ਡੀਸੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 13 ਜੁਲਾਈ
ਡਿਪਟੀ ਕਮਿਸ਼ਨਰ ਡਾ. ਪੱਲਵੀ ਦੀ ਅਗਵਾਈ ਹੇਠ ਪਿੰਡ ਲਸੋਈ ਵਿੱਚ ਲੱਗੇ ਵਿਸ਼ੇਸ਼ ਜਨ ਸੁਵਿਧਾ ਕੈਂਪ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਕੈਂਪ ਵਿੱਚ ਐੱਸਡੀਐੱਮ ਅਪਰਨਾ, ਐਕਸੀਅਨ ਹਰਵਿੰਦਰ ਸਿੰਘ, ਡੀਡੀਪੀਓ ਰਿੰਪੀ ਗਰਗ, ਨਾਇਬ ਤਹਿਸੀਲਦਾਰ ਜਗਦੀਪ ਇੰਦਰ ਸਿੰਘ ਸੋਢੀ, ਐੱਸਡੀਓ ਯੁੱਧਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ ’ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਐੱਸਡੀਐੱਮ ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਲੱਗਣ ਵਾਲੇ ਕੈਂਪਾਂ ਦੀ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਨੰਬਰਦਾਰਾਂ ਅਤੇ ਧਾਰਮਿਕ ਸਥਾਨਾਂ ਤੋਂ ਇਲਾਵਾ ਹੋਰ ਸਾਧਨਾਂ ਰਾਹੀਂ ਕੈਂਪਾਂ ਬਾਰੇ ਸੂਚਨਾ ਦੇਣ ਤਾਂ ਜੋ ਲੋਕ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਵਿਧਾਇਕ ਅਮਰਗੜ੍ਹ ਜਸਵੰਤ ਸਿੰਘ ਗੱਜਣਮਾਜਰਾ ਦੀ ਪਤਨੀ ਪਰਮਿੰਦਰ ਕੌਰ ਮੰਡੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜਿਹੇ ਕੈਂਪ ਲਗਾ ਕੇ ‘ਸਰਕਾਰ ਲੋਕਾਂ ਦੀਆਂ ਬਰੂਹਾਂ ’ਤੇ ਲਿਜਾਣ’ ਦਾ ਕੀਤਾ ਵਾਅਦਾ ਨਿਭਾਅ ਦਿੱਤਾ ਹੈ।