ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਕਤੂਬਰ
ਯੂਟੀ ਕੇਡਰ ਐਜੂਕੇਸ਼ਨਲ ਐਂਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਸਵਰਣ ਸਿੰਘ ਕੰਬੋਜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਠੇਕਾ ਆਧਾਰਿਤ, ਗੈਸਟ ਫੈਕਲਟੀ ਦੇ ਐਸਐਸਏ ਤਹਿਤ ਕੰਮ ਕਰ ਰਹੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਗਈ। ਸ੍ਰੀ ਕੰਬੋਜ ਨੇ ਉਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿਚ ਪੰਜਾਬ ਤੇ ਹਰਿਆਣਾ ਤੋਂ ਡੈਪੂਟੇਸ਼ਨ ’ਤੇ ਆਏ ਅਧਿਆਪਕ ਦਹਾਕਿਆਂ ਤੋਂ ਟਿਕੇ ਹੋਏ ਹਨ ਤੇ ਉਨ੍ਹਾਂ ਨੂੰ ਉਨ੍ਹਾਂ ਦੇ ਪਿਤਰੀ ਰਾਜਾਂ ਵਿਚ ਨਹੀਂ ਭੇਜਿਆ ਜਾ ਰਿਹਾ। ਇਸ ਕਾਰਨ ਚੰਡੀਗੜ੍ਹ ਦੇ ਅਧਿਆਪਕਾਂ ਦੇ ਹਿੱਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਵਿਚ ਕੰਮ ਕਰ ਰਹੇ ਚੌਥਾ ਦਰਜਾ ਕਾਮਿਆਂ ਨੂੰ ਪੱਕਾ ਕਰਨ ਦੀ ਪਾਲਸੀ ਬਣਾਈ ਜਾਵੇ ਤੇ ਮਿਡ-ਡੇਅ ਮੀਲ ਵਰਕਰਾਂ ਨੂੰ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ। ਚੰਡੀਗੜ੍ਹ ਦੇ ਸਕੂਲਾਂ ਵਿਚ ਕੰਮ ਕਰ ਰਹੇ ਕੰਟਰੈਕਟ ਕੰਪਿਊਟਰ ਅਧਿਆਪਕਾਂ, ਡਾਟਾ ਐਂਟਰੀ ਅਪਰੇਟਰਾਂ ਤੇ ਡੀ ਕਾਮਿਆਂ ਨੂੰ ਸਿੱਖਿਆ ਵਿਭਾਗ ਵਿਚ ਸ਼ਾਮਲ ਕੀਤਾ ਜਾਵੇ। ਜੇ ਕਿਸੇ ਮੁਲਾਜ਼ਮ ਦੀ ਨੌਕਰੀ ਦੌਰਾਨ ਮੌਤ ਹੋ ਜਾਂਦੀ ਹੈ ਤਾਂ ਪਰਿਵਾਰ ਦੇ ਜੀਅ ਨੂੰ ਨੌਕਰੀ ਦਿੱਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਡੈਪੂਟੇਸ਼ਨ ’ਤੇ ਆਏ ਅਧਿਆਪਕਾਂ ਨੂੰ ਚੰਡੀਗੜ੍ਹ ’ਚ ਪੁਰਸਕਾਰ ਨਾ ਦਿੱਤੇ ਜਾਣ।