ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 17 ਜੂਨ
ਸਰਕਾਰੀ ਕਾਲਜ ਵਿੱਚ ਅੱਜ ਪ੍ਰਿੰਸੀਪਲ ਪ੍ਰੋ. (ਡਾ.) ਅਮਨਦੀਪ ਕੌਰ ਦੀ ਸਰਪ੍ਰਸਤੀ ਹੇਠ 37ਵੀਂ ਸਾਲਾਨਾ ਕਾਨਵੋਕੇਸ਼ਨ ਕਰਵਾਈ ਗਈ। ਮੁੱਖ ਮਹਿਮਾਨ ਵਜੋਂ ਡਾ. ਪਰਵਿੰਦਰ ਸਿੰਘ ਵਾਈਸ ਚਾਂਸਲਰ, ਰਿਆਤ ਬਾਹਰਾ ਯੂਨੀਵਰਸਿਟੀ ਨੇ ਸ਼ਿਰਕਤ ਕੀਤੀ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਕਾਨਵੋਕੇਸ਼ਨ ਦੇ ਗੈਸਟ ਆਫ਼ ਆਨਰ ਸਨ। ਕਨਵੀਨਰ ਪ੍ਰੋ. ਆਮੀ ਭੱਲਾ, ਕੋਆਰਡੀਨੇਟਰ ਪ੍ਰੋ. ਸਿੰਮੀ ਜੌਹਲ ਅਤੇ ਕਾਲਜ ਰਜਿਸਟਰਾਰ ਪ੍ਰੋ. ਸਵਿਤਾ ਗੁਪਤਾ ਦੀ ਦੇਖ-ਰੇਖ ਹੇਠ ਸਮਾਗਮ ਕਰਵਾਇਆ ਗਿਆ। ਕਾਨਵੋਕੇਸ਼ਨ ਵਿਚ ਕੁੱਲ 251 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਇਸ ਦੇ ਨਾਲ ਹੀ 35 ਵਿਦਿਆਰਥੀਆਂ ਨੂੰ ਕਾਲਜ ਕਲਰ, 9 ਵਿਦਿਆਰਥੀਆਂ ਨੂੰ ਰੋਲ ਆਫ਼ ਆਨਰ ਅਤੇ 48 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਵੰਡੇ ਗਏ। ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਸੁਆਗਤੀ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਮੁਖਾਤਬਿ ਹੁੰਦਿਆਂ ਡਿਗਰੀਆਂ, ਕਾਲਜ ਕਲਰ, ਰੋਲ ਆਫ ਆਨਰ ਅਤੇ ਮੈਰਿਟ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।