ਮਿਹਰ ਸਿੰਘ
ਕੁਰਾਲੀ, 31 ਜੁਲਾਈ
ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕੇਂਦਰ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਰੋਸ ਵਜੋਂ ਅੱਜ ਕੁਰਾਲੀ ਵਿੱਚ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਲੋਕ ਹਿੱਤ ਮਿਸ਼ਨ, ਕੁਲ ਹਿੰਦ ਕਿਸਾਨ ਸਭਾ, ਸੀਆਈਟੀਯੂ ਤੇ ਹੋਰ ਮਜ਼ਦੂਰ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਕੁਰਾਲੀ ਵਿੱਚ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ।
ਇਸ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਬਲਵੀਰ ਸਿੰਘ ਮੁਸਾਫਿਰ, ਗੁਰਮੀਤ ਸਿੰਘ ਸਾਂਟੂ, ਸੁਖਦੇਵ ਸਿੰਘ ਸੁੱਖਾ ਕੰਸਾਲਾ, ਰਵਿੰਦਰ ਸਿੰਘ ਵਜ਼ੀਦਪੁਰ, ਰੇਸ਼ਮ ਸਿੰਘ ਬਡਾਲੀ, ਦਰਸ਼ਨ ਸਿੰਘ ਨਾਗਰਾ, ਪਰਮਜੀਤ ਸਿੰਘ ਖਿਜ਼ਰਾਬਾਦ, ਗੁਰਦਿਆਲ ਸਿੰਘ, ਰਾਜਿੰਦਰ ਕਟੋਚ ਅਤੇ ਗੁਰਬਚਨ ਸਿੰਘ ਮੁੰਧੋਂ ਨੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਹੋਰ ਕਿਰਤੀ ਮੰਗਾਂ ਸਬੰਧੀ ਇੱਕ ਸਾਲ ਤੋਂ ਵੱਧ ਸਮਾਂ ਸੰਘਰਸ਼ ਕੀਤਾ ਗਿਆ ਸੀ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਨੁਸਾਰ ਐੱਮਐੱਸਪੀ ਨੂੰ ਕਾਨੂੰਨ ਬਣਾਉਣ, ਕਿਸਾਨਾਂ ਤੇ ਦਰਜ ਕੇਸ ਵਾਪਸ ਲੈਣ, ਲਖੀਮਪੁਰ ਖੀਰੀ ਦੇ ਪੀੜਤਾਂ ਨੂੰ ਇਨਸਾਫ਼ ਦੇਣ, ਫਸਲਾਂ ਦੇ ਬਣਦੇ ਰੇਟ ਤੈਅ ਕਰਨ ਆਦਿ ਮੰਗਾਂ ਨੂੰ ਪੂਰਾ ਨਾ ਕਰਨ ਕਰ ਕੇ ਕਿਰਤੀਆਂ ਅੰਦਰ ਭਾਰੀ ਰੋਸ ਹੈ। ਆਗੂਆਂ ਨੇ ਕਿਹਾ ਕਿ ਉਨ੍ਹਾਂ ਲਈ ਆਪਣੀ ਕਿਰਤ ਨੂੰ ਬਚਾਉਣਾ ਆਪਣੀ ਫਸਲ ਦੇ ਨਾਲ ਨਾਲ ਨਸਲ ਦੇ ਭਵਿੱਖ ਦੇ ਸੁਰੱਖਿਅਤ ਦਾ ਵੀ ਸਵਾਲ ਹੈ। ਇਸ ਲਈ ਜੇਕਰ ਕੇਂਦਰ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਇਹ ਸੰਘਰਸ਼ ਪਹਿਲਾਂ ਵਾਂਗ ਦਿੱਲੀ ਦੀਆਂ ਬਰੂਹਾਂ ਤੇ ਜਾ ਕੇ ਰੁਕੇਗਾ।
ਖਰੜ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਪ੍ਰਧਾਨ ਦਵਿੰਦਰ ਸਿੰਘ ਦੇਹਕਲਾ ਵੱਲੋਂ ਰੇਲ ਰੋਕੋ ਅੰਦੋਲਨ ਦੀ ਅਗਵਾਈ ਕਰ ਕੇ ਰੇਲਾਂ ਰੋਕੀਆਂ ਗਈਆਂ ਅਤੇ ਉੱਥੇ ਹੀ ਖਰੜ ਰੇਲਵੇ ਸਟੇਸ਼ਨ ’ਤੇ ਇਸ ਭਾਰੀ ਬਾਰਿਸ਼ ਹੋਣ ਦੇ ਬਾਵਜੂਲ ਰੈਲੀ ਕੀਤੀ ਗਈ ਅਤੇ ਸਰਕਾਰ ਨੂੰ ਸੁਚੇਤ ਕਰਦਿਆਂ ਆਪਣੀਆਂ ਮੰਗਾਂ ਮਨਵਾਉਣ ਸਬੰਧੀ ਲਿਖਿਆ ਗਿਆ। ਇਸ ਮੌਕੇ ਜਸਪਾਲ ਸਿੰਘ ਨਿਆਮੀਆਂ, ਗੁਰੀਮਤ ਸਿੰਘ ਖੂਨੀਮਾਜਰਾ, ਕੁਲਵੰਤ ਸਿੰਘ ਰੁੜਕੀ, ਚਰਨਜੀਤ ਸਿੰਘ, ਸਰਬਜੀਤ ਸਿੰਘ ਆਦਿ ਕਿਸਾਨ ਆਗੂ ਮੌਜੂਦ ਸਨ।
ਸ਼ੰਭੂ ਟੌਲ ਪਲਾਜ਼ਾ ’ਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਅਤੇ ਹੋਰ ਲਟਕ ਰਹੀਆਂ ਮੰਗਾਂ ਦੇ ਸਮਰਥਨ ਵਿੱਚ ਅੰਬਾਲਾ ਜ਼ਿਲ੍ਹੇ ਦੇ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਥੱਲੇ ਰੋਸ ਪ੍ਰਗਟ ਕਰਦਿਆਂ ਸ਼ੰਭੂ ਟੌਲ ਪਲਾਜ਼ਾ ’ਤੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਸ਼ਹੀਦ ਭਗਤ ਸਿੰਘ ਭਾਰਤੀ ਕਿਸਾਨ ਯੂਨੀਅਨ ਅਤੇ ਮਾਨ ਗਰੁੱਪ ਨੇ ਸ਼ੰਭੂ ਟੌਲ ਅਤੇ ਬਰਵਾਲਾ ਟੌਲ ’ਤੇ ਸੰਕੇਤਿਕ ਧਰਨਾ ਦਿੱਤਾ ਅਤੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਟੌਲ ਫਰੀ ਕਰਾਇਆ। ਮੰਗਾਂ ਪੂਰੀਆਂ ਨਾ ਹੋਣ ਤੇ ਕਿਸਾਨਾਂ ਨੇ ਵੱਡਾ ਅੰਦੋਲਨ ਕਰਨ ਦੀ ਚਿਤਾਵਨੀ ਦਿੱਤੀ। ਧਰਨੇ ਦੌਰਾਨ ਸ਼ਹੀਦ ਭਗਤ ਸਿੰਘ ਕਿਸਾਨ ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਮੌਹੜੀ, ਜੈ ਸਿੰਘ ਜਲਬੇੜਾ, ਬਜਿੰਦਰ ਸਿੰਘ, ਸੁਖਵਿੰਦਰ ਸਿੰਘ, ਅੰਬਾਲਾ-2 ਬਲਾਕ ਪ੍ਰਧਾਨ ਮਨਜੀਤ ਸਿੰਘ ਗਰਨਾਲਾ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ, ਬਲਕਾਰ ਸਿੰਘ, ਤੇਜਬੀਰ ਸਿੰਘ ਪੰਜੋਖਰਾ, ਮਾਨ ਗਰੁੱਪ ਤੋਂ ਬਲਦੇਵ ਸਿੰਘ ਸਮੇਤ ਹੋਰ ਕਿਸਾਨ ਆਗੂ ਮੌਜੂਦ ਰਹੇ। ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ ਅੱਜ ਐਤਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ ਪਰੰਤੂ ਕਿਸਾਨਾਂ ਨੇ ਹਰਿਆਲੀ ਤੀਜ ਦੇ ਤਿਉਹਾਰ ਨੂੰ ਦੇਖਦਿਆਂ ਇਹ ਫ਼ੈਸਲਾ ਵਾਪਸ ਲੈ ਲਿਆ।