ਲਾਲੜੂ: ਕੁੱਲ ਹਿੰਦ ਯੂਥ ਕਾਂਗਰਸ ਦੇ ਕੌਮੀ ਬੁਲਾਰੇ ਅਤੇ ਪੰਜਾਬ ਯੂਥ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਅਮਿਤ ਬਾਵਾ ਸੈਣੀ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ-ਪੱਤਰ ਸੌਂਪ ਕੇ ਲਾਲੜੂ ਨੇੜਲੇ ਕਸਬੇ ਹੰਡੇਸਰਾ ਨੂੰ ਸਬ-ਤਹਿਸੀਲ ਦਾ ਦਰਜਾ ਦੇਣ ਦੀ ਮੰਗ ਕੀਤੀ। ਸ੍ਰੀ ਬਾਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਮੰਗ ਨੂੰ ਸੰਜੀਦਗੀ ਨਾਲ ਲੈਂਦਿਆਂ ਮਾਲ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਨਿਰਦੇਸ਼ ਦੇ ਦਿੱਤੇ ਹਨ ਕਿ ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕਰ ਕੇ ਅਮਲ ਵਿੱਚ ਲਿਆਂਦੀ ਜਾਵੇ। ਡੇਰਾਬਸੀ ਹਲਕੇ ਦੇ ਦੂਰ-ਦਰਾਜ ਦੇ ਪਿੰਡਾਂ ਦੇ ਲੋਕਾਂ ਦੀ ਸਮੱਸਿਆਵਾਂ ਬਾਰੇ ਵੀ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ। -ਪੱਤਰ ਪ੍ਰੇਰਕ