ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 30 ਮਈ
ਨੈਸ਼ਨਲ ਹਾਈਵੇਅ ਅਥਾਰਟੀ ਨਵੀਂ ਦਿੱਲੀ ਵੱਲੋਂ ਮੁਹਾਲੀ ਤੋਂ ਕੁਰਾਲੀ ਤੱਕ ਬਣਾਏ ਜਾਣ ਵਾਲੇ ਕੌਮੀ ਮਾਰਗ ਲਈ ਕੁਲੈਕਟਰ ਰੇਟ ਨੂੰ ਆਧਾਰ ਬਣਾ ਕੇ ਘੱਟ ਕੀਮਤ ’ਤੇ ਜ਼ਮੀਨਾਂ ਐਕੁਆਇਰ ਕਰਨ ਵਿਰੁੱਧ ਕਿਸਾਨਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ।
ਸੰਯੁਕਤ ਰੋਡ ਕਿਸਾਨ ਕਮੇਟੀ ਵੱਲੋਂ ਅੱਜ ਡੀਸੀ ਦਫ਼ਤਰ ਦੇ ਸਾਰੇ ਗੇਟਾਂ ਦੀ ਤਾਲਾਬੰਦੀ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਸਵੇਰੇ ਤੋਂ ਪਿੰਡਾਂ ’ਚੋਂ ਕਿਸਾਨ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਸਨ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਕਾਰਵਾਈ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਸ਼ਾਂਤ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂਆਂ ਦੀ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦੇਣ ਕਾਰਨ ਕਿਸਾਨਾਂ ਨੇ ਡੀਸੀ ਦਫ਼ਤਰ ਦੀ ਤਾਲਾਬੰਦੀ ਦਾ ਫ਼ੈਸਲਾ ਐਨ ਮੌਕੇ ਮੁਲਤਵੀ ਕਰ ਦਿੱਤਾ। ਉਂਜ ਡੀਸੀ ਦਫ਼ਤਰ ਦੇ ਬਾਹਰ ਲੜੀਵਾਰ ਧਰਨਾ ਜਾਰੀ ਹੈ।
ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਤੇ ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਧਰਨੇ ਵਿੱਚ ਪਹੁੰਚ ਕੇ ਸੰਘਰਸ਼ਸ਼ੀਲ ਕਿਸਾਨਾਂ ਦਾ ਹੌਸਲਾ ਵਧਾਇਆ। ਅੱਜ ਜਿਵੇਂ ਹੀ ਕਿਸਾਨ ਡੀਸੀ ਦਫ਼ਤਰ ਦੇ ਐਂਟਰੀ ਪੁਆਇੰਟ ’ਤੇ ਦਰੀਆ ਵਿਛਾ ਕੇ ਧਰਨੇ ’ਤੇ ਬੈਠੇ ਤਾਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਚ ਤੋਂ ਪੰਜਾਬ ਪੁਲੀਸ ’ਤੇ ਨਿਸ਼ਾਨੇ ਸੇਧਦਿਆਂ ਗੈਂਗਸਟਰਾਂ ਨੂੰ ਫੜਨ ਦੀ ਬਜਾਏ ਇਨਸਾਫ਼ ਮੰਗ ਰਹੇ ਕਿਸਾਨਾਂ ਨੂੰ ਕੁੱਟਣ ਦੀਆਂ ਵਿਉਂਤ ਘੜਨ ਦੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ। ਇਹੀ ਨਹੀਂ ਇਕ ਕਿਸਾਨ ਨੇ ਪੁਲੀਸ ਮੁਲਾਜ਼ਮ ’ਤੇ ਠੁੱਡੇ ਮਾਰਨ ਦਾ ਵੀ ਦੋਸ਼ ਲਾਇਆ ਜਿਸ ਕਾਰਨ ਮਾਹੌਲ ਕਾਫ਼ੀ ਭਖ ਗਿਆ। ਲੇਕਿਨ ਮੌਕੇ ’ਤੇ ਮੌਜੂਦ ਕੁਝ ਆਗੂਆਂ ਦੇ ਦਖ਼ਲ ਨਾਲ ਮਾਮਲਾ ਠੰਢਾ ਹੋ ਗਿਆ। ਇਸ ਮਗਰੋਂ ਸਾਰੇ ਕਿਸਾਨ ਵਾਪਸ ਧਰਨੇ ਵਾਲੀ ਥਾਂ ’ਤੇ ਆ ਕੇ ਬੈਠ ਗਏ।
ਧਰਨੇ ਨੂੰ ਸੰਬੋਧਨ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਮੁਹਾਲੀ ਸਮੇਤ ਪੂਰੇ ਪੰਜਾਬ ਵਿੱਚ ਹੁਕਮਰਾਨ ਕੌਡੀਆਂ ਦੇ ਭਾਅ ਕਿਸਾਨ ਦੀਆਂ ਜ਼ਮੀਨਾਂ ਐਕੁਆਇਰ ਕਰਨ ਦੀ ਤਾਕ ਵਿੱਚ ਹਨ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਕਿਸੇ ਵੀ ਪ੍ਰਾਜੈਕਟ ਲਈ ਮੌਜੂਦਾ ਮਾਰਕੀਟ ਰੇਟ ’ਤੇ ਹੀ ਜ਼ਮੀਨਾਂ ਐਕੁਆਇਰ ਕੀਤੀਆਂ ਜਾਣ ਅਤੇ ਜ਼ਮੀਨ ਮਾਲਕਾਂ ਨੂੰ ਵੱਖਰੇ ਤੌਰ ’ਤੇ ਉਜਾੜਾ ਭੱਤਾ ਦਿੱਤਾ ਜਾਵੇ।
ਜਥੇਦਾਰ ਸਿਰਸਾ ਨੇ ਕਿਹਾ ਕਿ ਸਰਕਾਰਾਂ ਸ਼ੁਰੂ ਤੋਂ ਹੀ ਕਿਸਾਨਾਂ ਨਾਲ ਧੱਕੇਸ਼ਾਹੀ ਕਰਦੀਆਂ ਆ ਰਹੀਆਂ ਹਨ। ਇਸ ਲਈ ਅੰਨਦਾਤਾ ਨੂੰ ਆਪਣੇ ਹੱਕ ਲੈਣ ਲਈ ਜਾਗਰੂਕ ਹੋਣ ਦੇ ਨਾਲ-ਨਾਲ ਲੰਮੇ ਸੰਘਰਸ਼ ਵਿੱਢਣ ਲਈ ਤਿਆਰ ਹੋਣਾ ਪਵੇਗਾ। ਧਰਨੇ ਨੂੰ ਕਿਸਾਨ ਆਗੂ ਰਣਬੀਰ ਸਿੰਘ ਗਰੇਵਾਲ, ਜਸਪਾਲ ਸਿੰਘ ਨਿਆਮੀਆਂ, ਗੁਰਨਾਮ ਸਿੰਘ ਦਾਊਂ, ਰਾਣਾ ਕਰਮਜੀਤ ਸਿੰਘ ਝੰਜੇੜੀ, ਲਖਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।