ਹਰਜੀਤ ਸਿੰਘ
ਜ਼ੀਰਕਪੁਰ, 11 ਸਤੰਬਰ
ਚੰਡੀਗੜ੍ਹ ਅੰਬਾਲਾ ਕੌਮੀ ਸ਼ਾਹਰਾਹ ’ਤੇ ਬੈਸਟ ਪ੍ਰਾਈਸ ਸਟੋਰ ਦੇ ਸਾਹਮਣੇ ਅੱਜ ਦੁਪਹਿਰ ਇਕ ਵਜੇ ਹਰਿਆਣਾ ਰੋਡਵੇਜ਼ ਦੀ ਬੱਸ ਦੇ ਚਾਲਕ ਨੇ ਮੋਟਰਸਾਈਕਲ ਸਵਾਰ ਦੋ ਭਰਾਵਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਮੋਟਰਸਾਈਕਲ ਚਾਲਕ ਬੱਸ ਦੇ ਟਾਇਰ ਹੇਠ ਦਰੜਿਆ ਗਿਆ ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਉਸ ਦੇ ਨਾਲ ਸਵਾਰ ਉਸ ਦਾ ਵੱਡਾ ਭਰਾ ਦੂਜੇ ਪਾਸੇ ਡਿੱਗ ਕੇ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ 34 ਸਾਲਾ ਦਾ ਮੁਹੰਮਦ ਖਾਨ ਵਾਸੀ ਮੁਲਾਂਪੁਰ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਆਪਣੇ ਭਰਾ ਨਾਲ ਅੰਬਾਲਾ ਜਾ ਰਿਹਾ ਸੀ।
ਜਾਣਕਾਰੀ ਅਨੁਸਾਰ ਮ੍ਰਿਤਕ ਮੁਹੰਮਦ ਖਾਨ ਆਪਣੇ ਵੱਡੇ ਭਰਾ ਨਾਲ ਮੁੱਲਾਪੁਰ ਤੋਂ ਅੰਬਾਲਾ ਮੋਟਰਸਾਈਕਲ ’ਤੇ ਜਾ ਰਿਹਾ ਸੀ। ਇਸ ਦੌਰਾਨ ਜਦ ਉਹ ਬੈਸਟ ਪ੍ਰਾਈਸ ਦੇ ਸਾਹਮਣੇ ਪਹੁੰਚੇ ਤਾਂ ਇਕ ਹਰਿਆਣਾ ਰੋਡਵੇਜ਼ ਦੀ ਬੱਸ ਦੇ ਚਾਲਕ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ। ਹਾਦਸੇ ਵਿੱਚ ਮੋਟਰਸਾਈਕਲ ਬੱਸ ਵਾਲੇ ਪਾਸੇ ਡਿੱਗ ਕੇ ਟਾਇਰ ਹੇਠ ਦਰੜਿਆ ਗਿਆ ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦ ਕਿ ਉਸ ਦਾ ਵੱਡਾ ਭਰਾ ਦੂਜੇ ਪਾਸੇ ਡਿੱਗ ਕੇ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋਣ ਲੱਗਿਆ ਜਿਸ ਨੂੰ ਲੋਕਾਂ ਨੇ ਕਾਬੂ ਕਰਕੇ ਸੜਕ ’ਤੇ ਜਾਮ ਲਾ ਦਿੱਤਾ। ਲੋਕਾਂ ਨੇ ਦੋਸ਼ ਲਾਇਆ ਕਿ ਹਰਿਆਣਾ ਰੋਡਵੇਜ਼ ਬੱਸਾਂ ਦੇ ਚਾਲਕ ਬੜੀ ਹੀ ਲਾਪ੍ਰਵਾਹੀ ਅਤੇ ਤੇਜ਼ ਰਫਤਾਰੀ ਨਾਲ ਬੱਸਾਂ ਚਲਾਉਂਦੇ ਹਨ ਜਿਸ ਕਾਰਨ ਹਾਦਸੇ ਵਾਪਰਦੇ ਹਨ। ਜਾਮ ਦੌਰਾਨ ਕੁਝ ਹਰਿਆਣਾ ਰੋਡਵੇਜ਼ ਦੇ ਬੱਸਾਂ ਦੇ ਚਾਲਕ ਗਲਤ ਦਿਸ਼ਾ ਤੋਂ ਬੱਸਾਂ ਲੰਘਾਉਣ ਲੱਗੇ ਜਿਸ ਕਾਰਨ ਲੋਕਾਂ ਦਾ ਗੁੱਸਾ ਵਧ ਗਿਆ ਜਨਿ੍ਹਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੌਕੇ ’ਤੇ ਸਥਿਤੀ ਕਾਫੀ ਤਣਾਅਪੂਰਨ ਹੋ ਗਈ ਪਰ ਪੁਲੀਸ ਘੰਟੇ ਮਗਰੋਂ ਮੌਕੇ ’ਤੇ ਪਹੁੰਚੀ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਲੋਕਾਂ ਨੂੰ ਸ਼ਾਂਤ ਕੀਤਾ। ਪੁਲੀਸ ਨੇ ਦੱਸਿਆ ਕਿ ਚਾਲਕ ਖ਼ਿਲਾਫ਼ ਕੇਸ ਦਰਜ ਕਰ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ।