ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 9 ਜੂਨ
ਪੰਜਾਬ ਸਰਕਾਰ ਵੱਲੋਂ ਕਰੋਨਾਵਾਇਰਸ ਭੱਤਾ ਖ਼ਤਮ ਕਰਨ ਅਤੇ ਮੁਲਾਜ਼ਮ ਵਿਰੋਧੀ ਫ਼ੈਸਲੇ ਲਏ ਜਾਣ ਦੇ ਰੋਸ ਵਜੋਂ ਅੱਜ ਇੱਥੇ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸਨਕਾਰੀ ਵਰਕਰਾਂ ਨੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਅੱਗੇ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਵਾ ਕੀਤਾ।
ਇਸ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਇਸ ਸਰਕਾਰ ਵੱਲੋਂ ਮੁਲਾਜ਼ਮ ਵਿਰੋਧੀ ਫ਼ੈਸਲੇ ਲਏ ਜਾਣ ਕਾਰਨ ਮੁਲਾਜ਼ਮ ਵਰਗ ਵਿੱਚ ਸਖ਼ਤ ਰੋਸ ਹੈ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਮਿਲ ਰਿਹਾ 2500 ਰੁਪਏ ਕੋਵਿਡ ਅਤੇ 10 ਹਜ਼ਾਰ ਰੁਪਏ ਸਪੈਸ਼ਲ ਭੱਤਾ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ 2500 ਰੁਪਏ ਪ੍ਰਤੀ ਮਹੀਨਾ ਫਿਕਸਡ ਆਨਰੇਰੀਅਮ ਦੇ ਨੋਟੀਫ਼ਿਕੇਸ਼ਨ ਵਿੱਚ ਲਗਾਈਆਂ ਸ਼ਰਤਾਂ ਨੂੰ ਵੀ ਵਾਪਸ ਲੈਣ ਦੀ ਮੰਗ ਕੀਤੀ ਅਤੇ 7 ਜਨਵਰੀ 2022 ਵਾਲੇ ਨੋਟੀਫਿਕੇਸ਼ਨ ਨੂੰ ਇਨ-ਬਿਨ ਲਾਗੂ ਕਰਨ ਦੀ ਮੰਗ ਕੀਤੀ। ਯੂਨੀਅਨ ਦੀ ਸੂਬਾ ਪ੍ਰਧਾਨ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ 17 ਜੂਨ ਨੂੰ ਸੰਗਰੂਰ ਵਿੱਚ ਪੰਜਾਬ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ।
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
ਖਮਾਣੋਂ (ਨਿੱਜੀ ਪੱਤਰ ਪ੍ਰੇਰਕ): ਕਰੋਨਾ ਭੱਤਾ ਖ਼ਤਮ ਕਰਨ ਦੇ ਵਿਰੋਧ ਵਿੱਚ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀ ਜਥੇਬੰਦੀ ਦੀ ਬਲਾਕ ਖਮਾਣੋਂ ਇਕਾਈ ਵੱਲੋਂ ਪ੍ਰਧਾਨ ਹਰਜਿੰਦਰ ਕੌਰ ਅਮਰਾਲਾ ਦੀ ਅਗਵਾਈ ਹੇਠ ਸੰਘੋਲ ਵਿੱਚ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਤੋਂ 2500 ਰੁਪਏ ਕਰੋਨਾ ਭੱਤਾ ਅਤੇ 10 ਹਜ਼ਾਰ ਰੁਪਏ ਸਪੈਸ਼ਲ ਭੱਤਾ ਬੰਦ ਕਰ ਦਿੱਤਾ ਗਿਆ ਜਦੋਂਕਿ ਫਿਲਹਾਲ ਮਹਾਮਾਰੀ ਖਤਮ ਨਹੀਂ ਹੋਈ ਹੈ ਅਤੇ ਉਨ੍ਹਾਂ ਤੋਂ ਇਸ ਸਬੰਧੀ ਕੰਮ ਲਿਆ ਜਾ ਰਿਹਾ ਹੈ। ਅਜਿਹੇ ਵਿੱਚ ਉਕਤ ਦੋਵੇਂ ਭੱਤੇ ਜਾਰੀ ਰੱਖਣ ਦੀ ਮੰਗ ਕੀਤੀ ਗਈ।