ਮੁਕੇਸ਼ ਕੁਮਾਰ
ਚੰਡੀਗੜ੍ਹ, 3 ਮਈ
ਚੰਡੀਗੜ੍ਹ ਹਾਊਸਿੰਗ ਬੋਰਡ ਰੈਜ਼ੀਡੈਂਟਸ ਵੈਲਫੇਅਰ ਫੈਡਰੇਸ਼ਨ (ਸੀਐੱਚਬੀਆਰ ਡਬਲਿਊਐੱਫ) ਵੱਲੋਂ ਹਾਊਸਿੰਗ ਬੋਰਡ ਦੇ ਫਲੈਟਾਂ ਵਿੱਚ ਅਲਾਟੀਆਂ ਵੱਲੋਂ ਕੀਤੀਆਂ ਗਈਆਂ ਲੋੜ ਅਨੁਸਾਰ ਉਸਾਰੀਆਂ ਨੂੰ ਰੈਗੂਲਰ ਕਰਵਾਉਣ ਲਈ ਇੱਕ ਵੱਡੀ ਮੁਹਿੰਮ ਸ਼ੁਰੂ ਕਰਕੇ ਮਹਾਂਪੰਚਾਇਤ ਕੀਤੀ ਜਾਵੇਗੀ। ਸੀਐਚਬੀਆਰਡਬਲਿਊਐਫ ਦੀ ਅੱਜ ਇਥੇ ਸੈਕਟਰ- 41 ਵਿੱਚ ਹੋਈ ਜਨਰਲ ਹਾਊਸ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਹਾਊਸਿੰਗ ਬੋਰਡ ਦੇ ਫਲੈਟਾਂ ਵਾਲੀ ਬੈਲਟ ਦੇ ਸਾਰੇ ਸੈਕਟਰਾਂ ਦੀਆਂ ‘ਸੈਕਟਰ ਕਮੇਟੀਆਂ’ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਹਾਊਸਿੰਗ ਬੋਰਡ ਵੱਲੋਂ ਇਥੋਂ (ਸੈਕਟਰ-41) ਦੇ ਫਲੈਟਾਂ ਦੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦੇ ਦਿੱਤੇ ਗਏ ਨੋਟਿਸਾਂ ਨੂੰ ਲੈ ਕੇ ਫੈਸਲਾ ਕੀਤਾ ਗਿਆ ਕਿ ਫੈਡਰੇਸ਼ਨ ਵੱਲੋਂ ਬੋਰਡ ਨੂੰ ਬੇਨਤੀ ਕੀਤੀ ਜਾਵੇਗੀ ਕਿ ਸੈਕਟਰ-41 ਵਿੱਚ ਫਲੈਟਾਂ ਨੂੰ ਢਾਹੁਣ ਤੋਂ ਪਹਿਲਾਂ ਲੋਕਾਂ ਨੂੰ ਕੁਝ ਹੋਰ ਸਮਾਂ ਦਿੱਤਾ ਜਾਵੇ। ਫੈਡਰੇਸ਼ਨ ਦੇ ਸਰਪ੍ਰਸਤ ਪ੍ਰੋਫੈਸਰ ਨਿਰਮਲ ਦੱਤ ਨੇ ਦੱਸਿਆ ਕਿ ਮੀਟਿੰਗ ਦੌਰਾਨ ਫੈਡਰੇਸ਼ਨ ਨੇ ਹਾਊਸਿੰਗ ਬੋਰਡ ਦੇ ਵਾਰਡਾਂ ਵਿੱਚ ਸਾਰੀਆਂ ਪਾਰਟੀਆਂ ਦੇ ਕੌਂਸਲਰਾਂ ਦੀ ਇੱਕ ਐਕਸ਼ਨ ਕਮੇਟੀ ਬਣਾਈ ਜਾਵੇਗੀ ਤਾਂ ਜੋ ਦਿੱਲੀ ਦੇ ਹੱਲ ਲਈ ਕੀਤੀ ਜਾਣ ਵਾਲੀ ਮਹਾਪੰਚਾਇਤ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਵਾਰਡ ਕੌਂਸਲਰਾਂ ਦੀ ਸ਼ਮੂਲੀਅਤ ਨਾਲ ਹਾਊਸਿੰਗ ਬੋਰਡ ਦੇ ਫਲੈਟਾਂ ਵਾਲੇ ਸਾਰੇ ਸੈਕਟਰਾਂ ਵਿੱਚ ਵਾਰੋ ਵਾਰੀ ਇੱਕ ਇੱਕ ਦਿਨ ਦੀ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਹਾਊਸਿੰਗ ਬੋਰਡ ਦੇ ਫਲੈਟਾਂ ’ਚ ਕੀਤੀਆਂ ਲੋੜ ਅਨੁਸਾਰ ਉਸਾਰੀਆਂ ਤੇ ਹੋਰ ਤਬਦੀਲੀਆਂ ਨੂੰ ਦਿੱਲੀ ਕਮੇਟੀ ਦੀ ਤਰਜ਼ ’ਤੇ ਹੱਲ ਕਰਵਾਉਣ ਲਈ ਇਥੇ ਸੈਕਟਰ-41 ਵਿੱਚ ਮਹਾਪੰਚਾਇਤ ਰੱਖਣ ਲਈ ਇੱਕ ਦਿਨ ਨਿਸ਼ਚਿਤ ਕੀਤਾ ਜਾਵੇਗਾ। ਇਸ ਮਹਾਂ ਪੰਚਾਇਤ ਵਿੱਚ ਸਰਵ-ਪਾਰਟੀ ਕੌਂਸਲਰਾਂ ਦੀ ਐਕਸ਼ਨ ਕਮੇਟੀ ਤੇ ਸੰਸਦ ਮੈਂਬਰ ਦੀ ਮਦਦ ਨਾਲ ਦੇਸ਼ ਦੇ ਗ੍ਰਹਿ ਮੰਤਰੀ ਨੂੰ ਵੀ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਾਊਸਿੰਗ ਬੋਰਡ ਦੇ ਫਲੈਟਾਂ ’ਚ ਕੀਤੀਆਂ ਲੋੜ ਅਨੁਸਾਰ ਕੀਤੀਆਂ ਤਬਦੀਲੀਆਂ ਨੂੰ ਰੈਗੂਲਰ ਕਰਨ ਲਈ ਦਿੱਲੀ ਕਮੇਟੀ ਦੀ ਤਰਜ ‘ਤੇ ਹੀ ਪੱਕਾ ਕੀਤਾ ਜਾ ਸਕਦਾ ਹੈ ਤੇ ਉਨ੍ਹਾਂ ਦੀ ਫੈਡਰੇਸ਼ਨ ਇਸ ਬਾਰੇ ਮੰਗ ਕਰਦੀ ਹੈ ਰਹੀ ਹੈ।
ਮੀਟਿੰਗ ਦੌਰਾਨ ਫੈਡਰੇਸ਼ਨ ਆਫ ਸੈਕਟਰ ਵੈਲਫੇਅਰ ਐਸੋਸੀਅਸ਼ਨਸ ਚੰਡੀਗੜ੍ਹ ਦੇ ਪ੍ਰਧਾਨ ਬਲਜਿੰਦਰ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਬੋਰਡ ਦੇ ਅਲਾਟੀ ਸ਼ਾਮਲ ਹੋਏ।