ਮਾਸਟਰ ਕਾਡਰ ਦੀਆਂ ਪਦਉਨਤੀਆਂ ਲਈ ਖਾਲੀ ਸਟੇਸ਼ਨ ਦਰਸਾਉਣ ਦੀ ਮੰਗ
ਗੌਰਮਿੰਟ ਟੀਚਰਜ਼ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਸਟਰ ਕਾਡਰ ਤੋਂ ਲੈਕਚਰਾਰ ਅਤੇ ਪ੍ਰਾਇਮਰੀ ਤੋਂ ਮਾਸਟਰ ਕਾਡਰ ਪਦਉੱਨਤੀਆਂ ਵਿੱਚ ਸਾਰੇ ਖਾਲੀ ਸਟੇਸ਼ਨ ਚੋਣ ਵੇਲੇ ਦਰਸਾਏ ਜਾਣ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ ਪ੍ਰੈਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਕਿਹਾ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਘੱਟ ਗਿਣਤੀ ਹੈ ਉਸ ਦਾ ਅਸਲ ਕਾਰਨ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਹੈ। ਇਸ ਲਈ ਸਿੱਖਿਆ ਵਿਭਾਗ ਨੂੰ ਸਮੱਸਿਆ ਦੀ ਅਸਲ ਜੜ੍ਹ ਫੜਦਿਆਂ ਪਹਿਲਾਂ ਸਕੂਲਾਂ ਵਿੱਚ ਪੂਰੇ ਅਧਿਆਪਕ ਤਾਇਨਾਤ ਕਰਨੇ ਚਾਹੀਦੇ ਹਨ, ਕਿਉਂਕਿ ਸਕੂਲਾਂ ਵਿੱਚ ਬੱਚਿਆਂ ਦੀ ਘੱਟ ਗਿਣਤੀ ਹੋਣ ਦਾ ਕਾਰਨ ਅਧਿਆਪਕਾਂ ਦਾ ਨਾ ਹੋਣਾ ਹੀ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਪਦ ਉੱਨਤੀਆਂ ਵਿੱਚ ਸਾਰੀਆਂ ਖਾਲੀ ਅਸਾਮੀਆਂ ਦਰਸਾਵੇ ਤਾਂ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਪਣੇ ਆਪ ਹੀ ਵਾਧਾ ਹੋ ਜਾਵੇਗਾ। ਉਨ੍ਹਾਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਕਿ ਪੇਂਡੂ ਵਿਦਿਆਰਥੀਆਂ ਨੂੰ ਇਨਸਾਫ ਦਿੰਦਿਆਂ ਉਹ ਪਹਿਲ ਕਦਮੀ ਕਰਦੇ ਹੋਏ ਅਧਿਕਾਰੀਆਂ ਨੂੰ ਇਹ ਹਦਾਇਤ ਕਰਨ ਕਿ ਸਾਰੀਆਂ ਖਾਲੀ ਅਸਾਮੀਆਂ ਪਦਉਨਤੀਆਂ ਦੀ ਸਟੇਸ਼ਨ ਚੋਣ ਵੇਲੇ ਪ੍ਰਦਰਸ਼ਿਤ ਕੀਤੀਆਂ ਜਾਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਿਛਲੀ ਸਰਕਾਰ ਵੱਲੋਂ ਇਤਿਹਾਸ ਅਤੇ ਰਾਜਨੀਤੀ ਸ਼ਾਸਤਰ ਦੀਆਂ ਖਤਮ ਕੀਤੀਆਂ ਪੋਸਟਾਂ ਮੁੜ ਸੁਰਜੀਤ ਕੀਤੀਆਂ ਜਾਣ। ਇਸ ਮੌਕੇ ਕੁਲਵੀਰ ਸਿੰਘ ਕੰਧੋਲਾ, ਅਵਨੀਤ ਚੱਢਾ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ ਹੀਰਾ, ਕੁਲਦੀਪ ਸਿੰਘ ਅਤੇ ਜਗਦੀਪ ਸਿੰਘ ਆਦਿ ਹਾਜ਼ਰ ਸਨ।