ਚੋਣਾਂ ਕਰ ਕੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ
ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਦੀ 13 ਦਸੰਬਰ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਹੈ। ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਇਸ ਦਿਨ ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਨਿਰਧਾਰਤ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਅਧਿਆਪਕਾਂ ਦੀ ਡਿਊਟੀ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਸਕੌਰ ਨੇ ਸੂਬਾ ਸਰਕਾਰ ਨੂੰ ਸਪਸ਼ਟ ਕੀਤਾ ਹੈ ਕਿ ਜਵਾਹਰ ਨਵੋਦਿਆ ਪ੍ਰੀਖਿਆ ਲਈ ਅਧਿਆਪਕਾਂ ਦੀ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ ਤੱਕ ਲੈ ਕੇ ਜਾਣ ਦੀ ਮਹੱਤਵਪੂਰਨ ਜ਼ਿੰਮੇਵਾਰੀ ਨਿਭਾਉਣੀ ਪੈਂਦੀ ਹੈ ਜਿਸ ਕਾਰਨ ਇੱਕੋ ਦਿਨ ਇਹ ਦੋਹਰੀ ਜ਼ਿੰਮੇਵਾਰੀ ਨਿਭਾਉਣਾ ਮੁਸ਼ਕਿਲ ਹੋ ਜਾਵੇਗਾ। ਯੂਨੀਅਨ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਵਿਦਿਆਰਥੀਆਂ ਦੀ ਸਹੂਲਤ ਅਤੇ ਪ੍ਰਬੰਧਕੀ ਕਾਰਨਾਂ ਨੂੰ ਧਿਆਨ ਵਿੱਚ ਰੱਖਦਿਆਂ 13 ਦਸੰਬਰ ਨੂੰ ਹੋਣ ਵਾਲੀ ਜਵਾਹਰ ਨਵੋਦਿਆ ਵਿਦਿਆਲਿਆ ਪ੍ਰੀਖਿਆ ਮੁਲਤਵੀ ਕਰਕੇ ਨਵੀਂ ਤਰੀਕ ਜਾਰੀ ਕੀਤੀ ਜਾਵੇ ਤਾਂ ਕਿ ਕੋਈ ਗਲਤ ਫ਼ਹਿਮੀ ਜਾਂ ਰੁਕਾਵਟ ਨਾ ਪੈ ਸਕੇ।
