ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 10 ਅਪਰੈਲ
ਚੰਡੀਗੜ੍ਹ ਦੇ ਮਿਲਖ ਵਿਭਾਗ ਦੀ ਕਾਰਗੁਜ਼ਾਰੀ ਸਬੰਧੀ ਸ਼ਹਿਰ ਦੀ ਪ੍ਰਾਪਰਟੀ ਕੰਸਲਟੈਂਟਸ ਐਸੋਸੀਏਸ਼ਨ ਦੀ ਇੱਥੇ ਸੈਕਟਰ 31 ਸਥਿਤ ਸੀਆਈਆਈ ਭਵਨ ਵਿੱਚ ਹੋਈ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਚੰਡੀਗੜ੍ਹ ਦੇ ਮਿਲਖ ਵਿਭਾਗ ਦੀ ਆਨਲਾਈਨ ਪ੍ਰਣਾਲੀ ਲਾਗੂ ਹੋਣ ਦੇ ਬਾਵਜੂਦ ਲੇਟ-ਲਤੀਫ਼ੀ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਕਮਲ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਪ੍ਰਾਪਰਟੀ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ। ਐਸੋਸੀਏਸ਼ਨ ਦੇ ਪ੍ਰਧਾਨ ਕਮਲ ਗੁਪਤਾ ਅਤੇ ਮੁੱਖ ਬੁਲਾਰੇ ਵਿਕਰਮ ਚੋਪੜਾ, ਮੀਤ ਪ੍ਰਧਾਨ ਸੁਨੀਲ ਖੇਤਰਪਾਲ ਅਤੇ ਮੁੱਖ ਕਾਨੂੰਨੀ ਸਲਾਹਕਾਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ ਅਤੇ ਪੰਚਕੂਲਾ ਵਿੱਚ ਅਪਾਰਟਮੈਂਟ ਐਕਟ ਲਾਗੂ ਹੈ, ਪਰ ਚੰਡੀਗੜ੍ਹ ਵਿੱਚ ਇਹ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਸ਼ਹਿਰ ਦੀ ਆਮ ਜਨਤਾ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨਗਰ ਨਿਗਮ ਵੱਲੋਂ ਚੰਡੀਗੜ੍ਹ ਦੀ ਆਪਣੀ ਵਿਧਾਨ ਸਭਾ ਬਾਰੇ ਪਾਸ ਕੀਤੇ ਗਏ ਮਤੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਭਾਜਪਾ ਪ੍ਰਦੇਸ਼ ਪ੍ਰਧਾਨ ਅਰੁਣ ਸੂਦ ਨੇ ਪਹਿਲ ਦੇ ਆਧਾਰ ’ਤੇ ਸਮੱਸਿਆਵਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ।