ਕਰਮਜੀਤ ਸਿੰਘ ਚਿੱਲਾ
ਬਨੂੜ, 26 ਮਾਰਚ
ਇੱਥੋਂ ਦੇ ਵਾਰਡ ਨੰਬਰ 13 ਵਿੱਚ ਸ਼ਨਿਚਰਵਾਰ ਰਾਤ ਨੂੰ ਕਾਰ ਪਾਰਕਿੰਗ ਨੂੰ ਲੈ ਕੇ ਗੁਆਂਢੀਆਂ ਵਿਚਾਲੇ ਹੋਈ ਲੜਾਈ ਵਿੱਚ ਕਥਿਤ ਤੌਰ ’ਤੇ ਮਾਰੀ ਗਈ 50 ਸਾਲਾ ਮਹਿਲਾ ਕਮਲਜੀਤ ਕੌਰ ਦੀ ਲਾਸ਼ ਵਾਲੀ ਐਂਬੂਲੈਂਸ ਨੂੰ ਬਨੂੜ ਦੇ ਥਾਣੇ ਅੱਗੇ ਲਿਆ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਕਿਸਾਨ ਜਥੇਬੰਦੀਆਂ ਨੇ ਸੋਮਵਾਰ ਨੂੰ ਧਰਨਾ ਦਿੱਤਾ। ਧਰਨਾਕਾਰੀਆਂ ਨੇ ਇਸ ਮੌਕੇ ਪੰਜਾਬ ਸਰਕਾਰ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਹ ਦਰਜ ਕੀਤੇ ਕੇਸ ਵਿਚਲੀਆਂ ਧਾਰਾਵਾਂ ਵਿੱਚ ਵਾਧਾ ਕਰਨ ਅਤੇ ਨਾਮਜ਼ਦ ਕੀਤੇ ਗਏ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਸਨ। ਧਰਨਾ ਤਕਰੀਬਨ ਦੋ ਘੰਟੇ ਚੱਲਿਆ।
ਇਸ ਮੌਕੇ ਮ੍ਰਿਤਕਾ ਦੇ ਪਤੀ ਅਮਰਜੀਤ ਸਿੰਘ ਫੌਜੀ, ਪੁੱਤਰ ਗੁਰਸਿਮਰਨ ਸਿੰਘ, ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਛਿੰਦਾ ਬਨੂੜ, ਕਿਸਾਨ ਆਗੂ ਗੁਰਪ੍ਰੀਤ ਸਿੰਘ ਸੇਖਨਮਾਜਰਾ, ਬੰਤ ਸਿੰਘ ਬਨੂੜ, ਸਾਬਕਾ ਸੈਨਿਕ ਜਥੇਬੰਦੀ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪ੍ਰੇਮ ਸਿੰਘ ਬਨੂੜ, ਬਲਾਕ ਮੁਹਾਲੀ ਦੇ ਪ੍ਰਧਾਨ ਕੈਪਟਨ ਬੰਤ ਸਿੰਘ, ਕਮਲਜੀਤ ਸਿੰਘ ਸੇਖਨਮਾਜਰਾ, ਇੰਦਰਜੀਤ ਸਿੰਘ ਖਲੌਰ, ਰੁਪਿੰਦਰ ਸਿੰਘ ਖਲੌਰ ਤੋਂ ਇਲਾਵਾ ਧਰਨੇ ਵਿੱਚ ਵੱਡੀ ਗਿਣਤੀ ਮਹਿਲਾਵਾਂ ਸ਼ਾਮਲ ਸਨ।
ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਪੁਲੀਸ ਵੱਲੋਂ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ’ਤੇ ਕਤਲ ਅਤੇ ਘਰ ਦੇ ਅੰਦਰ ਵੜ ਕੇ ਮ੍ਰਿਤਕਾ ਦੀ ਕੁੱਟਮਾਰ ਕਰਨ ਦੀਆਂ ਧਾਰਾਵਾਂ ਨਹੀਂ ਜੋੜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ ਅਤੇ ਹਾਲੇ ਤੱਕ ਕਿਸੇ ਵੀ ਵਿਅਕਤੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਵਿੱਚ ਜ਼ਖ਼ਮੀ ਹੋਇਆ ਮ੍ਰਿਤਕਾ ਦੇ ਪਰਿਵਾਰ ਦਾ ਇੱਕ ਮੈਂਬਰ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਤੇ ਪੁਲੀਸ ਨੇ ਉਸ ਦੇ ਹਾਲੇ ਤੱਕ ਬਿਆਨ ਵੀ ਦਰਜ ਨਹੀਂ ਕੀਤੇ।
ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਾਂਗੇ: ਥਾਣਾ ਮੁਖੀ
ਥਾਣਾ ਬਨੂੜ ਦੇ ਮੁਖੀ ਹਰਸਿਮਰਨ ਸਿੰਘ ਵੱਲੋਂ ਸਾਰੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਅਤੇ ਕਥਿਤ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਧਰਨਾਕਾਰੀ ਮ੍ਰਿਤਕਾ ਦੇ ਸਸਕਾਰ ਕਰਨ ਲਈ ਰਾਜ਼ੀ ਹੋਏ ਤੇ ਉਨ੍ਹਾਂ ਧਰਨਾ ਚੁੱਕ ਲਿਆ। ਸੰਪਰਕ ਕਰਨ ’ਤੇ ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਵੱਲੋਂ ਪਹਿਲਾਂ ਹੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ।