ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਦਸੰਬਰ
ਚੰਡੀਗੜ੍ਹ ਵਿੱਚ ਅੱਜ ਸੀਤ ਲਹਿਰ ਦਾ ਕਾਫ਼ੀ ਪ੍ਰਭਾਵ ਰਿਹਾ। ਚੰਡੀਗੜ੍ਹ ਅਤੇ ਸ਼ਿਮਲਾ ਦਾ ਦਿਨ ਦਾ ਤਾਪਮਾਨ ਇੱਕਸਮਾਨ ਰਿਹਾ। ਮੌਸਮ ਵਿਭਾਗ ਅਨੁਸਾਰ ਜਿੱਥੇ ਅੱਜ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 9 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ ਉੱਥੇ ਹੀ ਆਉਣ ਵਾਲੇ ਦਿਨਾਂ ਵਿੱਚ ਠੰਢ ਵਧਣ ਬਾਰੇ ਕਿਹਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਕੀਤਾ ਹੈ ਜੋ ਆਮ ਨਾਲੋਂ 9 ਡਿਗਰੀ ਘੱਟ ਸੀ ਅਤੇ ਘੱਟ ਤੋਂ ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਆਮ ਨਾਲੋਂ 1 ਡਿਗਰੀ ਸੈਲਸੀਅਸ ਹੇਠਾਂ ਡਿੱਗ ਗਿਆ ਹੈ। ਸਵੇਰ ਤੋਂ ਪੈ ਰਹੀ ਸੰਘਣੀ ਧੁੰਦ ਤੋਂ ਬਾਅਦ ਦੁਪਹਿਰ ਸਮੇਂ ਨਿਕਲੀ ਧੁੱਪ ਕਰਕੇ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਹੈ।