ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 27 ਅਗਸਤ
ਇਥੋਂ ਦੀ ਬਰਵਾਲਾ ਰੋਡ ਦੀ ਖਸਤਾ ਹਾਲਤ ਖ਼ਿਲਾਫ਼ ਅੱਜ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਵੱਲੋਂ ਮੁੜ ਤੋਂ ਰੋਸ ਮੁਜ਼ਾਹਰਾ ਕੀਤਾ ਗਿਆ। ਮੁਜ਼ਹਰਾਕਾਰੀ ਪਹਿਲਾਂ ਵੀ ਇਸ ਸੜਕ ਦੀ ਹਾਲਤ ਸੁਧਾਰਨ ਦੀ ਮੰਗ ਨੂੰ ਲੈ ਕੇ ਸੜਕ ’ਤੇ ਪ੍ਰਦਰਸ਼ਨ ਕਰ ਚੁੱਕੇ ਹਨ। ਮੁਜ਼ਾਹਰਾਕਾਰੀਆਂ ਵੱਲੋਂ ਅੱਜ ਐੱਸਡੀਐੱਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੂੰ ਮੰਗ ਪੱਤਰ ਦੇ ਕੇ ਸੜਕ ਨੂੰ ਜਲਦੀ ਤੋਂ ਜਲਦੀ ਮੁਰੰਮਤ ਕਰਨ ਦੀ ਮੰਗ ਕੀਤੀ। ਮੁਜ਼ਾਹਰਾਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਮੁੱਖ ਸਨਅਤ ਇਸ ਸੜਕ ਦੇ ਆਲੇ-ਦੁਆਲੇ ਸਥਾਪਤ ਹਨ। ਰੋਜ਼ਾਨਾ ਇਨ੍ਹਾਂ ਸਨਅਤਾਂ ਵਿੱਚ ਵੱਡੇ ਅਤੇ ਛੋਟੇ ਵਾਹਨ ਕੱਚਾ ਅਤੇ ਪੱਕਾ ਮਾਲ ਲੈ ਕੇ ਆਉਂਦੇ ਜਾਂਦੇ ਹਨ। ਇਸ ਸੜਕ ਦੀ ਹਾਲਤ ਲੰਮੇਂ ਸਮੇਂ ਤੋਂ ਖਸਤਾ ਬਣੀ ਹੋਈ ਹੈ। ਸੜਕ ’ਤੇ ਵੱਡੇ ਵੱਡੇ ਟੋਏ ਪੈ ਗਏ ਹਨ ਜਿਥੇ ਰੋਜ਼ਾਨਾ ਕੋਈ ਨਾ ਕੋਈ ਵਾਹਨ ਹਾਦਸੇ ਦਾ ਸ਼ਿਕਾਰ ਹੁੰਦਾ ਹੈ। ਸੜਕ ਦੀ ਲੰਮੇ ਸਮੇਂ ਤੋਂ ਮੁਰੰਮਤ ਨਹੀਂ ਹੋਈ ਜਿਸ ਕਾਰਨ ਸਾਰੀ ਸੜਕ ਬੁਰੀ ਤਰ੍ਹਾਂ ਟੁੱਟ ਗਈ ਹੈ। ਇਥੇ ਲੰਘਣਾ ਹਾਦਸਿਆਂ ਨੂੰ ਸੱਦਾ ਦੇਣਾ ਹੈ। ਇਸ ਸਬੰਧੀ ਸੰਪਰਕ ਕਰਨ ’ਤੇ ਐੱਸਡੀਐੱਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਛੇਤੀ ਇਸ ਸੜਕ ਦੀ ਹਾਲਤ ਸੁਧਾਰੀ ਜਾਏਗੀ।