ਜੁਝਾਰ ਸਿੰਘ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ
ਪੰਜਾਬ ਪੈਨਸ਼ਨਰਜ਼ ਮਹਾ ਸੰਘ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਲੈਕਚਰਾਰ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਭ ਤੋਂ ਪਹਿਲਾਂ ਜਿਨ੍ਹਾਂ ਮੈਂਬਰਾਂ ਦਾ ਜਨਮ ਦਿਨ ਇਸ ਮਹੀਨੇ ਵਿੱਚ ਆਉਂਦਾ ਹੈ, ਦਾ ਸਨਮਾਨ ਕੀਤਾ ਗਿਆ। ਇਸ ਮਗਰੋਂ ਪਾਵਰ ਸੈਲਪ ਚੈਂਪੀਅਨ ਜੁਝਾਰ ਸਿੰਘ ਟਾਈਗਰ ਦਾ ਸਨਮਾਨ ਚਿੰਨ੍ਹ ਅਤੇ ਨਗਦ ਰਾਸ਼ੀ ਦੇ ਕੇ ਸਨਮਾਨ ਕੀਤਾ ਗਿਆ। ਇਹ ਰਸਮ ਡੀ ਐੱਸ ਪੀ ਮਨਜੀਤ ਸਿੰਘ ਔਲਖ ਦੇ ਰੀਡਰ ਵਿਸ਼ੇਸ਼ ਰਣਜੀਤ ਸਿੰਘ ਅਤੇ ਥਾਣੇਦਾਰ ਸੁਦੇਸ਼ ਕੁਮਾਰ ਸ਼ਰਮਾ ਨੇ ਨਿਭਾਈ। ਇਸ ਮੌਕੇ ਲਗਪਗ 40 ਪਿੰਡਾਂ ਦੇ ਪੈਨਸ਼ਨਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜੁਝਾਰ ਸਿੰਘ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਸੰਸਥਾ ਦੇ ਜਨਰਲ ਸਕੱਤਰ ਲਛਮਣ ਸਿੰਘ ਅਤੇ ਸੀਨੀਅਰ ਆਗੂ ਪਵਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਬੁਲਾਰਿਆਂ ਨੇ ਮੰਗਾਂ ਨਾ ਮੰਨਣ ’ਤੇ ਸਰਕਾਰ ਦੀ ਨਿਖੇਧੀ ਕੀਤੀ। ਬੁਲਾਰਿਆਂ ਹਰਚੰਦ ਸਿੰਘ, ਬਾਰਾ ਸਿੰਘ ਕੰਗ, ਮੋਹਨ ਸਿੰਘ, ਪ੍ਰਿੰਸੀਪਲ ਸੁਰਿੰਦਰਜੀਤ ਵਰਮਾ, ਮਾਸਟਰ ਸੁਰਿੰਦਰਪਾਲ ਸਿੰਘ ਅਤੇ ਕੈਪਟਨ ਹਰਪਾਲ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਿਹੜੇ ਪੈਨਸ਼ਨਰਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦਾ ਬਕਾਇਆ ਉਨ੍ਹਾਂ ਦੇ ਵਾਰਸਾਂ ਨੂੰ ਤੁਰੰਤ ਦਿੱਤਾ ਜਾਵੇ।
