ਸਰਬਜੀਤ ਸਿੰਘ ਭੱਟੀ
ਲਾਲੜੂ, 11 ਅਕਤੂਬਰ
ਨਗਰ ਕੌਂਸਲ ਲਾਲੜੂ ਦੇ ਸਫ਼ਾਈ ਕਰਮਚਾਰੀਆਂ ਨੇ ਪਿਛਲੇ ਮਹੀਨੇ ਦਾ ਵੇਤਨ ਨਾ ਮਿਲਣ ਕਾਰਨ ਰੋਸ ਵਜੋਂ ਕੌਂਸਲ ਦਫ਼ਤਰ ਅੱਗੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਛੇਤੀ ਉਨ੍ਹਾਂ ਦੀ ਤਨਖਾਹ ਨਾ ਦਿੱਤੀ ਗਈ ਤਾਂ ਉਹ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਥੇ ਹੀ ਕੌਂਸਲ ਦਫ਼ਤਰ ਵਿੱਚ ਪ੍ਰਧਾਨ ਅਤੇ ਕਾਰਜਸਾਧਕ ਅਫਸਰ ਦਾ ਅਹੁਦਾ ਖਾਲੀ ਹੋਣ ਕਰਕੇ ਹੋਰ ਅਧਿਕਾਰੀ ਸਫਾਈ ਕਰਮਚਾਰੀਆਂ ਤੋਂ ਮੰਗ ਪੱਤਰ ਲੈਣ ਤੋਂ ਟਾਲਾ ਵੱਟਦੇ ਨਜ਼ਰ ਆਏ। ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ, ਬਿੱਟੂ, ਸੁਖਵਿੰਦਰ, ਗੁਰਪਾਲ, ਗੁਰਸੇਵਕ, ਜਗਜੀਤ, ਅਮਰਨਾਥ, ਲਛਮੀ ਦੇਵੀ, ਕ੍ਰਿਸਨਾ ਦੇਵੀ, ਮਹਿੰਦਰਪਾਲ, ਨਵੀਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਪਿਛਲੇ ਮਹੀਨੇ ਦੀ ਤਨਖਾਹ ਨਹੀਂ ਮਿਲੀ ਹੈ, ਜਦਕਿ ਪਹਿਲਾਂ ਪੰਜ ਤਾਰੀਖ ਤੱਕ ਤਨਖਾਹ ਮਿਲ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਆਪਣੀ ਘਰੇਲੂ ਜ਼ਰੂਰਤਾਂ ਪੁੂਰੀ ਕਰਨ ਲਈ ਉਨ੍ਹਾਂ ਨੂੰ ਤਨਖਾਹ ਦੀ ਸਖਤ ਲੋੜ ਹੈ। ਕਰਮਚਾਰੀਆਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਤਨਖਾਹ ਤੁਰੰਤ ਦਿੱਤੀ ਜਾਵੇ।
ਐੱਸ.ਡੀ.ਐੱਮ ਡੇਰਾਬਸੀ ਹਿਮਾਂਸ਼ੂ ਗੁਪਤਾ ਨੇ ਕਿਹਾ ਕਿ ਛੇਤੀ ਹੀ ਸਬੰਧਤ ਠੇਕੇਦਾਰ ਨਾਲ ਗੱਲਬਾਤ ਕਰਕੇ ਸਫ਼ਾਈ ਕਰਮਚਾਰੀਆਂ ਨੂੰ ਤਨਖਾਹ ਦਿਵਾਈ ਜਾਵੇਗੀ।