ਡੇਰਾਬੱਸੀ ਕੌਂਸਲ ਦੀ ਮੀਟਿੰਗ ਵਿੱਚ 5.49 ਕਰੋੜ ਦੇ ਸਫ਼ਾਈ ਪ੍ਰਾਜੈਕਟ ਪਾਸ
ਪ੍ਰਧਾਨ ਆਸ਼ੂ ਉਪਨੇਜਾ ਨੇ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ ਡੇਰਾਬੱਸੀ ਵਿੱਚ ਬਲਕਿ ਪੂਰੇ ਪੰਜਾਬ ਵਿੱਚ ਲਾਗੂ ਕੀਤੀ ਜਾ ਰਹੀ ਸਫ਼ਾਈ ਯੋਜਨਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਪਾਰਦਰਸ਼ਤਾ ਨਾਲ ਠੇਕੇ ’ਤੇ ਦਿੱਤਾ ਜਾਵੇਗਾ ਅਤੇ ਇਸ ਲਈ ਟੈਂਡਰ ਪ੍ਰਕਿਰਿਆ ਛੇਤੀ ਹੀ ਸ਼ੁਰੂ ਕੀਤੀ ਜਾਵੇਗਾ।
ਨਗਰ ਕੌਂਸਲ ਦੇ ਅਨੁਸਾਰ ਇਹ ਪ੍ਰਾਜੈਕਟ ਘੱਟੋ-ਘੱਟ 100 ਲੋਕਾਂ ਨੂੰ ਰੁਜ਼ਗਾਰ ਦੇਵੇਗਾ। ਇਨ੍ਹਾਂ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀ ਅਤੇ ਹੋਰ ਸਹਾਇਕ ਸਟਾਫ਼ ਸ਼ਾਮਲ ਹੋਣਗੇ। ਇੱਕ ਪਾਸੇ ਇਹ ਸਫ਼ਾਈ ਪ੍ਰਣਾਲੀ ਵਿੱਚ ਸੁਧਾਰ ਕਰੇਗਾ, ਦੂਜੇ ਪਾਸੇ ਇਹ ਸ਼ਹਿਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਪ੍ਰਦਾਨ ਕਰੇਗਾ।
ਮੀਟਿੰਗ ਵਿੱਚ ਸਫ਼ਾਈ ਤੋਂ ਇਲਾਵਾ ਸ਼ਹਿਰ ਵਿੱਚ ਘੁੰਮਦੇ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ’ਤੇ ਵੀ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਹ ਫ਼ੈਸਲਾ ਕੀਤਾ ਗਿਆ ਕਿ ਇਸ ਲਈ ਇੱਕ ਵਿਸ਼ੇਸ਼ ਟੀਮ ਬਣਾਈ ਜਾਵੇਗੀ, ਜਿਸ ਨੂੰ ਸਹੀ ਸਿਖਲਾਈ ਦਿੱਤੀ ਜਾਵੇਗੀ ਅਤੇ ਸੁਰੱਖਿਅਤ ਢੰਗ ਨਾਲ ਜਾਨਵਰਾਂ ਨੂੰ ਫੜਨ ਅਤੇ ਕੰਟਰੋਲ ਕਰਨ ਦਾ ਕੰਮ ਸੌਂਪਿਆ ਜਾਵੇਗਾ। ਇਸ ਨਾਲ ਟਰੈਫਿਕ ਜਾਮ, ਸੜਕ ਹਾਦਸੇ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਘੱਟ ਹੋਣਗੀਆਂ।
ਵਾਰਡ ਨੰਬਰ 19 ਦੇ ਕੌਂਸਲਰ ਵਿਕਰਾਂਤ ਪਵਾਰ ਨੇ ਪੀਣ ਵਾਲੇ ਪਾਣੀ ਦੀ ਘਾਟ ਨੂੰ ਚੁੱਕਿਆ। ਉਨ੍ਹਾਂ ਕਿਹਾ ਕਿ ਉੱਥੋਂ ਦੇ ਲੋਕ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ ਅਤੇ ਇਸ ਲਈ ਨਵਾਂ ਟਿਊਬਵੈੱਲ ਲਾਉਣਾ ਜ਼ਰੂਰੀ ਹੈ। ਇਸ ’ਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਭਰੋਸਾ ਦਿੱਤਾ ਕਿ ਛੇਤੀ ਹੀ ਨਵਾਂ ਟਿਊਬਵੈੱਲ ਲਗਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਸਥਾਈ ਰਾਹਤ ਮਿਲ ਸਕੇ।