ਚੰਡੀਗੜ੍ਹ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੂਬੇ ਵਿੱਚ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ ਦਾ ਸਮਾਂ ਬਦਲਣ ਅਤੇ ਛੁੱਟੀਆਂ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਕੀਤੀਆਂ ਜਾਣ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਇਸੇ ਸਬੰਧ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਅਤੇ ਡਾਇਰੈਕਟਰ ਅਰਵਿੰਦਰ ਪਾਲ ਸਿੰਘ ਨੂੰ ਲਿਖਤੀ ਮੰਗ ਪੱਤਰ ਵੀ ਭੇਜੇ ਹਨ। ਯੂਨੀਅਨ ਪ੍ਰਧਾਨ ਨੇ ਮੰਗ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ ਦਾ ਸਮਾਂ ਵੀ ਤਬਦੀਲ ਕੀਤਾ ਜਾਵੇ ਅਤੇ ਛੁੱਟੀਆਂ ਵੀ ਸਰਕਾਰੀ ਸਕੂਲਾਂ ਦੀ ਤਰਜ਼ ਉਤੇ 15 ਮਈ ਤੋਂ 30 ਜੂਨ ਤੱਕ ਕੀਤੀਆਂ ਜਾਣ। -ਪੱਤਰ ਪ੍ਰੇਰਕ