PU Bandh: ਪ੍ਰਦਰਸ਼ਨਕਾਰੀਆਂ ਵੱਲੋਂ ਗੇਟ ਟੱਪ ਕੇ ਕੈਂਪਸ ’ਚ ਦਾਖ਼ਲ ਹੋਣ ਦੀ ਕੋੋਸ਼ਿਸ਼, ਪੁਲੀਸ ਵੱਲੋਂ ਹਲਕਾ ਲਾਠੀਚਾਰਜ
ਪੁਲੀਸ ਦੀ ਤਾਇਨਾਤੀ ਦੇ ਬਾਵਜੂਦ ਪ੍ਰਦਰਸ਼ਨਕਾਰੀ ਗੇਟ ਨੰ. 1 ਤੋਂ ਪੰਜਾਬ ਯੂਨੀਵਰਸਿਟੀ ਕੈਂਪਸ ਵਿਚ ਦਾਖ਼ਲ ਹੋ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਮੁਲਾਜ਼ਮਾਂ ਦੇ ਡੰਡੇ ਖੋਹ ਲਏ ਤੇ ਪੁਲੀਸ ਅਮਲੇ ਨਾਲ ਧੱਕਾਮੁੱਕੀ ਵੀ ਕੀਤੀ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਉਨ੍ਹਾਂ ’ਤੇ ਹਲਕਾ ਲਾਠੀਚਾਰਜ ਵੀ ਕੀਤਾ।
ਪੁਲੀਸ ਨੇ ਮਗਰੋਂ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਤੇ ਬੱਸਾਂ ਵਿਚ ਬਿਠਾ ਕੇ ਲੈ ਗਏ। ਚੰਡੀਗੜ੍ਹ ਦੀ ਐੱਸਐੱਸਪੀ ਕੰਵਰਦੀਪ ਕੌਰ ਵੀ ਮੌਕੇ ’ਤੇ ਪੁੱਜ ਗਏ ਹਨ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਵੀ ਕੀਤੀ। ਐੱਸਐੱਸਪੀ ਨੇ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿਚ ਆਉਣ ਤੋਂ ਨਹੀਂ ਰੋਕ ਰਹੇ, ਪਰ ਕਿਸੇ ਬਾਹਰੀ ਵਿਅਕਤੀ ਨੂੰ ਕੈਂਪਸ ’ਚ ਦਾਖ਼ਲੇ ਲਈ ਇਜਾਜ਼ਤ ਲੈਣੀ ਹੋਵੇਗੀ।
ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲੀਸ ਵੱਲੋਂ 'PU Bandh’ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਕੈਂਪਸ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਸੀ।
ਯੂਨੀਵਰਸਿਟੀ ਕੈਂਪਸ ਦੇ ਗੇਟਾਂ ’ਤੇ ਚੰਡੀਗੜ੍ਹ ਪੁਲੀਸ ਅਤੇ ਰਿਜ਼ਰਵ ਫੋਰਸਾਂ ਵੱਲੋਂ ਭਾਰੀ ਸੁਰੱਖਿਆ ਅਮਲਾ ਤਾਇਨਾਤ ਕੀਤਾ ਗਿਆ ਸੀ। ਗੇਟਾਂ ਨੂੰ ਵਾਧੂ ਬੈਰੀਕੇਡਿੰਗ ਤੇ ਬੱਸਾਂ ਖੜ੍ਹਾ ਕੇ ਬੰਦ ਕਰ ਦਿੱਤਾ ਗਿਆ।
ਗੇਟ ਨੰ.1 ਅੰਸ਼ਕ ਤੌਰ ’ਤੇ ਖੁੱਲ੍ਹਾਂ ਸੀ ਜਦੋਂਕਿ ਬਾਕੀ ਸਾਰੇ ਗੇਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ। ਯੂਨੀਵਰਸਿਟੀ ਵਿਚ ਰਹਿੰਦੇ ਲੋਕਾਂ ਨੂੰ ਵੀ ਅੰਦਰ ਹੀ ਸੀਮਤ ਕਰ ਦਿੱਤਾ ਗਿਆ ਹੈ। ਦੁਪਹਿਰ 1 ਵਜੇ ਤੱਕ ਇਹੀ ਹਾਲਾਤ ਬਣੇ ਰਹਿਣ ਦੀ ਉਮੀਦ ਹੈ।
