ਪੱਤਰ ਪ੍ਰੇਰਕ
ਚੰਡੀਗੜ੍ਹ, 22 ਅਗਸਤ
ਪੰਜਾਬ ਵਿੱਚ ਬੀਤੇ ਦਿਨੀਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਅਤੇ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਦੇ ਵਿਰੋਧ ਵਿੱਚ ਵਿਦਿਆਰਥੀ ਜਥੇਬੰਦੀ ਐੱਸਐੱਫਐੱਸ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਿਦਿਆਰਥੀ ਕੇਂਦਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਪ੍ਰਧਾਨ ਸੰਦੀਪ ਅਤੇ ਜਨਰਲ ਸਕੱਤਰ ਗਗਨਦੀਪ ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਵਿੱਚ ਪ੍ਰੋ. ਮਨਜੀਤ ਸਿੰਘ ਸਣੇ ਹੋਰ ਕਈ ਬੁੱਧੀਜੀਵੀਆਂ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ ਪੰਜਾਬ ਦੀ ‘ਆਪ’ ਸਰਕਾਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ।
ਵਿਦਿਆਰਥੀ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਭਾਜਪਾ ਸਰਕਾਰ ਤਹਿਤ ਹਰਿਆਣਾ ਪੁਲੀਸ ਹੋਵੇ ਜਾਂ ‘ਆਪ’ ਦੀ ਪੰਜਾਬ ਪੁਲੀਸ ਹੋਵੇ, ਦੋਵੇਂ ਰਾਜਾਂ ਦੀ ਪੁਲੀਸ ਦਾ ਰਵੱਈਆ ਕਿਸਾਨਾਂ ਪ੍ਰਤੀ ਇੱਕੋ ਜਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੜ੍ਹਾਂ ਕਰ ਕੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ, ਡੈਮਾਂ ਦੀ ਮਜ਼ਬੂਤੀ ਅਤੇ ਹੋਰ ਮੰਗਾਂ ਸਣੇ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰ ਰਹੇ ਸਨ। ਦੋਵੇਂ ਸੂਬਿਆਂ ਦੀਆਂ ਸਰਕਾਰਾਂ ਨੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਹਮਲਾ ਕਰਨਾ ਹੀ ਚੁਣਿਆ ਜੋ ਕਿ ਬਹੁਤ ਹੀ ਨਿੰਦਣਯੋਗ ਗੱਲ ਹੈ। ਐੱਸਐੱਫਐੱਸ ਪ੍ਰਧਾਨ ਸੰਦੀਪ ਨੇ ਕਿਹਾ ਕਿ ਸਾਨੂੰ ਇਨ੍ਹਾਂ ਸਾਰੀਆਂ ਕਿਸਾਨ ਵਿਰੋਧੀ ਸਰਕਾਰਾਂ ਦਾ ਸਮੂਹਿਕ ਰੂਪ ਵਿੱਚ ਵਿਰੋਧ ਕਰਨਾ ਚਾਹੀਦਾ ਹੈ ਅਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਲੋਕਾਂ ਨੂੰ ਲਾਮਬੰਦ ਕਰਨਾ ਚਾਹੀਦਾ ਹੈ।