ ਦੇ ਨਾਗਰਿਕਾਂ ਲਈ ਉਪਯੋਗੀ ਸਿੱਧ ਹੋਵੇਗੀ। ਇਹ ਨਾ ਕੇਵਲ ਜਾਇਦਾਦ ਨਾਲ ਸਬੰਧਤ ਪ੍ਰਕਿਰਿਆਵਾਂ ਨੂੰ ਸਰਲ ਬਣਾਵੇਗੀ, ਬਲਕਿ ਪਾਰਦਰਸ਼ਤਾ ਵਧਾ ਕੇ ਵਿਵਾਦਾਂ ਨੂੰ ਘਟਾਵੇਗੀ।

