ਪੱਤਰ ਪ੍ਰੇਰਕ
ਰੂਪਨਗਰ, 3 ਜੂਨ
ਵਿਸ਼ਵ ਸਾਈਕਲ ਦਿਵਸ ਮੌਕੇ ਨਹਿਰੂ ਯੁਵਾ ਕੇਂਦਰ ਰੂਪਨਗਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਸਾਈਕਲ ਰੈਲੀ ਕੱਢੀ ਗਈ। ਰੈਲੀ ਦੌਰਾਨ ਜ਼ਿਲ੍ਹੇ ਵਿੱਚ ਲਗਪਗ 500 ਨੌਜਵਾਨਾਂ ਨੇ ਹਿੱਸਾ ਲਿਆ। ਸਾਈਕਲ ਰੈਲੀ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਝੰਡੀ ਦਿਖਾ ਕੇ ਕੀਤੀ। ਸਾਈਕਲ ਰੈਲੀ ਦੀ ਸਮਾਪਤੀ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਤੇ ਡੀਸੀ ਸ੍ਰੀਮਤੀ ਯਾਦਵ ਵੱਲੋਂ ਸਾਈਕਲ ਰੈਲੀ ਵਿੱਚ ਸ਼ਮੂਲੀਅਤ ਕਰਨ ਵਾਲਿਆਂ ਨੂੰ ਸਰਟੀਫਿਕੇਟ ਦਿੱਤੇ ਗਏ।
ਡੇਰਾਬੱਸੀ (ਨਿੱਜੀ ਪੱਤਰ ਪ੍ਰੇਰਕ): ਸਰਕਾਰੀ ਕਾਲਜ ਦੀ ਪ੍ਰਿੰਸੀਪਲ ਪ੍ਰੋਫ਼ੈਸਰ ਡਾ. ਅਮਨਦੀਪ ਕੌਰ ਦੀ ਅਗਵਾਈ ਹੇਠ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਵੱਲੋਂ ਵਾਤਾਵਰਣ ਨੂੰ ਸਵੱਛ ਰੱਖਣ ਅਤੇ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਈਕਲ ਰੈਲੀ ਕੱਢੀ ਗਈ। ਪ੍ਰੋਫੈਸਰ ਸਿੰਮੀ ਜੌਹਲ ਨੇ ਇਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਫ਼ਤਹਿਗੜ੍ਹ ਸਾਹਿਬ ਵਿੱਚ ਸਾਇਕਲ ਰੈਲੀ ਕੱਢੀ ਗਈ, ਜਿਸ ਵਿਚ ਵਿਧਾਇਕ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ’ਤੇ ਹਿੱਸਾ ਲਿਆ। ਡਿਪਟੀ ਕਮਿਸ਼ਨਰ ਪ੍ਰਨੀਤ ਸ਼ੇਰਗਿੱਲ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾਈ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਅੰਬਾਲਾ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿਚ ਅੱਜ ਸਾਈਕਲ ਰੈਲੀਆਂ ਕੀਤੀਆਂ ਗਈਆਂ। ਇਸੇ ਤਰ੍ਹਾਂ ਪਿੰਡ ਭਰੇੜੀ ਕਲਾਂ ਵਿਚ, ਬਿਲਾਸਪੁਰ, ਦਹੀਆ ਮਾਜਰਾ, ਧੁਰਾਲਾ, ਬਟੋਰਨ ਅਤੇ ਆਰੀਆ ਗਰਲਜ਼ ਕਾਲਜ ਅੰਬਾਲਾ ਛਾਉਣੀ ਵਿੱਚ ਸਾਈਕਲ ਰੈਲੀਆਂ ਕੱਢੀਆਂ ਗਈਆਂ।
ਪੰਚਕੂਲਾ (ਪੱਤਰ ਪ੍ਰੇਰਕ): ਲੋਕ ਸਭਾ ਮੈਂਬਰ ਰਤਨ ਲਾਲ ਕਟਾਰੀਆ ਨੇ ਵਿਸ਼ਵ ਸਾਈਕਲ ਦਿਵਸ ਮੌਕੇ ਸ਼ਹੀਦ ਮੇਜਰ ਸੰਦੀਪ ਸਾਂਖਲਾ ਚੌਕ ਸੈਕਟਰ-2 ਤੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ੍ਰੀ ਕਟਾਰੀਆ ਨੇ ਕਿਹਾ ਕਿ ਸਾਈਕਲਿੰਗ ਸਿਹਤ ਦੇ ਨਾਲ ਨਾਲ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਵੀ ਬਚਾਉਂਦੀ ਹੈ।