ਖ਼ਤਮ ਕੀਤੀਆਂਂ ਅਸਾਮੀਆਂ ਬਹਾਲ ਕਰਨ ਦੀ ਮੰਗ
ਗੌਰਮਿੰਟ ਟੀਚਰਜ਼ ਯੂਨੀਅਨ ਨੇ ਸੈਸ਼ਨ 2018-19 ਵਿੱਚ ਸਿੱਖਿਆ ਵਿਭਾਗ ਸਕੂਲਾਂ ਵਿੱਚੋਂ ਖ਼ਤਮ ਕੀਤੀਆਂ ਲੈਕਚਰਾਰ ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਦੀਆਂ ਅਸਾਮੀਆਂ ਮੁੜ ਬਹਾਲ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਸਾਲ 2018-19 ਵਿੱਚ ਗ਼ੈਰ-ਵਿੱਦਿਅਕ ਫ਼ੈਸਲਾ ਕਰਦਿਆਂ ਸਿੱਖਿਆ ਵਿਭਾਗ ਵੱਲੋਂ ਜਿਹੜੇ ਸਕੂਲ ਵਿੱਚ ਇਤਿਹਾਸ ਦੀ ਅਸਾਮੀ ਭਰੀ ਹੋਈ ਸੀ, ਉਸ ਵਿੱਚੋਂ ਰਾਜਨੀਤੀ ਸ਼ਾਸਤਰ ਅਤੇ ਜਿਹੜੇ ਸਕੂਲ ਵਿੱਚ ਰਾਜਨੀਤੀ ਸ਼ਾਸਤਰ ਦੀ ਅਸਾਮੀ ਭਰੀ ਹੋਈ ਸੀ, ਉਸ ਵਿੱਚੋਂ ਇਤਿਹਾਸ ਦੀ ਅਸਾਮੀ ਨੂੰ ਖ਼ਤਮ ਕਰ ਦਿੱਤਾ ਗਿਆ ਸੀ। ਇਸ ਦਾ ਉਸ ਸਮੇਂ ਵਿਰੋਧ ਵੀ ਕੀਤਾ ਗਿਆ ਪਰ ਤਤਕਾਲੀ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਪੂਰਾ ਤਰ੍ਹਾਂ ਖਿਲਵਾੜ ਕੀਤਾ ਗਿਆ। ਅਧਿਆਪਕ ਆਗੂਆਂ ਨੇ ਮੰਗ ਕੀਤੀ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਵਾਲੇ ਦਾਅਵੇ ਕਰਨ ਵਾਲੀ ਮੌਜੂਦਾ ਸਰਕਾਰ ਨੂੰ ਖ਼ਤਮ ਕੀਤੀਆਂ ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਦੀਆਂ ਪੋਸਟਾਂ ਮੁੜ ਬਹਾਲ ਕਰਨ ਦੀ ਪਹਿਲ ਕਰਨੀ ਚਾਹੀਦੀ ਹੈ। ਇਸ ਮੌਕੇ ਕੁਲਵੀਰ ਸਿੰਘ, ਅਵਨੀਤ ਚੱਢਾ, ਗੁਰਪ੍ਰੀਤ ਸਿੰਘ ਹੀਰਾ, ਗੁਰਚਰਨ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ ਅਤੇ ਜਗਦੀਪ ਸਿੰਘ ਆਦਿ ਹਾਜ਼ਰ ਸਨ।