ਕਿਸਾਨਾਂ ਨੇ ਰੋਪੜ-ਚੰਡੀਗੜ੍ਹ ਹਾਈਵੇਅ ਜਾਮ ਕੀਤਾ; ਸਤਲੁਜ ਦਰਿਆ ਦੇ ਕਿਨਾਰੇ ਪੱਕੇ ਤੌਰ ਮਜ਼ਬੂਤ ਕਰਨ ਦੀ ਮੰਗ
ਰੂਪਨਗਰ ਜ਼ਿਲ੍ਹੇ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਅੱਜ ਪੁਲੀਸ ਲਾਈਨ ਰੂਪਨਗਰ ਦੇ ਸਾਹਮਣੇ ਧਰਨਾ ਲਗਾ ਕੇ ਦਾਊਦਪੁਰ ਅਤੇ ਫਸੇ ਵਿਖੇ ਸਤਲੁਜ ਦਰਿਆ ਦੇ ਕਿਨਾਰਿਆਂ ਨੂੰ ਪੱਕੇ ਤੌਰ ਮਜ਼ਬੂਤ ਕਰਨ ਦੀ ਮੰਗ ਕੀਤੀ।
ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਕੁਲਵਿੰਦਰ ਸਿੰਘ ਪੰਜੋਲਾ ਤੇ ਹੋਰ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਫੌਜ ਵੱਲੋਂ ਪਿੰਡ ਦਾਊਦਪੁਰ ਅਤੇ ਫੱਸੇ ਵਿਖੇ ਸਤਲੁਜ ਦਰਿਆ ਦੇ ਕਿਨਾਰਿਆਂ ਵਿੱਚ ਪੈ ਰਹੇ ਪਾੜ ਨੂੰ ਰੇਤੇ ਦੇ ਭਰੇ ਥੈਲੇ ਲਗਾ ਕੇ ਬੰਨ੍ਹ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਰੇਤੇ ਦੇ ਥੈਲੇ ਦਰਿਆ ਦੇ ਤੇਜ਼ ਪਾਣੀ ਅੱਗੇ ਰੁਕ ਨਹੀਂ ਰਹੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਸੂਖਵਾਨਾਂ ਅਤੇ ਸਾਬਕਾ ਉੱਚ ਅਧਿਕਾਰੀਆਂ ਦੇ ਕਬਜ਼ੇ ਵਾਲੀਆਂ ਜ਼ਮੀਨਾਂ ਵਿੱਚ ਲੱਗੇ ਦਰੱਖਤਾਂ ਨੂੰ ਬਚਾਉਣ ਲਈ ਆਮ ਲੋਕਾਂ ਦਾ ਨੁਕਸਾਨ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜੇਕਰ ਦਰਿਆ ਦਾ ਰੁਖ਼ ਸਿੱਧਾ ਕਰ ਦਿੱਤਾ ਜਾਵੇਗਾ ਤਾਂ ਦੋਵੇਂ ਥਾਵਾਂ ’ਤੇ ਦਰਿਆ ਦੇ ਕੰਢਿਆਂ ਨੂੰ ਖੋਰਾ ਲੱਗਣਾ ਆਪਣੇ ਆਪ ਬੰਦ ਹੋ ਜਾਵੇਗਾ।
ਧਰਨਾਕਾਰੀਆਂ ਨੇ ਮੰਗ ਕੀਤੀ ਕਿ ਦਰਿਆ ਦੇ ਕੰਢਿਆਂ ਨੂੰ ਪੱਥਰਾਂ ਦੀ ਕਰੇਟ ਵਾਲ ਲਗਾ ਕੇ ਮਜ਼ਬੂਤ ਕੀਤਾ ਜਾਵੇ। ਧਰਨਾਕਾਰੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਸਥਾਨਕ ਪੱਧਰ ਦੇ ਅਧਿਕਾਰੀ ਉੱਚ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਗੁੰਮਰਾਹ ਕਰ ਰਹੇ ਹਨ।
ਇਹ ਧਰਨਾ ਦੇਰ ਸ਼ਾਮ ਤੱਕ ਜਾਰੀ ਰਿਹਾ, ਜਿਸ ਕਾਰਨ ਆਮ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਡੀਸੀ ਵਰਜੀਤ ਵਾਲੀਆ ਨੇ ਕਿਹਾ ਕਿ ਦਾਊਦਪੁਰ ਅਤੇ ਫਸੇ ਵਿਖੇ ਆਮ ਲੋਕਾਂ ਅਤੇ ਫੌਜ ਦੇ ਸਹਿਯੋਗ ਨਾਲ ਬੰਨ੍ਹ ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਬੰਨ੍ਹ ਨੂੰ ਮਜ਼ਬੂਤ ਕਰਨ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਿਸੇ ਤਰ੍ਹਾਂ ਦੀ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ।