ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 13 ਜੂਨ
ਮੁਹਾਲੀ ਵਿੱਚ ਰੋਜ਼ਾਨਾ ਪੈਦਾ ਹੋ ਰਹੇ ਸੈਂਕੜੇ ਟਨ ਕੂੜਾ ਪ੍ਰਬੰਧਨ ਦੀ ਗੰਭੀਰ ਹੁੰਦੀ ਜਾ ਰਹੀ ਸਮੱਸਿਆ ਨੂੰ ਲੈ ਕੇ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਸਖ਼ਤ ਚਿਤਾਵਨੀ ਭਰਿਆ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਆਉਂਦੇ 15 ਦਿਨਾਂ ਦੇ ਅੰਦਰ-ਅੰਦਰ ਕੂੜਾ ਸੁੱਟਣ ਲਈ ਲੋੜੀਂਦੀ ਜਗ੍ਹਾ ਉਪਲਬਧ ਨਹੀਂ ਕਰਵਾਈ ਗਈ ਤਾਂ ਉਹ ਇਨਸਾਫ਼ ਪਸੰਦ ਲੋਕਾਂ ਦੇ ਸਹਿਯੋਗ ਨਾਲ ਗਮਾਡਾ ਦਫ਼ਤਰ ਦੇ ਬਾਹਰ ਧਰਨਾ ਦੇਣਗੇ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅੱਜ ਗਮਾਡਾ ਦੇ ਮੁੱਖ ਪ੍ਰਸ਼ਾਸਕ ਵਿਸ਼ੇਸ਼ ਸਾਰੰਗਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੱਤਰ ਦਿੱਤਾ। ਇਸ ਮੌਕੇ ਮੁੱਖ ਪ੍ਰਸ਼ਾਸਕ ਨੇ ਡਿਪਟੀ ਮੇਅਰ ਨੂੰ ਭਰੋਸਾ ਦਿੱਤਾ ਕਿ ਇਸ ਸਬੰਧੀ ਉਹ ਮੁੱਖ ਨਿਗਰਾਨ ਤੋਂ ਰਿਪੋਰਟ ਲੈ ਕੇ ਇਸ ਸਮੱਸਿਆ ਦੇ ਹੱਲ ਲਈ ਫੌਰੀ ਠੋਸ ਕਦਮ ਚੁੱਕੇ ਜਾਣਗੇ।
ਕੁਲਜੀਤ ਬੇਦੀ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪਹਿਲਾਂ ਸਨਅਤੀ ਏਰੀਆ ਫੇਜ਼-8ਬੀ ਨੇੜੇ ਪਟਿਆਲਾ ਦੀ ਰਾਓ ਨੇੜੇ ਡੰਪਿੰਗ ਗਰਾਊਂਡ ਵਿੱਚ ਕੂੜਾ ਸੁੱਟਿਆ ਜਾਂਦਾ ਸੀ ਪਰ ਕੌਮੀ ਗਰੀਨ ਟ੍ਰਿਬਿਊਨਲ ਅਤੇ ਉੱਚ ਅਦਾਲਤ ਦੀਆਂ ਹਦਾਇਤਾਂ ਕਾਰਨ ਪਿਛਲੇ ਇੱਕ ਸਾਲ ਤੋਂ ਇਸ ਜਗ੍ਹਾ ’ਤੇ ਕੂੜਾ ਸੁੱਟਣਾ ਬੰਦ ਕੀਤਾ ਗਿਆ ਹੈ। ਨਤੀਜੇ ਵਜੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਕੂੜਾ ਇਕੱਠਾ ਹੋ ਰਿਹਾ ਹੈ ਅਤੇ ਨਗਰ ਨਿਗਮ ਦੇ ਆਰਐਮਸੀ ਪੁਆਇੰਟਾਂ ਉੱਤੇ ਦਬਾਅ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਸ਼ਾਹੀਮਾਜਰਾ ਅਤੇ ਸੈਕਟਰ-77 ਵਿੱਚ ਜੱਜ ਕਲੋਨੀ ਨੇੜੇ ਹਾਲਾਤ ਬਹੁਤ ਮਾੜੇ ਹਨ ਜਦੋਂਕਿ ਪੂਰੇ ਸ਼ਹਿਰ ਵਿੱਚ ਕੂੜੇ ਦੀ ਗੰਭੀਰ ਸਮੱਸਿਆ ਬਣੀ ਹੋਈ ਹੈ।
ਡਿਪਟੀ ਮੇਅਰ ਨੇ ਕਿਹਾ ਕਿ ਨਗਰ ਨਿਗਮ ਖੇਤਰ ਵਿੱਚ ਕੇਵਲ ਨਿਗਮ ਦਾ ਹੀ ਨਹੀਂ, ਸਗੋਂ ਗਮਾਡਾ ਦੇ ਇਲਾਕਿਆਂ, ਹਾਊਸਿੰਗ ਸੁਸਾਇਟੀਆਂ ਅਤੇ ਬਲੌਂਗੀ ਤੱਕ ਦਾ ਕੂੜਾ ਆ ਰਿਹਾ ਹੈ। ਨਤੀਜੇ ਵਜੋਂ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਕੂੜੇ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜੋ ਕਿ ਵਾਤਾਵਰਨ ਲਈ ਬਹੁਤ ਗੰਭੀਰ ਚਿਤਾਵਨੀ ਹੈ। ਉਨ੍ਹਾਂ ਕਿਹਾ ਕਿ ਗਮਾਡਾ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ ਜਦੋਂਕਿ ਬਦਨਾਮੀ ਮੁਹਾਲੀ ਨਿਗਮ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ (ਕੌਂਸਲਰਾਂ) ਦੀ ਹੋ ਰਹੀ ਹੈ।