ਕੁਲਦੀਪ ਸਿੰਘ
ਚੰਡੀਗੜ੍ਹ, 20 ਜੂਨ
ਯੂ.ਟੀ. ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਮੁਲਾਜ਼ਮਾਂ ਵੱਲੋਂ ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐੱਮ.ਸੀ. ਐਂਪਲਾਈਜ਼ ਤੇ ਵਰਕਰਜ਼ ਯੂ.ਟੀ. ਚੰਡੀਗੜ੍ਹ ਦੇ ਬੈਨਰ ਹੇਠ ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਸੈਕਟਰ 17 ਵਿੱਚ ਇਕੱਠੇ ਹੋਏ ਮੁਲਾਜ਼ਮਾਂ ਵਿੱਚ ਅੱਜ ਉਸ ਸਮੇਂ ਰੋਹ ਫੈਲ ਗਿਆ ਜਦੋਂ ਉਨ੍ਹਾਂ ਹੱਥੋਂ ਪ੍ਰਸ਼ਾਸਕ ਦਾ ਪੁਤਲਾ ਪੁਲੀਸ ਨੇ ਖੋਹ ਲਿਆ। ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਦਿਆਂ ਪੁਲੀਸ ਨੂੰ ਚਿਤਾਵਨੀ ਦਿੱਤੀ ਕਿ ਉਹ ਫਿਰ ਤੋਂ ਪ੍ਰਸ਼ਾਸਕ ਦਾ ਪੁਤਲਾ ਬਣਾ ਕੇ ਫੂਕਣਗੇ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਦੀ ਮੀਟਿੰਗ ਸਲਾਹਕਾਰ ਧਰਮਪਾਲ ਨਾਲ ਕਰਵਾਈ ਜਿਸ ਤੋਂ ਬਾਅਦ ਪ੍ਰਦਰਸ਼ਨ ਸਮਾਪਤ ਕੀਤਾ ਗਿਆ। ਸੈਕਟਰ 17 ਸਥਿਤ ਪੁਲ਼ ਹੇਠ ਇਕੱਤਰ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਕੋਆਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ,ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸ਼ਨ ਮੁਲਾਜ਼ਮਾਂ ਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਕਰ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਸਲਾਹਕਾਰ ਸਾਹਮਣੇ ਵਰਕਰਾਂ ਦੀਆਂ ਮੰਗਾਂ ਰੱਖੀਆਂ ਗਈਆਂ ਅਤੇ ਮੰਗ ਪੱਤਰ ਵੀ ਸੌਂਪਿਆ ਗਿਆ। ਪੂਰੀ ਗੱਲ ਸੁਣਨ ਉਪਰੰਤ ਸਲਾਹਕਾਰ ਨੇ ਭਰੋਸਾ ਦਵਾਇਆ ਕਿ ਜਲਦ ਹੀ ਕੋਆਰਡੀਨੇਸ਼ਨ ਕਮੇਟੀ ਦੇ ਨਾਲ ਉੱਚ ਪੱਧਰ ਦੀ ਮੀਟਿੰਗ ਕੀਤੀ ਜਾਵੇਗੀ।