ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 9 ਮਈ
ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਮੁਹਾਲੀ ਦੇ ਆਗੂਆਂ ਨੇ ਪੰਜਾਬ ਦੇ ਭਖਦੇ ਮਸਲਿਆਂ ਸਬੰਧੀ ਇੱਥੇ ਡੀਸੀ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਅਤੇ ਡੀਸੀ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਐੱਨ ਕੇ ਸ਼ਰਮਾ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਰਣਜੀਤ ਸਿੰਘ ਗਿੱਲ ਅਤੇ ਕਮਲਜੀਤ ਸਿੰਘ ਰੂਬੀ ਦੀ ਅਗਵਾਈ ਹੇਠ ਸਾਰੇ ਵਿੰਗਾਂ ਦੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਇੱਕਸੁਰ ਹੋ ਕੇ ਮੰਗ ਕੀਤੀ ਕਿ ਪੰਜਾਬ ਅਤੇ ਦਿੱਲੀ ਦਾ ਨਾਲਜ ਸ਼ੇਅਰਿੰਗ ਸਮਝੌਤਾ ਰੱਦ ਕੀਤਾ ਜਾਵੇ, ਬਿਜਲੀ ਸਪਲਾਈ ਵਿੱਚ ਸੁਧਾਰ ਕੀਤਾ ਜਾਵੇ, ਕਣਕ ਦਾ ਮੁਆਵਜ਼ਾ, ਕਾਨੂੰਨ ਵਿਵਸਥਾ ਅਤੇ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀ ਕੀਮਤਾਂ ਘਟਾਈਆਂ ਜਾਣ।
ਇਸ ਮੌਕੇ ਸਾਬਕਾ ਵਿਧਾਇਕ ਐੱਨ ਕੇ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਸਪਲਾਈ ਦਾ ਕਾਫ਼ੀ ਬੁਰਾ ਹਾਲ ਹੈ। ਕਿਸਾਨ, ਇੰਡਸਟਰੀ, ਦੁਕਾਨਦਾਰ, ਛੋਟੇ ਵਪਾਰੀ ਅਤੇ ਘਰੇਲੂ ਖਪਤਕਾਰ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਬੇਹੱਦ ਪ੍ਰੇਸ਼ਾਨ ਹਨ। ਬਿਜਲੀ ’ਤੇ ਨਿਰਭਰ ਕਾਰੋਬਾਰੀਆਂ ਦਾ ਕੰਮ ਠੱਪ ਹੋਣ ਕੰਢੇ ਪਹੁੰਚ ਗਿਆ ਹੈ।
ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਪੰਜਾਬ ਵਿੱਚ ਦਿਨ ਪ੍ਰਤੀ ਦਿਨ ਵਿਗੜ ਰਹੀ ਅਮਨ ਕਾਨੂੰਨ ਦੀ ਹਾਲਤ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪਰਵਿੰਦਰ ਸਿੰਘ ਬੈਦਵਾਨ, ਚਰਨਜੀਤ ਸਿੰਘ ਕਾਲੇਵਾਲ ਅਤੇ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਜਿਸ ਦਿਨ ਤੋਂ ਆਪ ਸਰਕਾਰ ਬਣੀ ਹੈ, ਉਸ ਦਿਨ ਹੁਣ ਤੱਕ ਕਾਨੂੰਨ ਦੀ ਸਥਿਤੀ ਬੇਹੱਦ ਨਿੱਘਰ ਚੁੱਕੀ ਹੈ। ਇਸ ਮੌਕੇ ਸਰਬਜੀਤ ਸਿੰਘ ਕਾਦੀਮਾਜਰਾ, ਸਰਬਜੀਤ ਸਿੰਘ ਪਾਰਸ, ਅਰਵਿੰਦਰ ਸਿੰਘ ਕੰਗ, ਰਵਿੰਦਰ ਸਿੰਘ ਖੇੜਾ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਸਤਨਾਮ ਸਿੰਘ ਲਾਂਡਰਾਂਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।