ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 6 ਦਸੰਬਰ
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕੌਮਾਂਤਰੀ ਜਥੇਬੰਦੀ ਜੀ-20 ਗਰੁੱਪ ਸੰਮੇਲਨ ਅਤੇ ਫਰਵਰੀ ਵਿੱਚ ਹੋਣ ਵਾਲੇ ਇਨਵੈਸਟਰ ਸੰਮੇਲਨ ਸਬੰਧੀ ਅਗਾਊਂ ਤਿਆਰੀਆਂ ਦਾ ਅੱਜ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲਿਆ।
ਇਸ ਦੌਰਾਨ ਉਨ੍ਹਾਂ ਸ਼ਹਿਰ ਦੇ ਸੁੰਦਰੀਕਰਨ ਲਈ ਏਅਰਪੋਰਟ ਸੜਕ ਸਮੇਤ ਵੱਖ-ਵੱਖ ਥਾਵਾਂ ‘ਤੇ ਕੀਤੀ ਜਾ ਰਹੀ ਸਾਫ਼-ਸਫ਼ਾਈ ਅਤੇ ਹੋਰਨਾਂ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਦਾ ਸੁੰਦਰੀਕਰਨ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਏਅਰਪੋਰਟ ਅਥਾਰਟੀ ਨਾਲ ਵੀ ਵੱਖਰੇ ਤੌਰ ‘ਤੇ ਮੀਟਿੰਗ ਕੀਤੀ ਅਤੇ ਉਪਰੋਕਤ ਸਮਾਗਮਾਂ ਦੀ ਸਫਲਤਾ ਲਈ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਗਮਾਡਾ, ਨਗਰ ਨਿਗਮ ਅਤੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਬਕਾਇਆ ਕੰਮਾਂ ਨੂੰ ਛੇਤੀ ਹੱਲ ਕਰਨ ਦੇ ਆਦੇਸ਼ ਦਿੱਤੇ। ਡੀਸੀ ਅਮਿਤ ਤਲਵਾੜ ਨੇ ਦੱਸਿਆ ਕਿ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਚੰਡੀਗੜ੍ਹ ਦੇ ਰਸਤੇ ਜੀ-20 ਗਰੁੱਪ ਵਿੱਚ ਸ਼ਾਮਲ ਵੱਖ-ਵੱਖ ਦੇਸ਼ਾਂ ਦੇ ਝੰਡੇ ਲਗਾਉਣ ਲਈ ਏਅਰਪੋਰਟ ਅਥਾਰਟੀ ਨੂੰ ਪਹਿਲਾਂ ਹੀ ਕਹਿ ਦਿੱਤਾ ਗਿਆ ਹੈ ਜਦਕਿ ਏਅਰਪੋਰਟ ਤੋਂ ਚੰਡੀਗੜ੍ਹ ਜਾਣ ਵਾਲੇ ਸੜਕੀ ਰਸਤਿਆਂ ‘ਤੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਲਈ ਗਮਾਡਾ ਅਤੇ ਪੀ.ਡਬਲਯੂ.ਡੀ ਨੂੰ ਨਿਰਦੇਸ਼ ਦਿੱਤੇ ਗਏ ਹਨ। ਨਗਰ ਨਿਗਮ ਵੱਲੋਂ ਸ਼ਹਿਰ ਦੀ ਸਾਫ਼-ਸਫ਼ਾਈ ਅਤੇ ਸੜਕੀ ਰਸਤਿਆਂ ਦੇ ਸੁੰਦਰੀਕਰਨ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਹੈ ਅਤੇ ਅਧਿਕਾਰੀਆਂ ਨੂੰ ਇਹ ਕੰਮ ਛੇਤੀ ਨੇਪਰੇ ਚਾੜ੍ਹਨ ਦੇ ਆਦੇਸ਼ ਦਿੱਤੇ। ਡੀਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਜੀ-20 ਸਕੱਤਰੇਤ ਦੇ ਨੋਡਲ ਅਫ਼ਸਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਜਨਵਰੀ ਅਤੇ ਮਾਰਚ 2023 ਵਿੱਚ ਵਿੱਤ (30 ਜਨਵਰੀ ਤੋਂ 31 ਜਨਵਰੀ) ਅਤੇ ਖੇਤੀਬਾੜੀ (9 ਮਾਰਚ ਤੋਂ 11 ਮਾਰਚ) ਸਬੰਧੀ ਦੋ ਮੀਟਿੰਗਾਂ ਹੋਣੀਆਂ ਹਨ। ਜ਼ਿਕਰਯੋਗ ਹੈ ਕਿ ਜੀ-20 ਦੇਸ਼ਾਂ ਵਿੱਚ ਵਿਸ਼ਵ ਦੀਆਂ ਪ੍ਰਮੁੱਖ ਵਿਕਸਿਤ ਅਤੇ ਵਿਕਾਸਸ਼ੀਲ ਅਰਥਵਿਵਸਥਾਵਾਂ ਸ਼ਾਮਲ ਹਨ।
ਇਸ ਮੌਕੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਐਸਡੀਐਮ ਸਰਬਜੀਤ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤਰਸੇਮ ਚੰਦ, ਅਸਿਸਟੈਂਟ ਕਮਿਸ਼ਨਰ ਵਰਿੰਦਰ ਜੈਨ, ਸੁਪਰਡੈਂਟ ਨਰੇਸ਼ ਬੱਤਾ ਅਤੇ ਪਾਵਰਕੌਮ ਦੇ ਅਧਿਕਾਰੀ ਮੌਜੂਦ ਸਨ।