ਹਰਜੀਤ ਸਿੰਘ
ਜ਼ੀਰਕਪੁਰ, 4 ਅਗਸਤ
ਨਗਰ ਕੌਂਸਲ ਅਧੀਨ ਠੇਕੇ ’ਤੇ ਕੰਮ ਕਰਦੇ ਸਫ਼ਾਈ ਸੇਵਕਾਂ ਨੇ ਅੱਜ ਕੌਂਸਲ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰ ਕੇ ਤਨਖ਼ਾਹ ਵਧਾਉਣ ਅਤੇ ਪੱਕੇ ਕਰਨ ਦੀ ਮੰਗ ਕੀਤੀ। ਮੁਜ਼ਾਹਰਾਕਾਰੀਆਂ ਨੇ ਦੋਸ਼ ਲਾਇਆ ਕਿ ਕੌਂਸਲ ਲੰਮੇਂ ਸਮੇਂ ਤੋਂ ਉਨ੍ਹਾਂ ਦੀ ਮੰਗਾਂ ਵਾਲੇ ਪਾਸੇ ਕੋਈ ਧਿਆਨ ਨਹੀਂ ਦੇ ਰਹੀ, ਜਿਸ ਦੇ ਰੋਸ ਵਜੋਂ ਅੱਜ ਉਨ੍ਹਾਂ ਨੇ ਧਰਨਾ ਦਿੱਤਾ ਹੈ। ਇਸ ਮੌਕੇ ਸਫਾਈ ਸੇਵਕਾਂ ਨੇ ਇਕ ਮੰਗ ਪੱਤਰ ਨਗਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੂੰ ਦਿੱਤਾ।
ਪ੍ਰਧਾਨ ਪ੍ਰਦੀਪ ਸੂਦ ਅਤੇ ਰਵਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਫ਼ਾਈ ਸੇਵਕ ਕੌਂਸਲ ਦਫ਼ਤਰ ਵਿੱਚ ਇਕੱਤਰ ਹੋਏ। ਇਸ ਮੌਕੇ ਸਮੂਹ ਸਫ਼ਾਈ ਸੇਵਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਸ਼ੁਰੂ ਤੋਂ ਹੀ ਅਣਗੌਲਿਆ ਕੀਤਾ ਜਾ ਰਿਹਾ ਹੈ। ਸਫਾਈ ਸੇਵਕਾਂ ਨੂੰ 20 ਸਾਲ ਲੰਘ ਜਾਣ ਦੇ ਬਾਵਜੂਦ ਪੱਕਾ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਸਫ਼ਾਈ ਸੇਵਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਜਦ ਤੱਕ ਸਫਾਈ ਕਾਮਿਆਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਤੱਦ ਤੱਕ ਉਨ੍ਹਾਂ ਨੂੰ 24 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੀ ਲਟਕਦੀਆਂ ਮੰਗਾਂ ਨੂੰ ਛੇਤੀ ਪੂਰਾ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਚਿਤਾਵਨੀ ਦਿੱਤੀ ਜੇਕਰ ਛੇਤੀ ਉਨ੍ਹਾਂ ਦੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।