ਨਿੱਜੀ ਪੱਤਰ ਪੇ੍ਰਰਕ
ਜ਼ੀਰਕਪੁਰ, 21 ਜੂਨ
ਬਸਪਾ ਵਰਕਰਾਂ ਵੱਲੋਂ ਹਲਕਾ ਡੇਰਾਬੱਸੀ ਦੇ ਪ੍ਰਧਾਨ ਚਰਨਜੀਤ ਸਿੰਘ ਦੇਵੀਨਗਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪਾਰਲੀਮੈਂਟ ਮੈਂਬਰ ਰਵਨੀਤ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ਬਾਰੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਥਾਣਾ ਮੁਖੀ ਇੰਸਪੈਕਟਰ ਓਂਕਾਰ ਸਿੰਘ ਬਰਾੜ ਨੂੰ ਮੰਗ ਪੱਤਰ ਸੌਂਪਿਆ ਗਿਆ।
ਐਸਏਐਸ ਨਗਰ(ਖੇਤਰੀ ਪ੍ਰਤੀਨਿਧ): ਮੁਹਾਲੀ ਦੇ ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਨੂੰ ਲਿਖਤੀ ਸ਼ਿਕਾਇਤ ਸੌਂਪ ਕੇ ਅੱਜ ਬਸਪਾ ਵਰਕਰਾਂ ਨੇ ਰਵਨੀਤ ਬਿੱਟੂ ਤੇ ਹਰਦੀਪ ਪੁਰੀ ਖ਼ਿਲਾਫ਼ ਦਲਿਤ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਣ ਸਬੰਧੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਵਰਕਰਾਂ ਨੇ ਐੱਸਐੱਸਪੀ ਨੂੰ ਵੀ ਮੰਗ ਪੱਤਰ ਸੌਂਪਿਆ।
ਖਰੜ (ਪੱਤਰ ਪ੍ਰੇਰਕ): ਸਥਾਨਕ ਬਸਪਾ ਆਗੂਆਂ ਨੇ ਡੀਐੱਸਪੀ ਨਾਲ ਮੁਲਾਕਾਤ ਕਰਕੇ ਰਵਨੀਤ ਬਿਟੂ ਅਤੇ ਭਾਜਪਾ ਦੇ ਮੌਜੂਦਾ ਕੇਂਦਰੀ ਮੰਤਰੀ ਹਰਦੀਪ ਪੁਰੀ ਵਿਰੁੱਧ ਅਨੂਸੁਚਿਤ ਜਾਤੀਆਂ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸੱਟ ਪਹੁੰਚਾਉਣ ਦੀ ਸ਼ਿਕਾਇਤ ਕਰਦੇ ਹੋਏ ਕਾਰਵਾਈ ਦੀ ਮੰਗ ਕੀਤੀ।
ਲਾਲੜੂ (ਪੱਤਰ ਪ੍ਰੇਰਕ): ਬਸਪਾ ਵਰਕਰਾਂ ਨੇਥਾਣਾ ਲਾਲੜੂ ਅਤੇ ਹੰਡੇਸਰਾ ਵਿੱਚ ਸ਼ਿਕਾਇਤ ਦੇ ਕੇ ਰਵਨੀਤ ਬਿੱਟੂ ਵੱਲੋਂ ਦਿੱਤੇ ਗਏ ਬਿਆਨ ਦੇ ਆਧਾਰ ’ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਅਮਲੋਹ (ਪੱਤਰ ਪ੍ਰੇਰਕ): ਰਵਨੀਤ ਬਿੱਟੂ ਤੇ ਹਰਦੀਪ ਪੁਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਅਕਾਲੀ ਦਲ-ਬਸਪਾ ਗਠਜੋੜ ਦੇ ਕਾਰਕੁਨਾਂ ਨੇ ਦੋਵਾਂ ਵੱਲੋਂ ਦਿੱਤੇ ਗਏ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਨੀਵਾ ਦਿਖਾਉਂਣ ਦੀ ਕੋਸ਼ਿਸ਼ ਕੀਤੀ ਹੈ।
ਫ਼ਤਹਿਗੜ੍ਹ ਸਾਹਿਬ (ਪੱਤਰ ਪ੍ਰੇਰਕ): ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਗ਼ੈਰ ਪੰਥਕ ਤੇ ਅਪਵਿੱਤਰ ਐਲਾਨਣ ਦੇ ਰੋਸ ਵਜੋਂ ਅੱਜ ਰਵਨੀਤ ਬਿੱਟੂ ਖ਼ਿਲਾਫ਼ ਪੁਲੀਸ ਕਾਰਵਾਈ ਦੀ ਮੰਗ ਕਰਦਿਆਂ ਬਸਪਾ-ਅਕਾਲੀ ਵਰਕਰਾਂ ਨੇ ਡੀਐੱਸਪੀ ਬਸੀ ਪਠਾਣਾਂ ਨੂੰ ਮੰਗ ਪੱਤਰ ਸੌਂਪਿਆ।
ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਥਾਨਕ ਬਸਪਾ ਆਗੂਆਂ ਨੇ ਇੰਚਾਰਜ ਰਾਜਿੰਦਰ ਸਿੰਘ ਨਨਹੇੜੀਆਂ ਦੀ ਅਗਵਾਈ ਹੇਠ ਡੀਐੱਸਪੀ ਸੁਖਜੀਤ ਸਿੰਘ ਵਿਰਕ ਨੂੰ ਮੰਗ ਪੱਤਰ ਦੇ ਕੇ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਰੂਪਨਗਰ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਵਫਦ ਨੇ ਅੱਜ ਰਵਨੀਤ ਬਿੱਟੂ ਖ਼ਿਲਾਫ਼ ਸੀਨੀਅਰ ਪੁਲੀਸ ਕਪਤਾਨ ਰੂਪਨਗਰ ਨੂੰ ਇਕ ਲਿਖਤੀ ਸ਼ਿਕਾਇਤ ਦੇ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।